ਪੰਥਕ ਤਾਲਮੇਲ ਸੰਗਠਨ ਲੜੇਗਾ ਸ਼੍ਰੋਮਣੀ ਕਮੇਟੀ ਚੋਣਾਂ

ਪੰਥਕ ਤਾਲਮੇਲ ਸੰਗਠਨ ਲੜੇਗਾ ਸ਼੍ਰੋਮਣੀ ਕਮੇਟੀ ਚੋਣਾਂ

ਅੰਮ੍ਰਿਤਸਰ – ਸਿੱਖ ਜਥੇਬੰਦੀਆਂ ਦੇ ਸਮੂਹ ਪੰਥਕ ਤਾਲਮੇਲ ਸੰਗਠਨ ਨੇ ਅੱਜ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਲੜਨ ਦਾ ਐਲਾਨ ਕੀਤਾ ਹੈ। ਜਥੇਬੰਦੀ ਨੇ ਇਹ ਮੰਗ ਵੀ ਕੀਤੀ ਹੈ ਕਿ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਦਾ ਪ੍ਰਬੰਧ ਕੇਂਦਰ ਸਰਕਾਰ ਦੀ ਥਾਂ ਪੰਜਾਬ ਸਰਕਾਰ ਦੇ ਪ੍ਰਬੰਧ ਹੇਠ ਹੋਵੇ। ਅੱਜ ਇੱਥੇ ਜਥੇਬੰਦੀ ਦੇ ਕਨਵੀਨਰ ਗਿਆਨੀ ਕੇਵਲ ਸਿੰਘ ਤੇ ਕੋ-ਕਨਵੀਨਰ ਜਸਵਿੰਦਰ ਸਿੰਘ ਐਡਵੋਕੇਟ ਨੇ ਕਿਹਾ ਕਿ ਇਸ ਵੇਲੇ ਪੰਜਾਬ ਦੀ ਸਿਆਸਤ ਵਿੱਚ ਪੰਥਕ ਸਰੋਕਾਰ ਮਨਫ਼ੀ ਹਨ ਤੇ ਕੋਈ ਵੀ ਧਿਰ ਇਸ ਪ੍ਰਤੀ ਸੰਜੀਦਾ ਨਹੀਂ ਹੈ। ਉਨ੍ਹਾਂ ਦੋਸ਼ ਲਾਇਆ ਕਿ ਸ਼੍ਰੋਮਣੀ ਕਮੇਟੀ ਦਾ ਸਿਆਸੀਕਰਨ ਹੋਣ ਕਾਰਨ ਸਿੱਖ ਸਰੋਕਾਰਾਂ ਨੂੰ ਪੰਜਾਬ ਦੀ ਸਿਆਸਤ ਵਿੱਚ ਕੋਈ ਸਥਾਨ ਨਹੀਂ ਦਿੱਤਾ ਜਾਂਦਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਦਾ ਪ੍ਰਬੰਧ ਕੇਂਦਰ ਸਰਕਾਰ ਕੋਲ ਹੋਣ ਕਾਰਨ ਇਹ ਚੋਣਾਂ ਕਈ ਕਈ ਵਰ੍ਹੇ ਨਹੀਂ ਹੁੰਦੀਆਂ। ਇਸ ਲਈ ਇਹ ਚੋਣਾਂ ਪੰਜਾਬ ਸਰਕਾਰ ਦੇ ਪ੍ਰਬੰਧ ਹੇਠ ਹੋਣੀਆਂ ਚਾਹੀਦੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਇਸ ਸਬੰਧੀ ਪੰਜਾਬ ਵਿਧਾਨ ਸਭਾ ਵਿੱਚ ਇਕ ਨਵਾਂ ਐਕਟ ਪਾਸ ਕੀਤਾ ਜਾਵੇ। ਇਸ ਵੇਲੇ ਹਰਿਆਣਾ ਵਿੱਚ ਵੀ ਵੱਖਰੀ ਕਮੇਟੀ ਲਈ ਉਪਰਾਲੇ ਕੀਤੇ ਗਏ ਹਨ ਤੇ ਸੂਬਾ ਸਰਕਾਰ ਕੋਲੋਂ ਇਸ ਸਬੰਧੀ ਐਲਾਨ ਵੀ ਕਰਵਾ ਲਿਆ ਗਿਆ ਹੈ।

ਸ੍ਰੀ ਅਕਾਲ ਤਖ਼ਤ ਦੇ ਪ੍ਰਬੰਧਕੀ ਢਾਂਚੇ ਵਿੱਚ ਸੁਧਾਰ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਵਿੱਚ ਸੰਸਾਰ ਭਰ ਦੇ ਸਿੱਖਾਂ ਨੂੰ ਨੁਮਾਇੰਦਗੀ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਸੁਝਾਅ ਦਿੱਤਾ ਕਿ ਜਥੇਦਾਰਾਂ ਦੀ ਚੋਣ ਅਤੇ ਤਖ਼ਤਾਂ ਦੇ ਪ੍ਰਬੰਧ ਲਈ ਪੰਜਾਹ-ਪੰਜਾਹ ਗੁਰਸਿੱਖਾਂ ਦਾ ਇੱਕ ਤਜਰਬੇਕਾਰ ਸਾਂਝਾ ਕੌਮਾਂਤਰੀ ਜਥਾ ਕਾਇਮ ਕੀਤਾ ਜਾਵੇ। ਜਥੇਦਾਰਾਂ ਦੀ ਯੋਗਤਾ ਸਿਖਲਾਈ, ਸੇਵਾਮੁਕਤੀ ਤੇ ਹੋਰ ਨਿਯਮ ਘੜੇ ਜਾਣ। ਸ੍ਰੀ ਅਕਾਲ ਤਖ਼ਤ ਵੱਲੋਂ ਸੰਸਾਰ ਭਰ ਵਿੱਚ ਆਪਣੇ ਦਫ਼ਤਰ ਖੋਲ੍ਹੇ ਜਾਣ। ਉਨ੍ਹਾਂ ਕਿਹਾ ਕਿ ਸੰਸਾਰ ਭਰ ਦੇ ਸਿੱਖ ਵਿੱਦਿਅਕ ਅਦਾਰਿਆਂ ਲਈ ਸਿੱਖਾਂ ਦਾ ਆਪਣਾ ਵਿੱਦਿਅਕ ਬੋਰਡ ਸਥਾਪਤ ਕਰਨ ਦੀ ਵੀ ਲੋੜ ਹੈ।