ਭਗਵੰਤ ਮਾਨ ਦੀ ਕੋਠੀ ਅੱਗੇ ਬੇਰੁਜ਼ਗਾਰਾਂ ਤੇ ਪੁਲੀਸ ਵਿਚਾਲੇ ਧੱਕਾ-ਮੁੱਕੀ

ਭਗਵੰਤ ਮਾਨ ਦੀ ਕੋਠੀ ਅੱਗੇ ਬੇਰੁਜ਼ਗਾਰਾਂ ਤੇ ਪੁਲੀਸ ਵਿਚਾਲੇ ਧੱਕਾ-ਮੁੱਕੀ

ਮਾਸਟਰ ਕੇਡਰ ਦੀਆਂ ਅਸਾਮੀਆਂ ’ਚ ਵਾਧੇ ਦੀ ਮੰਗ; 22 ਨੂੰ ਸਿੱਖਿਆ ਮੰਤਰੀ ਨਾਲ ਹੋਵੇਗੀ ਪੈਨਲ ਮੀਟਿੰਗ
ਸੰਗਰੂਰ – ਇੱਥੇ ਪੰਜਾਬ ਭਰ ਤੋਂ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਪੁੱਜੇ ਬੀ.ਐਡ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਅਤੇ ਪੁਲੀਸ ਵਿਚਾਲੇ ਅੱਜ ਧੱਕਾ-ਮੁੱਕੀ ਹੋਈ। ਇਹ ਅਧਿਆਪਕ ਪੁਲੀਸ ਬੈਰੀਕੇਡ ਤੋੜ ਕੇ ਮੁੱਖ ਮੰਤਰੀ ਦੀ ਕੋਠੀ ਵੱਲ ਵਧਣ ਲੱਗੇ ਤਾਂ ਉਨ੍ਹਾਂ ਦੀ ਪੁਲੀਸ ਨਾਲ ਧੱਕਾ-ਮੁੱਕੀ ਹੋਈ। ਨਵੀਂ ਬੀ.ਐਡ ਟੈੱਟ ਪਾਸ ਬੇਰੁਜ਼ਗਾਰ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਪੁੱਜੇ ਇਹ ਬੇਰੁਜ਼ਗਾਰ ਅਧਿਆਪਕ ਮਾਸਟਰ ਕੇਡਰ ਦੀਆਂ 4161 ਅਸਾਮੀਆਂ ਦੀ ਭਰਤੀ ਵਿੱਚ ਹਿੰਦੀ, ਪੰਜਾਬੀ ਅਤੇ ਸਮਾਜਿਕ ਸਿੱਖਿਆ ਦੀਆਂ ਅਸਾਮੀਆਂ ’ਚ ਵਾਧਾ ਕਰਨ ਅਤੇ ਜਲਦੀ ਪੇਪਰ ਲੈਣ ਦੀ ਮੰਗ ਕਰ ਰਹੇ ਹਨ।

ਇਸ ਤੋਂ ਪਹਿਲਾਂ ਰੋਸ ਮਾਰਚ ਕਰਦੇ ਹੋਏ ਬੀ.ਐਡ ਟੈਟ ਪਾਸ ਬੇਰੁਜ਼ਗਾਰ ਅਧਿਆਪਕ ਮੁੱਖ ਮੰਤਰੀ ਦੀ ਕੋਠੀ ਨੇੜੇ ਪੁੱਜੇ ਤਾਂ ਪੁਲੀਸ ਨੇ ਕਲੋਨੀ ਦੇ ਮੁੱਖ ਗੇਟ ’ਤੇ ਹੀ ਬੇਰੁਜ਼ਗਾਰ ਅਧਿਆਪਕਾਂ ਨੂੰ ਰੋਕ ਲਿਆ। ਬੇਰੁਜ਼ਗਾਰ ਅਧਿਆਪਕਾਂ ਦੀ ਜਬਰੀ ਅੱਗੇ ਵਧਣ ਦੌਰਾਨ ਪੁਲੀਸ ਨਾਲ ਧੱਕਾ-ਮੁੱਕੀ ਹੋਈ।

ਕਾਫ਼ੀ ਦੇਰ ਤੱਕ ਦੋਹਾਂ ਧਿਰਾਂ ਵਿਚਾਲੇ ਜ਼ੋਰ-ਅਜ਼ਮਾਈ ਚਲਦੀ ਰਹੀ। ਯੂਨੀਅਨ ਦੇ ਸੂਬਾ ਪ੍ਰਧਾਨ ਜਸਵੰਤ ਘੁਬਾਇਆ ਫਾਜ਼ਿਲਕਾ ਨੇ ਕਿਹਾ ਕਿ ਬੇਰੁਜ਼ਗਾਰ ਅਧਿਆਪਕ ਪਿਛਲੇ ਲੰਮੇ ਸਮੇਂ ਤੋਂ ਮਾਸਟਰ ਕੇਡਰ ਦੀ ਭਰਤੀ ਦੀ ਮੰਗ ਕਰਦੇ ਆ ਰਹੇ ਹਨ ਪਰ ਪਿਛਲੇ ਪੰਜ ਸਾਲਾਂ ਦੌਰਾਨ ਕੋਈ ਭਰਤੀ ਨਹੀਂ ਕੀਤੀ ਗਈ। ਕਾਂਗਰਸ ਸਰਕਾਰ ਵਲੋਂ ਆਪਣੇ ਕਾਰਜਕਾਲ ਦੇ ਆਖ਼ਰੀ ਸਮੇਂ ਵਿੱਚ 4161 ਨਿਗੂਣੀਆਂ ਅਸਾਮੀਆਂ ਵਿੱਚੋਂ 1407 ਅਸਾਮੀਆਂ ਵਿੱਚ ਹਿੰਦੀ, ਪੰਜਾਬੀ ਅਤੇ ਸਮਾਜਿਕ ਸਿੱਖਿਆ ਦੇ ਵਿਸ਼ਿਆਂ ਦੀਆਂ ਨਾਮਾਤਰ ਅਸਾਮੀਆਂ ਦਿੱਤੀਆਂ ਗਈਆਂ ਹਨ ਜਦੋਂ ਕਿ ਇਨ੍ਹਾਂ ਵਿਸ਼ਿਆਂ ਦੇ ਕਰੀਬ 30 ਹਜ਼ਾਰ ਤੋਂ ਵੱਧ ਬੇਰੁਜ਼ਗਾਰ ਟੈੱਟ ਪਾਸ ਉਮੀਦਵਾਰ ਸੜਕਾਂ ’ਤੇ ਰੁਲ ਰਹੇ ਹਨ।

ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ‘ਆਪ’ ਆਗੂਆਂ ਵੱਲੋਂ ਸਰਕਾਰ ਬਣਦਿਆਂ ਹੀ ਰੁਜ਼ਗਾਰ ਦੇਣ ਦੇ ਵੱਡੇ-ਵੱਡੇ ਵਾਅਦੇ ਕੀਤੇ ਗਏ ਸਨ ਪਰ ਇਹ ਵਾਅਦੇ ਅਜੇ ਤੱਕ ਵਫ਼ਾ ਨਹੀਂ ਹੋਏ। ਬੇਰੁਜ਼ਗਾਰ ਅਧਿਆਪਕਾਂ ਨੇ ਰੋਸ ਧਰਨਾ ਦਿੰਦਿਆਂ ਕਿਹਾ ਕਿ ਯੂਨੀਅਨ ਨੂੰ ਪੈਨਲ ਮੀਟਿੰਗ ਦਾ ਸਮਾਂ ਦਿੱਤਾ ਜਾਵੇ। ਉਪਰੰਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਯੂਨੀਅਨ ਨੂੰ ਸਿੱਖਿਆ ਮੰਤਰੀ ਪੰਜਾਬ ਨਾਲ 22 ਜੁਲਾਈ ਨੂੰ ਚੰਡੀਗੜ੍ਹ ਵਿੱਚ ਪੈਨਲ ਮੀਟਿੰਗ ਦਾ ਸਮਾਂ ਲੈ ਕੇ ਦਿੱਤਾ ਗਿਆ, ਜਿਸ ਮਗਰੋਂ ਪ੍ਰਦਰਸ਼ਨਕਾਰੀ ਸ਼ਾਂਤ ਹੋਏ ਅਤੇ ਰੋਸ ਧਰਨਾ ਸਮਾਪਤ ਕੀਤਾ।