ਸੰਸਦ ’ਚ ਸਿੱਖ ਮੁੱਦਿਆਂ ਨੂੰ ਪਹਿਲ ਦੇ ਆਧਾਰ ’ਤੇ ਚੁੱਕਾਂਗੇ: ਸਿਮਰਨਜੀਤ ਮਾਨ

ਸੰਸਦ ’ਚ ਸਿੱਖ ਮੁੱਦਿਆਂ ਨੂੰ ਪਹਿਲ ਦੇ ਆਧਾਰ ’ਤੇ ਚੁੱਕਾਂਗੇ: ਸਿਮਰਨਜੀਤ ਮਾਨ

ਨਵੇਂ ਬਣੇ ਲੋਕ ਸਭਾ ਮੈਂਬਰ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ
ਅੰਮ੍ਰਿਤਸਰ – ਨਵੇਂ ਸੰਸਦ ਮੈਂਬਰ ਬਣੇ ਸਿਮਰਨਜੀਤ ਸਿੰਘ ਮਾਨ ਨੇ ਅੱਜ ਸ੍ਰੀ ਦਰਬਾਰ ਸਾਹਿਬ ਵਿੱਚ ਨਤਮਸਤਕ ਹੋ ਕੇ ਗੁਰੂ ਘਰ ਦਾ ਸ਼ੁਕਰਾਨਾ ਕੀਤਾ। ਉਨ੍ਹਾਂ ਕਿਹਾ ਕਿ ਉਹ ਸੰਸਦ ਵਿੱਚ ਸਿੱਖ ਮੁੱਦਿਆਂ ਨੂੰ ਪਹਿਲ ਦੇ ਆਧਾਰ ’ਤੇ ਉਭਾਰਨਗੇ। ਉਨ੍ਹਾਂ ਕਿਹਾ ਕਿ ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਕਤਲ ਕਰਨ ਵਾਲੇ ਨੂੰ ਤਾਂ ਰਿਹਾਅ ਕਰ ਦਿੱਤਾ ਗਿਆ ਪਰ ਬੰਦੀ ਸਿੱਖ ਜਿਨ੍ਹਾਂ ਨੇ ਅਜਿਹਾ ਕੁਝ ਨਹੀਂ ਕੀਤਾ, ਨੂੰ ਹੁਣ ਤੱਕ ਰਿਹਾਅ ਨਹੀਂ ਕੀਤਾ ਜਾ ਰਿਹਾ। ਉਹ ਦਹਾਕਿਆਂ ਤੋਂ ਜੇਲ੍ਹਾਂ ਵਿੱਚ ਬੰਦ ਹਨ ਅਤੇ ਸਜ਼ਾ ਵੀ ਪੂਰੀ ਕਰ ਚੁੱਕੇ ਹਨ। ਉਹ ਇਸ ਮਾਮਲੇ ਨੂੰ ਪ੍ਰਮੁੱਖਤਾ ਨਾਲ ਸੰਸਦ ਵਿੱਚ ਚੁੱਕਣਗੇ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਬਣਾਈ ਗਈ ਇੱਕ ਸਾਂਝੀ ਕਮੇਟੀ ਵਿੱਚ ਸ਼ਮੂਲੀਅਤ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਉਨ੍ਹਾਂ ਖ਼ਿਲਾਫ਼ ਚੋਣ ਵਿੱਚ ਉਮੀਦਵਾਰ ਖੜ੍ਹਾ ਕਰ ਦਿੱਤਾ ਸੀ ਅਤੇ ਅਜਿਹੀ ਸਥਿਤੀ ਵਿਚ ਉਹ ਅਜਿਹੀ ਕਮੇਟੀ ਦੇ ਮੈਂਬਰ ਵਜੋਂ ਮੀਟਿੰਗ ਵਿਚ ਸ਼ਾਮਲ ਨਹੀਂ ਹੋ ਸਕਦੇ। ਉਨ੍ਹਾਂ ਕਿਹਾ ਕਿ ਪਿਛਲੇ ਗਿਆਰਾਂ ਸਾਲਾਂ ਤੋਂ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਲਟਕ ਰਹੀਆਂ ਹਨ ਪਰ ਕੇਂਦਰ ਸਰਕਾਰ ਵੱਲੋਂ ਇਹ ਚੋਣਾਂ ਨਹੀਂ ਕਰਵਾਈਆਂ ਜਾ ਰਹੀਆਂ। ਉਹ ਸੰਸਦ ਵਿੱਚ ਇਹ ਚੋਣਾਂ ਜਲਦੀ ਕਰਵਾਉਣ ਦੀ ਮੰਗ ਰੱਖਣਗੇ। ਇਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਅਤੇ ਦੀਪ ਸਿੱਧੂ ਦੇ ਕਤਲ ਮਾਮਲਿਆਂ ਦੀ ਕੌਮਾਂਤਰੀ ਪੱਧਰ ’ਤੇ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸੰਸਦ ਵਿੱਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਦਾ ਵਿਰੋਧ ਅਤੇ ਪੰਜਾਬ ਨਾਲ ਸਬੰਧਤ ਹੋਰ ਮਸਲੇ ਵੀ ਚੁੱਕੇ ਜਾਣਗੇ। ਸੰਸਦ ਮੈਂਬਰ ਬਣਨ ਮਗਰੋਂ ਖਾਲਿਸਤਾਨ ਸਬੰਧੀ ਆਪਣੀ ਮੰਗ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਮੰਗ ਦੀ ਗੱਲ ਚੱਲਦੀ ਰਹੇਗੀ। ਬੇਅਦਬੀ ਮਾਮਲਿਆਂ ਸਬੰਧੀ ਇਕ ਜਾਂਚ ਰਿਪੋਰਟ ਬਾਰੇ ਉਨ੍ਹਾਂ ਕਿਹਾ ਕਿ ਇਸ ਵਿਚ ਬਰਗਾੜੀ, ਬਹਿਬਲ ਕਲਾਂ, ਕੋਟਕਪੂਰਾ ਆਦਿ ਮਾਮਲਿਆਂ ਬਾਰੇ ਕੁਝ ਵੀ ਸਪੱਸ਼ਟ ਨਹੀਂ ਕੀਤਾ ਗਿਆ।

ਮਸਤੂਆਣਾ ਸਾਹਿਬ : ਇਸੇ ਦੌਰਾਨ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਵਿਖੇ ਸਾਥੀਆਂ ਸਣੇ ਨਤਮਸਤਕ ਹੋ ਕੇ ਆਪਣੀ ਸਿਹਤਯਾਬੀ ਲਈ ਅਰਦਾਸ ਕੀਤੀ। ਉਨ੍ਹਾਂ ਪੀਏਸੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਨਾਲ ਪੰਜ ਘੰਟੇ ਦੇ ਕਰੀਬ ਲੰਬੀ ਮੀਟਿੰਗ ਵੀ ਕੀਤੀ।