ਦੇਸ਼ ਦੀ ਤਰੱਕੀ ਅਤੇ ਵਿਕਾਸ ਦੀ ਕਾਮਨਾ ਨਾਲ – ਤਖਤ ਸ੍ਰੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ ਨਰਿੰਦਰ ਮੋਦੀ

ਦੇਸ਼ ਦੀ ਤਰੱਕੀ ਅਤੇ ਵਿਕਾਸ ਦੀ ਕਾਮਨਾ ਨਾਲ – ਤਖਤ ਸ੍ਰੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ ਨਰਿੰਦਰ ਮੋਦੀ

ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਸਾਨੂੰ ਸਾਰਿਆਂ ਨੂੰ ਪ੍ਰੇਰਿਤ ਅਤੇ ਮਾਰਗਦਰਸ਼ਨ ਕਰਦੀਆਂ ਰਹਿਣਗੀਆਂ : ਪ੍ਰਧਾਨ ਮੰਤਰੀ

ਪਟਨਾ : ਬਿਹਾਰ ਦੌਰੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਟਨਾ ਸ਼ਹਿਰ ਵਿਖੇ ਪੁੱਜੇ। ਇਥੇ ਉਨ੍ਹਾਂ ਨੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਮੱਥਾ ਟੇਕਿਆ। ਪ੍ਰਧਾਨ ਮੰਤਰੀ ਦੀ ਤਖ਼ਤ ਸ੍ਰੀ ਪਟਨਾ ਸਾਹਿਬ ਦੀ ਫੇਰੀ ਦੇ ਮੱਦੇਨਜ਼ਰ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਸਨ। ਪ੍ਰਧਾਨ ਮੰਤਰੀ ਮੋਦੀ ਨੇ ਕੇਸਰੀ ਦਸਤਾਰ ਸਜਾ ਕੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਦਰਸ਼ਨ ਕੀਤੇ। ਉਨ੍ਹਾਂ ਨੇ ਲੰਗਰ ’ਚ ਸੇਵਾ ਕਰਨ ਦੇ ਨਾਲ-ਨਾਲ ਸੰਗਤਾਂ ਨੂੰ ਲੰਗਰ ਵੀ ਵਰਤਾਇਆ। ਇਸ ਦੌਰਾਨ ਗੁਰਦੁਆਰਾ ਸਾਹਿਬ ਦੀ ਮਰਿਆਦਾ ਅਨੁਸਾਰ ਪ੍ਰਧਾਨ ਮੰਤਰੀ ਦਾ ਸਵਾਗਤ ਕੀਤਾ ਗਿਆ। ਪਟਨਾ ਸਾਹਿਬ ਦੇ ਭਾਜਪਾ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਰਵੀਸ਼ੰਕਰ ਪ੍ਰਸਾਦ ਵੀ ਇਸ ਦੌਰਾਨ ਉਨ੍ਹਾਂ ਨਾਲ ਹਾਜ਼ਰ ਸਨ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਪਵਿੱਤਰ ਅਸਥਾਨ ਦੇ ਬ੍ਰਹਮਤਾ, ਸ਼ਾਂਤੀ ਤੇ ਅਮੀਰ ਇਤਿਹਾਸ ਦਾ ਅਨੁਭਵ ਕਰਕੇ ਸੱਚਮੁੱਚ ਧੰਨ ਮਹਿਸੂਸ ਹੋ ਰਿਹਾ ਹੈ। ਇਸ ਗੁਰਦੁਆਰਾ ਸਾਹਿਬ ਦਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਡੂੰਘਾ ਸੰਬੰਧ ਹੈ। ਉਨ੍ਹਾਂ ਦੇ 350ਵੇਂ ਪ੍ਰਕਾਸ਼ ਪੁਰਬ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਦਾ ਮਾਣ ਸਾਡੀ ਸਰਕਾਰ ਨੂੰ ਮਿਲਿਆ। ਪ੍ਰਧਾਨ ਮੰਤਰੀ ਨੇ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਦੌਰੇ ਤੋਂ ਤੁਰੰਤ ਬਾਅਦ ‘ਐਕਸ’ ’ਤੇ ਇਕ ਪੋਸਟ ’ਚ ਲਿਖਿਆ ਕਿ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਸਾਨੂੰ ਸਾਰਿਆਂ ਨੂੰ ਪ੍ਰੇਰਿਤ ਅਤੇ ਮਾਰਗਦਰਸ਼ਨ ਕਰਦੀਆਂ ਰਹਿਣਗੀਆਂ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸਿੱਖ ਧਰਮ ਸਮਾਨਤਾ, ਨਿਆਂ ਅਤੇ ਦਇਆ ਦੇ ਸਿਧਾਂਤਾਂ ’ਤੇ ਆਧਾਰਿਤ ਹੈ। ਸਿੱਖ ਧਰਮ ਦੇ ਦਿਲ ’ਚ ਸੇਵਾ ਹੈ। ਮੈਨੂੰ ਵੀ ਅੱਜ ਸਵੇਰੇ ਪਟਨਾ ਵਿਚ ਸੇਵਾ ਵਿਚ ਹਿੱਸਾ ਲੈਣ ਦਾ ਸਨਮਾਨ ਮਿਲਿਆ। ਇਹ ਬਹੁਤ ਨਿਮਰਤਾ ਵਾਲਾ ਅਤੇ ਵਿਸ਼ੇਸ਼ ਅਨੁਭਵ ਸੀ। ਦੱਸਣਯੋਗ ਹੈ ਕਿ ਪ੍ਰਬੰਧਕ ਕਮੇਟੀ ਵਲੋਂ ਪਹਿਲਾਂ ਤੋਂ ਹੀ ਪ੍ਰਧਾਨ ਮੰਤਰੀ ਦੀ ਆਮਦ ਨੂੰ ਲੈ ਕੇ ਤਿਆਰੀਆਂ ਕੀਤੀਆਂ ਗਈਆਂ ਸਨ। ਨਰਿੰਦਰ ਮੋਦੀ ਅਜਿਹੇ ਪਹਿਲੇ ਪ੍ਰਧਾਨ ਮੰਤਰੀ ਹਨ ਜਿਨ੍ਹਾਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਜਨਮ ਅਸਥਾਨ ਦੇ ਦਰਸ਼ਨ ਕੀਤੇ ਹਨ। ਇਸ ਦੌਰਾਨ ਸਾਬਕਾ ਕੇਂਦਰੀ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਪ੍ਰਧਾਨ ਮੰਤਰੀ ਦੀ ਯਾਤਰਾ ਤੋਂ ਬਾਅਦ ਪੱਤਰਕਾਰਾਂ ਨੂੰ ਕਿਹਾ ਕਿ ਇਹ ਇਕ ਇਤਿਹਾਸਕ ਦਿਨ ਹੈ ਅਤੇ ਸਾਡੇ ਲਈ ਬੜੇ ਮਾਣ ਵਾਲੀ ਗੱਲ ਹੈ। ਨਰਿੰਦਰ ਮੋਦੀ ਪਹਿਲੇ ਪ੍ਰਧਾਨ ਮੰਤਰੀ ਹਨ ਜਿਨ੍ਹਾਂ ਨੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦਾ ਦੌਰਾ ਕੀਤਾ। ਉਨ੍ਹਾਂ ਨੇ ਪੱਤਰਕਾਰਾਂ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਗੁਰਦੁਆਰਾ ਸਾਹਿਬ ਵਿਖੇ ਲੰਗਰ ਬਣਵਾਇਆ, ਪ੍ਰਸ਼ਾਦੇ ਤਿਆਰ ਕਰਵਾਏ ਅਤੇ ਪੰਗਤਾਂ ’ਚ ਬੈਠੀਆਂ ਸੰਗਤਾਂ ਨੂੰ ਲੰਗਰ ਵੀ ਵਰਤਾਇਆ।