ਲੋਕ ਸਭਾ ਚੋਣਾਂ ’ਚ ਚੈੱਕਾਂ ਰਾਹੀਂ ਕੀਤੇ ਜਾਣ ਸਾਰੇ ਖ਼ਰਚ: ਚੋਣ ਕਮਿਸ਼ਨ

ਲੋਕ ਸਭਾ ਚੋਣਾਂ ’ਚ ਚੈੱਕਾਂ ਰਾਹੀਂ ਕੀਤੇ ਜਾਣ ਸਾਰੇ ਖ਼ਰਚ: ਚੋਣ ਕਮਿਸ਼ਨ

  • ਉਮੀਦਵਾਰਾਂ ਨੂੰ ਮੁਹੱਈਆਂ ਕਰਵਾਈਆਂ ਜਾਣਗੀਆਂ ਚੈੱਕ ਬੁੱਕਾਂ
    ਲਖਨਊ- ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਅੱਜ ਕਿਹਾ ਕਿ ਅਗਾਮੀ ਲੋਕ ਸਭਾ ਚੋਣਾਂ ਨਾਲ ਸਬੰਧਤ ਸਾਰੇ ਖਰਚੇ ਚੈੱਕਾਂ ਰਾਹੀਂ ਕੀਤੇ ਜਾਣਗੇ ਅਤੇ ਕਿਸੇ ਨੂੰ ਤਾਕਤ ਤੇ ਪੈਸੇ ਦੀ ਦੁਰਵਰਤੋਂ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉੱਤਰ ਪ੍ਰਦੇਸ਼ ਵਿੱਚ ਅਗਾਮੀ ਚੋਣਾਂ ਦੀਆਂ ਤਿਆਰੀਆਂ ਦੀ ਸਮੀਖਿਆ ਕਰਨ ਮਗਰੋਂ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਚੋਣ ਕਮਿਸ਼ਨਰ ਨੇ ਕਿਹਾ ਕਿ ਉਮੀਦਵਾਰਾਂ ਨੂੰ ਡਿਜੀਟਲ ਲੈਣ-ਦੇਣ ਲਈ ਉਤਸ਼ਾਹਿਤ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ 200 ਚੈੱਕਾਂ ਵਾਲੀਆਂ ਚੈੱਕ ਬੁੱਕਾਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਉਮੀਦਵਾਰਾਂ ਦੀ ਮੰਗ ਮੁਤਾਬਕ ਬੈਂਕਾਂ ਵੱਲੋਂ 50-50 ਚੈੱਕਾਂ ਵਾਲੀਆਂ ਚਾਰ ਗ਼ੈਰ-ਵਿਅਕਤੀਗਤ ਚੈੱਕ ਬੁੱਕਾਂ (ਜਿਨ੍ਹਾਂ ’ਤੇ ਕਿਸੇ ਦਾ ਨਾਂ ਨਹੀਂ ਹੋਵੇਗਾ) ਉਸੇ ਦਿਨ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ 200 ਚੈੱਕਾਂ ਵਾਲੀ ਇੱਕ ਵਿਅਕਤੀਗਤ ਚੈੱਕ ਬੁੱਕ ਚਾਰ ਦਿਨਾਂ ਦੇ ਅੰਦਰ ਮੁਹੱਈਆ ਕਰਵਾਈ ਜਾਵੇਗੀ। ਮੁੱਖ ਚੋਣ ਕਮਿਸ਼ਨ ਨੇ ਇਸ ਦੌਰਾਨ ਸਾਰੇ ਜ਼ਿਲ੍ਹਾ ਮੈਜਿਸਟਰੇਟਾਂ ਅਤੇ ਐੱਸਪੀਜ਼ ਨੂੰ ਚੋਣਾਂ ਦੌਰਾਨ ਪੱਖਪਾਤੀ ਰਵੱਈਆ ਅਪਣਾਉਣ ਵਾਲੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਕਿਹਾ ਕਿ ਸਾਰੇ ਜ਼ਿਲ੍ਹਾਂ ਮੈਜਿਸਟਰੇਟਾਂ ਅਤੇ ਪੁਲੀਸ ਸੁਪਰਡੈਂਟਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਸਾਰੀਆਂ ਸਿਆਸੀ ਪਾਰਟੀਆਂ ਨੂੰ ਚੋਣਾਂ ਲੜਨ ਲਈ ਬਰਾਬਰ ਦੇ ਮੌਕੇ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਅਤੇ ਪੱਖਪਾਤੀ ਰਵੱਈਆ ਅਪਣਾਉਣ ਵਾਲੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ। ਇਸ ਮੌਕੇ ਚੋਣ ਕਮਿਸ਼ਨਰ ਅਰੁਣ ਗੋਇਲ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਫਰਜ਼ੀ ਖ਼ਬਰਾਂ ਨੂੰ ਰੋਕਣ ਲਈ ਜ਼ਿਲ੍ਹਾ ਪੱਧਰ ’ਤੇ ਸੋਸ਼ਲ ਮੀਡੀਆ ਸੈੱਲ ਬਣਾਉਣ ਦੇ ਵੀ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ, ‘‘ਈਵੀਐੱਮ ਨੂੰ ਇੱਧਰ-ਉੱਧਰ ਲਿਜਾਣ ਲਈ ਅਧਿਕਾਰਿਤ ਵਾਹਨਾਂ ਦੀ ਵਰਤੋਂ ਹੋਣੀ ਚਾਹੀਦੀ ਹੈ ਜੋ ਜੀਪੀਐੱਸ ਟਰੈਕਿੰਗ ਨਾਲ ਲੈਸ ਹੋਣ।’’ ਇਸ ਦੌਰਾਨ ਮੁੱਖ ਚੋਣ ਕਮਿਸ਼ਨਰ ਨੇ ਸਿਆਸੀ ਪਾਰਟੀਆਂ ਦੇ ਈਵੀਐੱਮ ਨਾਲ ਛੇੜਛਾੜ ਹੋਣ ਸਬੰਧੀ ਜਤਾਏ ਜਾ ਰਹੇ ਖਦਸ਼ਿਆਂ ਨੂੰ ਨਕਾਰ ਦਿੱਤਾ। –