ਭਾਈ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਲਈ ਅਮਰੀਕਾ ’ਚ ਹੋ ਰਹੇ ਹਨ ਵੱਡੇ ਉਦਮ- ਸਿੱਖ ਵਕੀਲ ਸ੍ਰ. ਜਸਪ੍ਰੀਤ ਸਿੰਘ ਨੇ ਉਪ ਰਾਸ਼ਟਰਪਤੀ ਕਮਲਾ ਹੈਰਿਸ ਨਾਲ ਕੀਤੀ ਮੁਲਾਕਾਤ

ਭਾਈ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਲਈ ਅਮਰੀਕਾ ’ਚ ਹੋ ਰਹੇ ਹਨ ਵੱਡੇ ਉਦਮ- ਸਿੱਖ ਵਕੀਲ ਸ੍ਰ. ਜਸਪ੍ਰੀਤ ਸਿੰਘ ਨੇ ਉਪ ਰਾਸ਼ਟਰਪਤੀ ਕਮਲਾ ਹੈਰਿਸ ਨਾਲ ਕੀਤੀ ਮੁਲਾਕਾਤ

100 ਅਮਰੀਕਨ ਸੰਸਦ ਮੈਂਬਰਾਂ ਤੱਕ ਕੀਤੀ ਜਾਵੇਗੀ ਪਹੁੰਚ

ਨਿਊਯਾਰਕ, (ਰਾਜ ਗੋਗਨਾ)- ਭਾਈ ਅੰਮ੍ਰਿਤਪਾਲ ਸਿੰਘ ਲੋਕ ਸਭਾ ਚੋਣਾਂ ਜਿੱਤ ਚੁੱਕਾ ਹੈ। ਸੰਸਦ ਮੈਂਬਰ ਬਣਦੇ ਹੀ ਭਾਈ ਅੰਮ੍ਰਿਤਪਾਲ ਸਿੰਘ ਦੇ ਚਾਹੁਣ ਵਾਲੇ ਐਕਟਿਵ ਹੋ ਗਏ ਹਨ। ਹਾਲਾਤ ਇਹ ਹਨ ਕਿ ਅੰਮ੍ਰਿਤਪਾਲ ਨੂੰ ਲੈ ਕੇ ਹਲਚਲ ਅਮਰੀਕਾ ਤੱਕ ਵੀ ਵਧ ਗਈ ਹੈ। ਨਾਮਵਰ ਅਮਰੀਕੀ ਵਕੀਲ ਸ: ਜਸਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਡਿਬਰੂਗੜ੍ਹ ਆਸਾਮ ਦੀ ਜੇਲ੍ਹ ਵਿੱਚ ਇਕ ਸਾਲ ਤੋ ਵੱਧ ਬੰਦ ਭਾਈ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਲਈ ਅਮਰੀਕਾ ਦੀ ਭਾਰਤੀ ਮੂਲ ਦੀ ਉਪ-ਰਾਸ਼ਟਰਪਤੀ ਕਮਲਾ ਹੈਰਿਸ ਕੋਲ ਪਹੁੰਚ ਕੀਤੀ ਹੈ।
ਭਾਈ ਅੰਮ੍ਰਿਤਪਾਲ ਸਿੰਘ ਦੀ ਨਜ਼ਰਬੰਦੀ ਬੇਇਨਸਾਫ਼ੀ : ਭਾਈ ਅੰਮ੍ਰਿਤਪਾਲ ਸਿੰਘ ਨੇ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਖਡੂਰ-ਸਾਹਿਬ ਸੀਟ ਤੋਂ ਜੇਲ੍ਹ ਵਿੱਚ ਨਜ਼ਰਬੰਦ ਹੁੰਦੇ ਹੋਏ ਜਿੱਤ ਹਾਸਲ ਕੀਤੀ ਹੈ। ਭਾਈ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਸਖ਼ਤ ਅੱਤਵਾਦ ਵਿਰੋਧੀ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਅਮਰੀਕਨ-ਸਿੱਖ ਵਕੀਲ ਸ: ਜਸਪ੍ਰੀਤ ਸਿੰਘ ਨੂੰ ਅਮਰੀਕਾ ਦੀ ਭਾਰਤੀ ਮੂਲ ਦੀ ਉਪ-ਰਾਸ਼ਟਰਪਤੀ ਕਮਲਾ ਹੈਰਿਸ ਨੂੰ 11 