ਕਿਸਾਨਾਂ ਨੂੰ ਵਿਚੋਲਿਆਂ ਦੇ ਚੁੰਗਲ ’ਚੋਂ ਕੱਢਾਂਗੇ: ਤੋਮਰ

ਕਿਸਾਨਾਂ ਨੂੰ ਵਿਚੋਲਿਆਂ ਦੇ ਚੁੰਗਲ ’ਚੋਂ ਕੱਢਾਂਗੇ: ਤੋਮਰ

ਬੰਗਲੂਰੁੂ: ਕੇਂਦਰੀ ਖੇਤੀ ਮੰਤਰੀ ਨਰੇਂਦਰ ਤੋਮਰ ਨੇ ਦੋ ਰੋਜ਼ਾ ਕਾਨਫਰੰਸ ਦੇ ਉਦਘਾਟਨੀ ਇਜਲਾਸ ਨੂੰ ਸੰਬੋਧਨ ਕਰਦਿਆਂ ਖੇਤੀ ਸੁਧਾਰਾਂ ਦੀ ਗੱਲ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ‘ਡਿਜੀਟਲ’ ਖੇਤੀ ਨੂੰ ਹੁਲਾਰਾ ਦੇ ਰਹੀ ਹੈ ਤਾਂ ਜੋ ਕਿਸਾਨਾਂ ਨੂੰ ਮੰਡੀ ਵਿਚ ਨਾ ਜਾਣਾ ਪਵੇ ਅਤੇ ਕਿਸਾਨਾਂ ਦੀ ਵਿਚੋਲਿਆਂ ’ਤੇ ਟੇਕ ਘਟਾਈ ਜਾ ਸਕੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਖੇਤੀ ਸੈਕਟਰ ’ਚ ਸੁਧਾਰਾਂ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਖੇਤੀ ਵਪਾਰ ਨੂੰ ਵਧੇਰੇ ਪਾਰਦਰਸ਼ੀ ਬਣਾਉਣ ਲਈ ਖੇਤੀ ਉਤਪਾਦਾਂ ਲਈ ਆਨਲਾਈਨ ਟਰੇਡਿੰਗ ਪਲੇਟਫ਼ਾਰਮ ਖੜ੍ਹਾ ਕੀਤਾ ਜਾ ਰਿਹਾ ਹੈ ਜਿਸ ਲਈ ਈ-ਨਾਮ (ਨੈਸ਼ਨਲ ਐਗਰੀਕਲਚਰ ਮਾਰਕੀਟ) ਵਿਚ ਸੁਧਾਰ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਇੱਕ ਹਜ਼ਾਰ ਖੇਤੀ ਮੰਡੀਆਂ ਨੂੰ ਈ-ਨਾਮ ਪ੍ਰੋਜੈਕਟ ਨਾਲ ਜੋੜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਖੇਤੀ ਉਤਪਾਦ ਨੂੰ ਟਰੈਕ ਕਰਨ ਲਈ ਤਕਨਾਲੋਜੀ ਦੀ ਵਰਤੋਂ ਕੀਤੀ ਜਾ ਰਹੀ ਹੈ। ਇੱਥੋਂ ਤੱਕ ਕਿ ਜੇ ਫ਼ਸਲਾਂ ਦਾ ਡੇਟਾ ਬੇਸ ਸਰਕਾਰ ਕੋਲ ਹੋਵੇਗਾ ਤਾਂ ਕੁਦਰਤੀ ਆਫ਼ਤਾਂ ਨਾਲ ਹੋਣ ਵਾਲੇ ਫ਼ਸਲੀ ਨੁਕਸਾਨ ਦਾ ਸਰਕਾਰ ਫ਼ੌਰੀ ਮੁਆਵਜ਼ਾ ਮੁਹੱਈਆ ਕਰਵਾ ਸਕਦੀ ਹੈ। ਉਨ੍ਹਾਂ ਛੋਟੀ ਕਿਸਾਨੀ ਦੇ ਜੀਵਨ ਪੱਧਰ ’ਚ ਬਦਲਾਓ ਲਈ ਕੇਂਦਰ ਤੇ ਸੂਬਾ ਸਰਕਾਰਾਂ ਦੇ ਆਪਸੀ ਸਹਿਯੋਗ ਦੀ ਲੋੜ ’ਤੇ ਜ਼ੋਰ ਦਿੱਤਾ। ਕੇਂਦਰੀ ਮੰਤਰੀ ਨੇ ਕਿਹਾ ਕਿ ਖਾਦਾਂ ਵਿੱਚ ਵੀ ਦੇਸ਼ ਨੂੰ ਆਤਮ-ਨਿਰਭਰ ਹੋਣਾ ਪਵੇਗਾ ਤਾਂ ਜੋ ਮੁਲਕ ਨੂੰ ਖਾਦਾਂ ਦੀ ਦਰਾਮਦ ’ਤੇ ਟੇਕ ਨਾ ਰੱਖਣੀ ਪਏ। ਉਨ੍ਹਾਂ ਨੈਨੋ ਖਾਦ ਦੀ ਵਕਾਲਤ ਕਰਦਿਆਂ ਸੂਬਾ ਸਰਕਾਰਾਂ ਤੋਂ ਸਹਿਯੋਗ ਦੀ ਮੰਗ ਕੀਤੀ। ਤੋਮਰ ਨੇ ਖੇਤੀ ਮੰਤਰੀਆਂ ਨੂੰ ਕਿਹਾ ਕਿ ਉਹ ਖੇਤੀ ਵਿਕਾਸ ਲਈ ਵਧੀਆ ਕੰਮ ਕਰਨ। ਉਨ੍ਹਾਂ ਡਿਜੀਟਲ ਖੇਤੀ, ਪ੍ਰਧਾਨ ਮੰਤਰੀ ਫ਼ਸਲ ਬੀਮਾ ਯੋਜਨਾ, ਰਾਸ਼ਟਰੀ ਖੇਤੀ ਮੰਡੀ, ਕਿਸਾਨ ਉਤਪਾਦਕ ਸੰਗਠਨ, ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਆਦਿ ਮੁੱਦਿਆਂ ’ਤੇ ਚਰਚਾ ਕੀਤੀ। ਕਾਨਫ਼ਰੰਸ ਵਿੱਚ ਕੇਂਦਰੀ ਰਸਾਇਣ ਅਤੇ ਖਾਦ ਮੰਤਰੀ ਡਾ. ਮਨਸੁਖ ਮਾਂਡਵੀਆ ਨੇ ਕਿਹਾ ਕਿ ਦਰਾਮਦ ਕੀਤੀ ਜਾਣ ਵਾਲੀ ਖਾਦ ਮਹਿੰਗੀ ਹੋਣ ਕਰਕੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਵਾਧੂ ਸਬਸਿਡੀ ਦਿੱਤੀ ਜਾ ਰਹੀ ਹੈ। ਉੁਨ੍ਹਾਂ ਸੂਬਾ ਸਰਕਾਰਾਂ ਨੂੰ ਅਪੀਲ ਕੀਤੀ ਕਿ ਨੈਨੋ ਖਾਦ ਦੀ ਵਰਤੋਂ ਨੂੰ ਵਧਾਉਣ ਲਈ ਮੁਹਿੰਮ ਚਲਾਉਣ ਵਿਚ ਯੋਗਦਾਨ ਪਾਉਣ।