ਐੱਮਐੱਸਪੀ ਕਮੇਟੀ: ਮਾਨ ਨੇ ਪੰਜਾਬ ਲਈ ਢੁੱਕਵੀਂ ਨੁਮਾਇੰਦਗੀ ਮੰਗੀ

ਐੱਮਐੱਸਪੀ ਕਮੇਟੀ: ਮਾਨ ਨੇ ਪੰਜਾਬ ਲਈ ਢੁੱਕਵੀਂ ਨੁਮਾਇੰਦਗੀ ਮੰਗੀ

ਕਮੇਟੀ ਦੇ ਪੁਨਰਗਠਨ ਲਈ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ
ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੱਤਰ ਲਿਖ ਕੇ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਬਾਰੇ ਗਠਿਤ ਕੇਂਦਰੀ ਕਮੇਟੀ ਦੇ ਪੁਨਰਗਠਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਦਖਲ ਦੀ ਮੰਗ ਕੀਤੀ ਹੈ। ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਨਵੇਂ ਸਿਰਿਓਂ ਕਮੇਟੀ ਦਾ ਗਠਨ ਕਰਕੇ ਇਸ ਵਿੱਚ ਪੰਜਾਬ ਨੂੰ ਬਣਦੀ ਨੁਮਾਇੰਦਗੀ ਦੇਣ ਦਾ ਮੁੱਦਾ ਉਠਾਇਆ ਹੈ। ਮੁੱਖ ਮੰਤਰੀ ਨੇ ਹਰੀ ਕਰਾਂਤੀ ਲਿਆਉਣ ਅਤੇ ਦੇਸ਼ ਨੂੰ ਖ਼ੁਰਾਕ ਪੱਖੋਂ ਸਰਪਲੱਸ ਬਣਾਉਣ ਵਿਚ ਪੰਜਾਬ ਵੱਲੋਂ ਨਿਭਾਈ ਮੁੱਖ ਭੂਮਿਕਾ ਦਾ ਤਰਕ ਦਿੰਦਿਆਂ ਐੱਮਐੱਸਪੀ ਬਾਰੇ ਕਮੇਟੀ ’ਚ ਪੰਜਾਬ ਦੀ ਨੁਮਾਇੰਦਗੀ ਨੂੰ ਜ਼ਰੂਰੀ ਦੱਸਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਇਲਾਵਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਨੂੰ ਵੀ ਪੱਤਰ ਲਿਖੇ ਹਨ। ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਪੰਜਾਬ ਵੱਲੋਂ ਦੇਸ਼ ਦੇ ਅੰਨ ਭੰਡਾਰ ਵਿਚ ਪਾਏ ਯੋਗਦਾਨ ਦਾ ਵੀ ਚੇਤਾ ਕਰਾਇਆ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਤਕਰੀਬਨ ਇੱਕ ਦਹਾਕੇ ਤੋਂ ਕੇਂਦਰੀ ਪੂਲ ਵਿੱਚ 35-40 ਫ਼ੀਸਦੀ ਕਣਕ ਅਤੇ 25-30 ਫ਼ੀਸਦੀ ਚੌਲ ਦੇ ਯੋਗਦਾਨ ਨਾਲ ਦੇਸ਼ ਨੂੰ ਅਨਾਜ ਪੈਦਾਵਾਰ ਵਿੱਚ ਆਤਮ ਨਿਰਭਰ ਬਣਾਉਣ ਲਈ ਪੰਜਾਬ ਨੇ ਅਹਿਮ ਭੂਮਿਕਾ ਨਿਭਾਈ। ਮੁੱਖ ਮੰਤਰੀ ਨੇ ਦੱਸਿਆ ਕਿ ਸੂਬੇ ਦੇ ਅਣਥੱਕ ਕਿਸਾਨਾਂ ਦੀ ਮਿਹਨਤ ਸਦਕਾ 60-62 ਮਿਲੀਅਨ ਟਨ ਦੇ ਕਰੀਬ ਕਣਕ ਤੇ ਚੌਲ ਹਰ ਸਾਲ ਕੇਂਦਰੀ ਖ਼ੁਰਾਕ ਸੁਰੱਖਿਆ ਐਕਟ (ਐੱਨਐੱਫਐੱਸਏ), 2013 ਅਧੀਨ ਸਬਸਿਡੀ ਦੇ ਆਧਾਰ ਉੱਤੇ ਦੇਸ਼ ਦੇ 80 ਕਰੋੜ ਲੋਕਾਂ ਨੂੰ ਵੰਡਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਗ਼ਰੀਬਾਂ ਲਈ ਸ਼ੁਰੂ ਕੀਤੀਆਂ ਸਰਕਾਰਾਂ ਦੀਆਂ ਭਲਾਈ ਸਕੀਮਾਂ ਪੰਜਾਬ ਦੇ ਵੱਡੇ ਯੋਗਦਾਨ ਕਾਰਨ ਹੀ ਸੰਭਵ ਹੋਈਆਂ ਹਨ। ਉਨ੍ਹਾਂ ਕਿਹਾ ਕਿ ਸਾਲ 2021-22 ਦੌਰਾਨ ਵਿਸ਼ਵ ਪੱਧਰ ਉੱਤੇ 54 ਮਿਲੀਅਨ ਟਨ ਚੌਲਾਂ ਦੀ ਬਰਾਮਦ ਹੋਈ, ਜਿਸ ਵਿੱਚ ਭਾਰਤ ਦਾ ਯੋਗਦਾਨ 21.5 ਮਿਲੀਅਨ ਟਨ (ਕੁੱਲ ਬਰਾਮਦ ਦਾ ਤਕਰੀਬਨ 40 ਫ਼ੀਸਦੀ) ਰਿਹਾ। ਉਨ੍ਹਾਂ ਦੱਸਿਆ ਕਿ ਚੌਲ ਪੰਜਾਬੀਆਂ ਦੀ ਖ਼ੁਰਾਕ ਵਿੱਚ ਆਮ ਤੌਰ ਉੱਤੇ ਸ਼ਾਮਲ ਨਾ ਹੋਣ ਦੇ ਬਾਵਜੂਦ ਪੰਜਾਬ ਚੌਲਾਂ ਦੀ ਬਰਾਮਦ ਵਿੱਚ ਵੱਡਾ ਯੋਗਦਾਨ ਪਾ ਰਿਹਾ ਹੈ।