ਜੂਨ ਦਿਨ ਮੰਗਲਵਾਰ ਨੂੰ ਮਿਲਣ ਦਾ ਸਮਾਂ ਦਿੱਤਾ ਗਿਆ ਹੈ, ਜਿਸ ਵਿੱਚ ਉਹ ਭਾਈ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦੀ ਅਪੀਲ ਕਰਨਗੇ। ਦੱਸਣਯੋਗ ਹੈ ਕਿ ਆਸਾਮ ਰਾਜ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਭਾਈ ਅੰਮ੍ਰਿਤਪਾਲ ਸਿੰਘ ਨੇ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਆਜ਼ਾਦ ਉਮੀਦਵਾਰ ਵਜੋਂ ਖਡੂਰ-ਸਾਹਿਬ ਸੀਟ ਤੋਂ ਭਾਰੀ ਬਹੁਮਤ ਨਾਲ ਜਿੱਤ ਹਾਸਲ ਕੀਤੀ ਹੈ। ਭਾਈ ਅੰਮ੍ਰਿਤਪਾਲ ਸਿੰਘ ’ਤੇ ਅੱਤਵਾਦੀ ਗਤੀਵਿਧੀਆਂ ਦਾ ਮਾਮਲਾ ਦਰਜ ਕੀਤਾ ਗਿਆ ਹੈ ਪਰ ਅਮਰੀਕੀ ਵਕੀਲ ਜਸਪ੍ਰੀਤ ਸਿੰਘ ਨੇ ਕਿਹਾ ਕਿ ਉਸ ਦੀ ਨਜ਼ਰਬੰਦੀ ਬੇਇਨਸਾਫ਼ੀ ਹੈ।
100 ਤੋਂ ਵੱਧ ਅਮਰੀਕੀ ਕਾਂਗਰਸੀਆਂ ਨਾਲ ਗੱਲਬਾਤ ਕਰਨ ਦੀ ਯੋਜਨਾ : ਅਮਰੀਕੀ ਅਟਾਰਨੀ ਜਸਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਉਸ ਨੇ ਇਸ ਕੇਸ ਦਾ ਡੂੰਘਾਈ ਨਾਲ ਅਧਿਐਨ ਕੀਤਾ ਹੈ ਅਤੇ ਉਸ ਦਾ ਮੰਨਣਾ ਹੈ ਕਿ ਅੰਮ੍ਰਿਤਪਾਲ ਸਿੰਘ ਦੀ ਨਜ਼ਰਬੰਦੀ ਇਕ “ਬੇਇਨਸਾਫ਼ੀ” ਹੈ। ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਦੇ ਮੋਗਾ ਜ਼ਿਲ੍ਹੇ ਵਿੱਚ ਆਤਮ ਸਮਰਪਣ ਕਰਨ ਤੋਂ ਬਾਅਦ ਲੰਘੀ ਅਪ੍ਰੈਲ 2023 ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਖਡੂਰ ਸਾਹਿਬ ਦੇ ਲੋਕਾਂ ਨੇ ਜੇਲ੍ਹ ਵਿਚ ਬੈਠੇ ਭਾਈ ਅੰਮ੍ਰਿਤਪਾਲ ਸਿੰਘ ਨੂੰ ਭਾਰੀ ਬਹੁਮਤ ਨਾਲ ਵੋਟਾਂ ਪਾ ਕੇ ਜਿਤਾਇਆ ਹੈ ਅਤੇ ਉਹ ਸੰਸਦ ਮੈਂਬਰ ਬਣਿਆ ਹੈ। ਅਮਰੀਕੀ ਅਟਾਰਨੀ ਜਸਪ੍ਰੀਤ ਸਿੰਘ ਨੇ ਭਾਈ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਲਈ ਭਾਰਤ ਸਰਕਾਰ ’ਤੇ ਦਬਾਅ ਬਣਾਉਣ ਲਈ 100 ਤੋਂ ਵੱਧ ਅਮਰੀਕੀ ਕਾਂਗਰਸੀਆਂ ਨਾਲ ਵੀ ਗੱਲਬਾਤ ਕਰਨ ਦੀ ਯੋਜਨਾ ਬਣਾਈ ਹੈ। ਇਸ ਤੋਂ ਇਲਾਵਾ ਭਾਈ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦੇ ਹੱਕ ਵਿਚ ਨਿੱਤਰੇ ਅਮਰੀਕਾ ਦੇ ਗੁਰੂ ਘਰਾਂ ਦੇ ਨੁਮਾਇੰਦੇ, ਧਾਰਮਿਕ ਜਥੇਬੰਦੀਆਂ, ਭਾਰਤੀ ਮੂਲ ਦੇ ਕਈ ਸਿਆਸੀ ਸਿੱਖ ਆਗੂ ਉਸ ਦੀ ਰਿਹਾਈ ਦੇ ਹੱਕ ਵਿੱਚ ਅਟਾਰਨੀ ਜਸਪ੍ਰੀਤ ਸਿੰਘ ਦੇ ਨਾਲ ਅੱਗੇ ਆਏ ਹਨ।
20 ਅਮਰੀਕੀ ਨੇਤਾਵਾਂ ਨਾਲ ਸੰਪਰਕ : ਅਟਾਰਨੀ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ 20 ਦੇ ਕਰੀਬ ਅਮਰੀਕਾ ਦੇ ਕਾਂਗਰਸਮੈਨਾਂ ਨਾਲ ਸੰਪਰਕ ਹੋ ਚੁੱਕਾ ਹੈ। ਭਾਰਤ ਨਾਲ ਅਮਰੀਕਾ ਦੇ ਬਹੁਤ ਚੰਗੇ ਸਬੰਧ ਹੋਣ ਕਾਰਨ ਅਮਰੀਕਾ ਸਰਕਾਰ ਦੀ ਦਖਲਅੰਦਾਜੀ ਨਾਲ ਉਸ ਦੀ ਰਿਹਾਈ ਕਰਵਾਈ ਜਾਵੇਗੀ। ਅਟਾਰਨੀ ਜਸਪ੍ਰੀਤ ਸਿੰਘ ਨੇ ਕਿਹਾ ਕਿ ‘ਉਹ ਪਿਛਲੇ ਦੋ-ਤਿੰਨ ਮਹੀਨਿਆਂ ਵਿੱਚ ਉੱਪ ਰਾਸ਼ਟਰਪਤੀ ਕਮਲਾ ਹੈਰਿਸ ਨੂੰ ਦੋ ਵਾਰ ਮਿਲਿਆ ਹੈ। ਉਸ ਨੇ ਉਨ੍ਹਾਂ ਨਾਲ ਭਾਰਤੀ ਮੂਲ ਦੇ ਲੋਕਾਂ ਦੇ ਕਈ ਇਮੀਗ੍ਰੇਸ਼ਨ ਮੁੱਦਿਆਂ ਬਾਰੇ ਅਹਿਮ ਗੱਲਬਾਤ ਕੀਤੀ ਅਤੇ ਹੁਣ ਉਹ ਭਾਈ ਅੰਮ੍ਰਿਤਪਾਲ ਸਿੰਘ ਦੇ ਮੁੱਦੇ ’ਤੇ ਉਸ ਨੂੰ ਜੇਲ੍ਹ ਤੋ ਰਿਹਾਅ ਕਰਵਾਉਣ ਬਾਰੇ ਗੱਲਬਾਤ ਕਰਨਗੇ। ਦੱਸਣਯੋਗ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਨੇ ਕਾਂਗਰਸ ਦੇ ਕੁਲਬੀਰ ਸਿੰਘ ਜੀਰਾ ਖ਼ਿਲਾਫ ਕਰੀਬ ਦੋ ਲੱਖ ਵੋਟਾਂ ਦੇ ਫਰਕ ਨਾਲ ਜਿੱਤ ਦਰਜ ਕੀਤੀ ਹੈ।
ਵਿਸਤ੍ਰਿਤ ਰਿਪੋਰਟਾਂ ਅਤੇ ਪੱਤਰ ਕੀਤੇ ਤਿਆਰ : ਅਟਾਰਨੀ ਜਸਪ੍ਰੀਤ ਸਿੰਘ ਨੇ ਕਿਹਾ, ‘ਭਾਈ ਅੰਮ੍ਰਿਤਪਾਲ ਸਿੰਘ ਦੀ ਜਿੱਤ ਬਹੁਤ ਵੱਡੀ ਸੀ ਅਤੇ ਉਸ ਦੀ ਲਗਾਤਾਰ ਨਜ਼ਰਬੰਦੀ ਮਨੁੱਖੀ ਅਧਿਕਾਰਾਂ ’ਤੇ ਗੰਭੀਰ ਸਵਾਲ ਖੜ੍ਹੇ ਕਰਦੀ ਹੈ। ਜਸਪ੍ਰੀਤ ਜੋ ਅਮਰੀਕਾ ਵਿੱਚ ਵੱਖ-ਵੱਖ ਸਿੱਖ ਸੰਸਥਾਵਾਂ ਦੀ ਨੁਮਾਇੰਦਗੀ ਕਰਦਾ ਹੈ ਅਤੇ ਅਮਰੀਕਾ ਵਿੱਚ ਇੱਕ ਵਿਆਪਕ ਗਾਹਕ ਅਧਾਰ ਰੱਖਦਾ ਹੈ, ਨੇ ਜ਼ੋਰ ਦੇ ਕੇ ਕਿਹਾ ਕਿ ਇਸ ਕੇਸ ਨੇ ਕਈ ਅਮਰੀਕੀ ਨੇਤਾਵਾਂ ਦਾ ਧਿਆਨ ਖਿੱਚਿਆ ਹੈ, ਜਿਸ ਵਿੱਚ ਉਪ-ਰਾਸ਼ਟਰਪਤੀ ਕਮਲਾ ਹੈਰਿਸ ਵੀ ਸ਼ਾਮਲ ਹਨ। ਜਿਨ੍ਹਾਂ ਨਾਲ ਅਮਰੀਕੀ ਸਿੰਘ ਸੰਪਰਕ ਵਿੱਚ ਹਨ। ਅਟਾਰਨੀ ਸ੍ਰ. ਜਸਪ੍ਰੀਤ ਸਿੰਘ ਜਿਨ੍ਹਾਂ ਦਾ ਇਮੀਗ੍ਰੇਸ਼ਨ ਮੁੱਦਿਆਂ ਦੀ ਵਕਾਲਤ ਕਰਨ ਅਤੇ ਨਫ਼ਰਤੀ ਅਪਰਾਧਾਂ ਦਾ ਮੁਕਾਬਲਾ ਕਰਨ ਦਾ ਅਮਰੀਕਾ ਵਿੱਚ ਇੱਕ ਲੰਬਾ ਇਤਿਹਾਸ ਹੈ, ਨੇ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਉਹ ਭਾਰਤ ਨਾਲ ਸਬੰਧਤ ਮੁੱਦੇ ਨੂੰ ਇੰਨੇ ਉਤਸ਼ਾਹ ਨਾਲ ਉਠਾ ਰਿਹਾ ਹੈ। ਅਟਾਰਨੀ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਇਸ ਮਾਮਲੇ ’ਤੇ ਚਰਚਾ ਕਰਨ ਲਈ ਉਹ ਅਮਰੀਕਾ ਦੇ ਰਾਜ ਨੇਵਾਡਾ ਤੋਂ ਸੈਨੇਟਰ ਜੈਕਲੀਨ ਸ਼ੈਰਲ ਰੋਜ਼ਨ ਅਤੇ ਐਰੀਜ਼ੋਨਾ ਤੋਂ ਕਾਂਗਰਸਮੈਨ ਰੂਬੇਨ ਗੈਲੇਗੋ ਸਮੇਤ ਕਈ ਅਮਰੀਕੀ ਸੈਨੇਟਰਾਂ ਅਤੇ ਕਾਂਗਰਸਮੈਨਾਂ ਨੂੰ ਮਿਲੇ ਸਨ।
ਸਿੰਘ ਨੇ ਅਮਰੀਕਾ ਦੇ ਉਪ-ਰਾਸ਼ਟਰਪਤੀ ਕਮਲਾ ਹੈਰਿਸ ਅਤੇ ਨਿਊਜਰਸੀ ਤੋਂ ਸੈਨੇਟਰ ਬੌਬ ਮੇਨੇਨਡੇਜ਼ ਦੇ ਪੁੱਤਰ ਸੈਨੇਟਰ ਰੌਬ ਮੇਨੇਡੇਜ਼ ਸਮੇਤ ਵੱਖ-ਵੱਖ ਅਮਰੀਕੀ ਨੇਤਾਵਾਂ ਨੂੰ ਵਿਸਤ੍ਰਿਤ ਰਿਪੋਰਟਾਂ ਅਤੇ ਭਾਈ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਲਈ ਪੱਤਰ ਤਿਆਰ ਕੀਤੇ ਹਨ। ਉਨ੍ਹਾਂ ਕਿਹਾ ਕਿ ਮੇਰੀ 20 ਤੋਂ ਵੱਧ ਅਮਰੀਕੀ ਨੇਤਾਵਾਂ ਨਾਲ ਗੱਲ ਹੋਈ ਹੈ ਅਤੇ ਉਹ ਸਾਰੇ ਸਹਿਮਤ ਹਨ ਕਿ ਇਸ ਮਾਮਲੇ ’ਤੇ ਗੰਭੀਰਤਾ ਨਾਲ ਧਿਆਨ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਮਨੁੱਖੀ ਅਧਿਕਾਰਾਂ ਦੀ ਕਦਰ ਕਰਦਾ ਹੈ, ਭਾਵੇਂ ਘਰੇਲੂ ਜਾਂ ਅੰਤਰਰਾਸ਼ਟਰੀ ਹੋਣ ਅਤੇ ਅੰਮ੍ਰਿਤਪਾਲ ਸਿੰਘ ਦਾ ਸਮਰਥਨ ਕਰਨ ਵਾਲੀ ਸਾਡੀ ਕਾਨੂੰਨੀ ਟੀਮ ਨੇ ਇਸ ਕੇਸ ਦੀ ਡੂੰਘਾਈ ਨਾਲ ਪੜਚੋਲ ਕੀਤੀ ਹੈ ਅਤੇ ਉਸ ਦਾ ਮੰਨਣਾ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਦੀ ਨਜ਼ਰਬੰਦੀ ਇਕ ਬੇਇਨਸਾਫ਼ੀ ਹੈ।