ਪੰਥ ਤੇ ਪੰਜਾਬ ਦੇ ਹੱਕਾਂ ਲਈ ਸਿੱਖਾਂ ਨੂੰ ਇੱਕਜੁਟ ਹੋਣ ਦੀ ਲੋੜ : ਜਥੇਦਾਰ ਗਿਆਨੀ ਰਘਬੀਰ ਸਿੰਘ

ਪੰਥ ਤੇ ਪੰਜਾਬ ਦੇ ਹੱਕਾਂ ਲਈ ਸਿੱਖਾਂ ਨੂੰ ਇੱਕਜੁਟ ਹੋਣ ਦੀ ਲੋੜ : ਜਥੇਦਾਰ ਗਿਆਨੀ ਰਘਬੀਰ ਸਿੰਘ

ਅੰਮ੍ਰਿਤਸਰ : ਜੂਨ 1984 ਸਾਕਾ ਨੀਲਾ ਤਾਰਾ ਸਬੰਧੀ ਸਮਾਗਮ ਇੱਥੇ ਸ੍ਰੀ ਅਕਾਲ ਤਖ਼ਤ ਵਿਖੇ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਵਿਖੇ ਸ਼ਰਧਾਂਜਲੀ ਸਮਾਗਮ ਸ਼ਾਂਤਮਈ ਢੰਗ ਨਾਲ ਸਮਾਪਤ ਹੋਇਆ। ਸਿੱਖ ਜਥੇਬੰਦੀ ਦਲ ਖਾਲਸਾ ਵੱਲੋਂ ਅੰਮ੍ਰਿਤਸਰ ਬੰਦ ਦੇ ਦਿੱਤੇ ਗਏ ਸੱਦੇ ਤਹਿਤ ਸ਼ਹਿਰ ਮੁਕੰਮਲ ਤੌਰ ’ਤੇ ਬੰਦ ਰਿਹਾ।
ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਇਸ ਮੌਕੇ ਸਿੱਖ ਕੌਮ ਦੇ ਨਾਂ ਸੰਦੇਸ਼ ਜਾਰੀ ਕਰਦਿਆਂ ਸਮੁੱਚੀ ਸਿੱਖ ਕੌਮ ਨੂੰ ਇੱਕਜੁਟ ਹੋ ਕੇ ਕੌਮੀ ਮਸਲਿਆਂ ਦਾ ਹੱਲ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਨੂੰ ਰਿਹਾਅ ਨਾ ਕਰਨਾ ਅਤੇ ਨਵੰਬਰ 1984 ਦੀ ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਨੂੰ 40 ਸਾਲਾਂ ਬਾਅਦ ਵੀ ਸਜ਼ਾਵਾਂ ਨਾ ਦੇਣਾ ਭਾਰਤੀ ਹਕੂਮਤ ਦਾ ਸਿੱਖਾਂ ਨਾਲ ਅਨਿਆਂਪੂਰਨ ਵਤੀਰਾ ਹੈ। ਇਸ ਲਈ ਪੰਥ ਅਤੇ ਪੰਜਾਬ ਦੇ ਰਾਜਨੀਤਕ, ਭੂਗੋਲਿਕ ਅਤੇ ਆਰਥਿਕ ਹੱਕਾਂ ਵਾਸਤੇ ਦਿੱਲੀ ਵੱਲ ਵਾਰ-ਵਾਰ ਹੱਥ ਅੱਡਣ ਦੀ ਬਜਾਏ ਸਿੱਖ ਰਾਜਨੀਤੀ ਨੂੰ ਪ੍ਰਫੁੱਲਤ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸੰਘਰਸ਼ ਮਗਰੋਂ ਸਿੱਖਾਂ ਨੂੰ ਪੰਜਾਬੀ ਸੂਬਾ ਤਾਂ ਮਿਲਿਆ ਪਰ ਪੰਜਾਬ ਨੂੰ ਦਰਿਆਈ ਪਾਣੀਆਂ, ਰਾਜਧਾਨੀ ਚੰਡੀਗੜ੍ਹ ਅਤੇ ਬਹੁਤ ਸਾਰੇ ਪੰਜਾਬੀ ਬੋਲਦੇ ਇਲਾਕਿਆਂ ਤੋਂ ਵੱਖ ਕਰ ਦਿੱਤਾ ਗਿਆ। ਪੰਜਾਬ ਦੇ ਇਨ੍ਹਾਂ ਮਸਲਿਆਂ ਅਤੇ ਸੂਬਾਈ ਖ਼ੁਦਮੁਖ਼ਤਿਆਰੀ ਵਾਲੇ ਸ੍ਰੀ ਆਨੰਦਪੁਰ ਸਾਹਿਬ ਦੇ ਮਤੇ ਨੂੰ ਲੈ ਕੇ ਸਿੱਖਾਂ ਨੂੰ ਧਰਮ ਯੁੱਧ ਮੋਰਚਾ ਲਗਾਉਣ ਲਈ ਮਜਬੂਰ ਹੋਣਾ ਪਿਆ ਜਿਸ ਨੂੰ ਜਬਰ ਦੀ ਨੀਤੀ ਨਾਲ ਕੁਚਲਣ ਅਤੇ ਐਮਰਜੈਂਸੀ ਸਮੇਂ ਅਕਾਲੀ ਦਲ ਵੱਲੋਂ ਕੀਤੇ ਵਿਰੋਧ ਦੇ ਸਿੱਟੇ ਵਜੋਂ ਪਹਿਲੀ ਜੂਨ 1984 ਨੂੰ ਸ੍ਰੀ ਹਰਿਮੰਦਰ ਸਾਹਿਬ ’ਤੇ ਫੌਜੀ ਹਮਲਾ ਕੀਤਾ ਗਿਆ। ਇਸ ਦੌਰਾਨ ਫ਼ੌਜੀ ਕਾਰਵਾਈ ’ਚ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਮਨਾਉਣ ਆਈ ਸੰਗਤ ’ਤੇ ਗੋਲੀਆਂ ਚਲਾਈਆਂ ਗਈਆਂ ਜਿਸ ਕਾਰਨ ਬੇਦੋਸ਼ੇ ਲੋਕ ਮਾਰੇ ਗਏ। ਇਸ ਮੌਕੇ ਸ਼ਹੀਦ ਪਰਿਵਾਰਾਂ ਦੇ ਮੈਂਬਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਸਬੰਧ ਵਿੱਚ ਅੱਜ ਸ੍ਰੀ ਅਕਾਲ ਤਖ਼ਤ ਵਿਖੇ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਗੁਰਬਾਣੀ ਦਾ ਕੀਰਤਨ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸਿੱਖ ਸੰਗਤ ਸ੍ਰੀ ਅਕਾਲ ਤਖ਼ਤ ਸਾਹਮਣੇ ਇਕੱਠੀ ਹੋਈ। ਸਮਾਗਮ ਦੌਰਾਨ ਸ੍ਰੀ ਦਰਬਾਰ ਸਾਹਿਬ ਕੈਂਪਸ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਆਪਣੇ ਤੌਰ ’ਤੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਇਸ ਤੋਂ ਇਲਾਵਾ ਪੰਜਾਬ ਪੁਲਿਸ ਵੀ ਸਾਦੇ ਕੱਪੜਿਆਂ ਵਿਚ ਮੌਜੂਦ ਸੀ। ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਹਾਜ਼ਰ ਸੀ।