ਸੱਤਾ ’ਚ ਆਉਣ ’ਤੇ ਕਿਸਾਨਾਂ ਨੂੰ ਐੱਮਐੱਸਪੀ ਦਿਆਂਗੇ: ਰਾਹੁਲ

ਸੱਤਾ ’ਚ ਆਉਣ ’ਤੇ ਕਿਸਾਨਾਂ ਨੂੰ ਐੱਮਐੱਸਪੀ ਦਿਆਂਗੇ: ਰਾਹੁਲ

ਜੈਪੁਰ/ਭੋਪਾਲ- ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਅੱਜ ਇੱਥੇ ਕਿਹਾ ਕਿ ਕੇਂਦਰ ਦੀ ਸੱਤਾ ਵਿੱਚ ਆਉਣ ’ਤੇ ਉਨ੍ਹਾਂ ਦੀ ਪਾਰਟੀ ਕਿਸਾਨਾਂ ਨੂੰ ਕਾਨੂੰਨੀ ਤੌਰ ’ਤੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦੇਵੇਗੀ। ‘ਭਾਰਤ ਜੋੜੋ ਨਿਆਏ’ ਦੇ ਮੱਧ ਪ੍ਰਦੇਸ਼ ਵਿੱਚ ਦਾਖ਼ਲ ਹੋਣ ਮਗਰੋਂ ਮੁਰੈਨਾ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰਦਿਆਂ ਰਾਹੁਲ ਨੇ ਦੋਸ਼ ਲਾਇਆ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਦਸ ਤੋਂ 15 ਉਦਯੋਗਪਤੀਆਂ ਦੇ 16 ਲੱਖ ਕਰੋੜ ਰੁਪਏ ਦਾ ਵਿਆਜ ਮੁਆਫ ਕੀਤਾ ਪਰ ਕਿਸਾਨਾਂ ਨੂੰ ਐੱਮਐੱਸਪੀ ਦੇਣ ਤੋਂ ਨਾਂਹ ਕਰ ਦਿੱਤੀ। ਪੰਜਾਬ ਅਤੇ ਹਰਿਆਣਾ ਵਿੱਚ ਕਿਸਾਨ ਜਥੇਬੰਦੀਆਂ ਮੌਜੂਦਾ ਸਮੇਂ ਫ਼ਸਲਾਂ ਲਈ ਕਾਨੂੰਨੀ ਤੌਰ ’ਤੇ ਗਾਰੰਟੀਸ਼ੁਦਾ ਐੱਮਐੱਸਪੀ ਲਈ ਅੰਦੋਲਨ ਕਰ ਰਹੀਆਂ ਹਨ। ਰਾਹੁਲ ਨੇ ਦਾਅਵਾ ਕੀਤਾ ਕਿ ਹੋਰ ਪੱਛੜੇ ਵਰਗ, ਦਲਿਤ ਅਤੇ ਆਦਿਵਾਸੀਆਂ ਸਣੇ ਦੇਸ਼ ਦੇ 73 ਫ਼ੀਸਦੀ ਲੋਕਾਂ ਦੀ ਸਰਕਾਰ ਅਤੇ ਹੋਰ ਵੱਖ ਵੱਖ ਖੇਤਰਾਂ ਵਿੱਚ ਕੋਈ ਪ੍ਰਤੀਨਿਧਤਾ ਨਹੀਂ ਹੈ ਅਤੇ ਜਾਤੀ ਜਨਗਣਨਾ ਉਨ੍ਹਾਂ ਲਈ ਨਿਆਂ ਯਕੀਨੀ ਬਣਾਵੇਗੀ। ਕਾਂਗਰਸ ਨੇਤਾ ਨੇ ਕਿਹਾ ਕਿ ਜਾਤੀ ਜਨਗਣਨਾ ਵੱਖ ਵੱਖ ਖੇਤਰਾਂ ਵਿੱਚ ਇਨ੍ਹਾਂ ਭਾਈਚਾਰਿਆਂ ਦੀ ਬਰਾਬਰ ਭਾਗੀਦਾਰੀ ਯਕੀਨੀ ਬਣਾਵੇਗੀ। ‘ਭਾਰਤ ਜੋੜੋ ਨਿਆਏ ਯਾਤਰਾ’ ਅੱਜ ਰਾਜਸਥਾਨ ਦੇ ਥੌਲਪੁਰ ਜ਼ਿਲ੍ਹੇ ਤੋਂ ਮੱਧ ਪ੍ਰਦੇਸ਼ ਵਿੱਚ ਦਾਖ਼ਲ ਹੋ ਗਈ।