ਲੋਕ ਸੇਵਾ ਲਈ ਸਿਆਸਤ ’ਚ ਆਇਆ ਹਾਂ: ਕਰਮਜੀਤ ਅਨਮੋਲ

ਲੋਕ ਸੇਵਾ ਲਈ ਸਿਆਸਤ ’ਚ ਆਇਆ ਹਾਂ: ਕਰਮਜੀਤ ਅਨਮੋਲ

ਭਗਤਾ ਭਾਈ- ਹਲਕਾ ਫ਼ਰੀਦਕੋਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਮਜੀਤ ਅਨਮੋਲ ਨੇ ਕਿਹਾ ਹੈ ਕਿ ਉਹ ਸਿਆਸਤ ਵਿੱਚ ਲੋਕ ਸੇਵਾ ਲਈ ਆਏ ਹਨ ਅਤੇ ਉਨ੍ਹਾਂ ਦਾ ਮੁੱਖ ਏਜੰਡਾ ਹਲਕੇ ਦੇ ਲੋਕਾਂ ਦੀ ਸੇਵਾ ਕਰਨਾ ਹੈ। ਪਿੰਡ ਕੋਠਾ ਗੁਰੂ ਵਿੱਚ ਚੋਣ ਪ੍ਰਚਾਰ ਦੌਰਾਨ ਉਨ੍ਹਾਂ ਕਿਹਾ ਕਿ ਪਹਿਲੀਆਂ ਸਰਕਾਰਾਂ ਵੱਲੋਂ ਧਿਆਨ ਨਾਲ ਦਿੱਤੇ ਜਾਣ ਕਾਰਨ ਫ਼ਰੀਦਕੋਟ ਵਿਕਾਸ ਪੱਖੋਂ ਕਾਫੀ ਪਛੜਿਆ ਹੋਇਆ ਹੈ, ਪਰ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਹਲਕੇ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਵਿਧਾਇਕ ਮਾਸਟਰ ਜਗਸੀਰ ਸਿੰਘ, ਨਗਰ ਸੁਧਾਰ ਟਰੱਸਟ ਬਠਿੰਡਾ ਦੇ ਚੇਅਰਮੈਨ ਜਤਿੰਦਰ ਸਿੰਘ ਭੱਲਾ ਅਤੇ ਪੰਜਾਬੀ ਗਾਇਕ ਗੁਰਵਿੰਦਰ ਸਿੰਘ ਬਰਾੜ ਨੇ ਕਿਹਾ ਕਿ ਪੰਜਾਬ ਨੂੰ ਬਚਾਉਣ ਲਈ ਇਮਾਨਦਾਰ ਲੀਡਰਾਂ ਦੀ ਜ਼ਰੂਰਤ ਹੈ। ਚੇਅਰਮੈਨ ਜਤਿੰਦਰ ਸਿੰਘ ਭੱਲਾ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਵੱਲੋਂ ਕਰਮਜੀਤ ਅਨਮੋਲ ਦਾ ਸਨਮਾਨ ਕੀਤਾ ਗਿਆ। ਇਸੇ ਦੌਰਾਨ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਨਾਲ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਆਗੂਆਂ ਨੇ ਮੀਟਿੰਗ ਕਰ ਕੇ ਲੰਬੇ ਸਮੇਂ ਤੋਂ ਲਟਕਦੇ ਕਿਸਾਨਾਂ ਤੇ ਮਜ਼ਦੂਰਾਂ ਦੇ ਮਸਲਿਆਂ ਸਬੰਧੀ ਤਿੱਖੇ ਸਵਾਲ ਕੀਤੇ। ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਬਸੰਤ ਸਿੰਘ ਕੋਠਾ ਗੁਰੂ, ਜਸਪਾਲ ਸਿੰਘ ਪਾਲਾ, ਔਰਤ ਆਗੂ ਮਾਲਣ ਕੌਰ ਤੇ ਮਜ਼ਦੂਰ ਆਗੂ ਤੀਰਥ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਉਨ੍ਹਾਂ ਦੇ ਮਸਲੇ ਹੱਲ ਕਰਨ ਦੀ ਬਜਾਇ ਲਾਰੇ ਲੱਪੇ ਲਗਾਏ ਜਾ ਰਹੇ ਹਨ। ਕਰਮਜੀਤ ਅਨਮੋਲ ਨੇ ਭਰੋਸਾ ਦਿੱਤਾ ਕਿ ਉਹ ਜਥੇਬੰਦੀਆਂ ਦੀ ਮੁੱਖ ਮੰਤਰੀ ਨਾਲ ਜਲਦ ਮੀਟਿੰਗ ਕਰਵਾਉਣਗੇ।