ਸਮਰਾਲਾ ਰੈਲੀ ਦੀਆਂ ਤਿਆਰੀਆਂ ਸਬੰਧੀ ਮੀਟਿੰਗ ’ਚੋਂ ਸਿੱਧੂ ਸਮਰਥਕ ਗ਼ੈਰਹਾਜ਼ਰ

ਸਮਰਾਲਾ ਰੈਲੀ ਦੀਆਂ ਤਿਆਰੀਆਂ ਸਬੰਧੀ ਮੀਟਿੰਗ ’ਚੋਂ ਸਿੱਧੂ ਸਮਰਥਕ ਗ਼ੈਰਹਾਜ਼ਰ

ਰਾਜਾ ਵੜਿੰਗ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਮਜ਼ਬੂਤ ਹੋਈ: ਗੁਰਪ੍ਰੀਤ ਕਾਂਗੜ
ਮੋਗਾ- ਪੰਜਾਬ ਵਿਚ 11 ਫਰਵਰੀ ਨੂੰ ਲੁਧਿਆਣਾ ਜ਼ਿਲ੍ਹੇ ਦੇ ਸਮਰਾਲਾ ਵਿੱਚ ਹੋਣ ਵਾਲੀ ਰੈਲੀ ਦੀ ਸਫ਼ਲਤਾ ਲਈ ਫ਼ਰੀਦਕੋਟ ਲੋਕ ਸਭਾ ਹਲਕੇ ਦੇ ਕੋਆਰਡੀਨੇਟਰ ਤੇ ਮੋਗਾ ਦੇ ਜ਼ਿਲ੍ਹਾ ਇੰਚਾਰਜ ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਇੱਥੇ ਕਾਂਗਰਸ ਆਗੂਆਂ ਦੀ ਮੀਟਿੰਗ ਸੱਦੀ ਸੀ, ਜਿਸ ਵਿੱਚ ਪਾਰਟੀ ਅਹੁਦੇਦਾਰਾਂ ਦੀ ਹਾਜ਼ਰੀ ਨਾਂਮਾਤਰ ਰਹੀ। ਇਸ ਮੀਟਿੰਗ ਵਿੱਚ ਸਿਰਫ਼ ਹਲਕਾ ਇੰਚਾਰਜ ਤੇ ਕੁਝ ਹੋਰ ਆਗੂ ਸ਼ਾਮਲ ਹੋਏ ਪਰ ਜ਼ਿਲ੍ਹੇ ਦਾ ਸਾਬਕਾ ਮੰਤਰੀ, ਸਾਬਕਾ ਵਿਧਾਇਕ, ਸਾਬਕਾ ਜ਼ਿਲ੍ਹਾ ਪ੍ਰਧਾਨ, ਬਲਾਕ ਪ੍ਰਧਾਨ ਜਾਂ ਕੋਈ ਹੋਰ ਸੀਨੀਅਰ ਯੂਥ ਕਾਂਗਰਸੀ ਆਗੂ ਮੀਟਿੰਗ ਵਿੱਚ ਨਹੀਂ ਪੁੱਜਿਆ। ਸਾਬਕਾ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਮਰਥਕ ਵੀ ਇਸ ਮੀਟਿੰਗ ’ਚੋਂ ਗ਼ੈਰਹਾਜ਼ਰ ਰਹੇ। ਸਮਰਾਲਾ ਰੈਲੀ ਵਿੱਚ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਤੇ ਹੋਰ ਸੀਨੀਅਰ ਲੀਡਰਸ਼ਿਪ ਸ਼ਮੂਲੀਅਤ ਕਰੇਗੀ।

ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੇ ਕਿਹਾ ਕਿ ਸੂਬਾ ਪ੍ਰਧਾਨ ਰਾਜਾ ਵੜਿੰਗ ਦੀ ਅਗਵਾਈ ’ਚ ਪੰਜਾਬ ਕਾਂਗਰਸ ਪਹਿਲਾਂ ਨਾਲੋਂ ਜ਼ਿਆਦਾ ਮਜ਼ਬੂਤ ਹੋਈ ਹੈ ਤੇ ਰਾਜਾ ਵੜਿੰਗ ਨੇ ਹਜ਼ਾਰਾਂ ਦੀ ਗਿਣਤੀ ’ਚ ਅਹੁਦੇਦਾਰੀਆਂ ਵੰਡ ਕੇ ਇਤਿਹਾਸ ਸਿਰਜ ਦਿੱਤਾ ਹੈ। ਨਵਜੋਤ ਸਿੰਘ ਸਿੱਧੂ ਦੇ ਇਸ ਰੈਲੀ ਵਿੱਚ ਸ਼ਾਮਲ ਹੋਣ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਕਾਂਗਰਸ ਇਕ ਲੋਕਤੰਤਰੀ ਪਾਰਟੀ ਹੈ ਜਿਸ ’ਚ ਹਰ ਕੋਈ ਆਪਣੀ ਗੱਲ ਰੱਖ ਸਕਦਾ ਹੈ ਤੇ ਪਾਰਟੀ ਹਾਈ ਕਮਾਂਡ ਦਾ ਫ਼ੈਸਲਾ ਸਾਰਿਆਂ ਨੂੰ ਮੰਨਣਾ ਚਾਹੀਦਾ ਹੈ।ਜ਼ਿਕਰਯੋਗ ਹੈ ਕਿ ਮੋਗਾ ਵਿੱਚ ਬੀਤੀ 21 ਜਨਵਰੀ ਨੂੰ ਪੰਜਾਬ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਰੈਲੀ ਵਿੱਚ ਹੋਏ ਰਿਕਾਰਡ ਤੋੜ ਇਕੱਠ ਨੇ ਪੰਜਾਬ ਕਾਂਗਰਸ ਦੀ ਖਾਨਾਜੰਗੀ ਨੂੰ ਹੋਰ ਸਿਖਰਾਂ ਵੱਲ ਤੋਰ ਦਿੱਤਾ ਹੈ। ਇਸ ਮੌਕੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ, ਮਾਲਵਿਕਾ ਸੂਦ, ਜਗਸੀਰ ਸਿੰਘ ਕਾਲੇਕੇ, ਭੁਪਿੰਦਰ ਸਿੰਘ ਸਾਹੋਕੇ, ਓਪਿੰਦਰ ਸਿੰਘ ਗਿੱਲ, ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ, ਮਨਜੀਤ ਸਿੰਘ ਮਾਨ ਤੇ ਸਾਬਕਾ ਚੇੇਅਰਮੈਨ ਵਿਨੋਦ ਬਾਂਸਲ ਮੌਜੂਦ ਸਨ।