ਨਵੇਂ ਐਡਵੋਕੇਟ ਜਨਰਲ ਬਾਰੇ ਕੋਈ ਵਿਵਾਦ ਨਹੀਂ: ਮੁੱਖ ਮੰਤਰੀ

ਨਵੇਂ ਐਡਵੋਕੇਟ ਜਨਰਲ ਬਾਰੇ ਕੋਈ ਵਿਵਾਦ ਨਹੀਂ: ਮੁੱਖ ਮੰਤਰੀ

ਚੰਡੀਗੜ੍ਹ – ਮੁੱਖ ਮੰਤਰੀ ਭਗਵੰਤ ਮਾਨ ਨੇ ਨਵੇਂ ਐਡਵੋਕੇਟ ਜਨਰਲ ਨੂੰ ਲੈ ਕੇ ਚੱਲ ਰਹੀਆਂ ਸਿਆਸੀ ਅਟਕਲਾਂ ਬਾਰੇ ਅੱਜ ਸਪੱਸ਼ਟ ਕੀਤਾ ਹੈ ਕਿ ਨਵੇਂ ਐਡਵੋਕੇਟ ਜਨਰਲ ਵਿਨੋਦ ਘਈ ਦੀ ਨਿਯੁਕਤੀ ਬਾਰੇ ਕਿਸੇ ਤਰ੍ਹਾਂ ਦਾ ਕੋਈ ਵਿਵਾਦ ਨਹੀਂ ਹੈ ਅਤੇ ਉਹ ਜਲਦੀ ਹੀ ਨਵੇਂ ਐਡਵੋਕੇਟ ਜਨਰਲ ਵਜੋਂ ਆਪਣਾ ਅਹੁਦਾ ਸੰਭਾਲਣਗੇ। ਜ਼ਿਕਰਯੋਗ ਹੈ ਕਿ ਵਿਰੋਧੀ ਧਿਰਾਂ ਨਵੇਂ ਐਡਵੋਕੇਟ ਜਨਰਲ ਵਿਨੋਦ ਘਈ ਦੀ ਨਿਯੁਕਤੀ ਸਬੰਧੀ ਨੋਟੀਫਿਕੇਸ਼ਨ ਜਾਰੀ ਹੋਣ ’ਚ ਹੋ ਰਹੀ ਦੇਰੀ ਪਿਛਲਾ ਕਾਰਨ ਮੁੱਖ ਮੰਤਰੀ ਭਗਵੰਤ ਮਾਨ ਤੇ ‘ਆਪ’ ਹਾਈਕਮਾਨ ਵਿਚਾਲੇ ਕਸ਼ਮਕਸ਼ ਨੂੰ ਦੱਸ ਰਹੀਆਂ ਹਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਮੀਟਿੰਗ ਮਗਰੋਂ ਕਿਹਾ ਕਿ ਆਮ ਆਦਮੀ ਪਾਰਟੀ ਇੱਕ ਪਰਿਵਾਰ ਹੈ ਅਤੇ ਪਰਿਵਾਰ ਵਾਂਗੂ ਹੀ ਰਹੇਗੀ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ’ਤੇ ਚੱਲ ਰਹੀਆਂ ਅਫ਼ਵਾਹਾਂ ਬੇਬੁਨਿਆਦ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪੂਰੇ ਦੇਸ਼ ਵਿੱਚ ਫੈਲ ਰਹੀ ਹੈ ਅਤੇ ਸਿਆਸੀ ਵਿਰੋਧੀ ਇਸੇ ਕਰਕੇ ਅਫ਼ਵਾਹਾਂ ਫੈਲਾ ਰਹੇ ਹਨ ਕਿਉਂਕਿ ਉਨ੍ਹਾਂ ਲੋਕਾਂ ਨੂੰ ਪਾਰਟੀ ਦੀ ਵੱਧ ਰਹੀ ਸਾਖ ਦਾ ਡਰ ਹੈ। ਮੁੱਖ ਮੰਤਰੀ ਨੇ ਕਿਹਾ ਕਿ ਵਿਨੋਦ ਘਈ ਨਾਮਵਰ ਵਕੀਲ ਹਨ ਅਤੇ ਉਹ ਪੰਜਾਬ ਦੇ ਹਿੱਤਾਂ ਲਈ ਕੰਮ ਕਰਨਗੇ। ਪੰਜਾਬ ਸਰਕਾਰ ਨੂੰ ਵੀ ਹੁਣ ਮਹਿੰਗੇ ਵਕੀਲ ਕਰਨ ਦੀ ਕੋਈ ਲੋੜ ਨਹੀਂ ਰਹੇਗੀ। ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਦਾ ਨਾਂ ਲਏ ਬਿਨਾਂ ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਜਿਹੜੇ ਲੋਕ ਸ਼ਹੀਦ ਭਗਤ ਸਿੰਘ ਬਾਰੇ ਗਲਤ ਟਿੱਪਣੀਆਂ ਕਰ ਰਹੇ ਹਨ, ਉਨ੍ਹਾਂ ਨੂੰ ਅਜਿਹੀ ਗੱਲ ਨਹੀਂ ਕਰਨੀ ਚਾਹੀਦੀ।

ਭਗਵੰਤ ਮਾਨ ਨੇ ਕੇਂਦਰੀ ਖੇਤੀ ਮੰਤਰੀ ਨਰੇਂਦਰ ਤੋਮਰ ਵੱਲੋਂ ਕਿਸਾਨ ਖੁਦਕੁਸ਼ੀਆਂ ਬਾਰੇ ਪੇਸ਼ ਅੰਕੜਿਆਂ ਦੀ ਗੱਲ ਕਰਦਿਆਂ ਕਿਹਾ ਕਿ ਕੇਂਦਰ ਨੂੰ ਜ਼ਮੀਨੀ ਸਚਾਈ ਦਾ ਕੁਝ ਪਤਾ ਨਹੀਂ ਹੈ। ਉਨ੍ਹਾਂ ਕਿਹਾ ਕਿ ਕਰੋਨਾ ਦੌਰ ’ਚ ਕਿੰਨੇ ਮਜ਼ਦੂਰ ਮਰ ਗਏ ਸਨ, ਕੇਂਦਰ ਤਾਂ ਉਸ ਤੋਂ ਵੀ ਆਪਣੇ ਆਪ ਨੂੰ ਅਣਜਾਣ ਦੱਸ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨ ਖੁਦਕੁਸ਼ੀਆਂ ਰੋਕਣ ਲਈ ਖੇਤੀ ਨੀਤੀਆਂ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਰਾਲੀ ਨੂੰ ਵੱਡੇ ਪੱਧਰ ’ਤੇ ਸਾੜਿਆ ਜਾਂਦਾ ਹੈ। ਇਸ ਦੇ ਨਿਬੇੜੇ ਲਈ ਕੇਂਦਰ ਸਰਕਾਰ ਨਾਲ ਗੱਲਬਾਤ ਕੀਤੀ ਹੈ। ਉਨ੍ਹਾਂ ਕਿਹਾ ਕਿ ਪਰਾਲੀ ਦੇ ਨਿਬੇੜੇ ਲਈ ਪੰਜਾਬ ਤੇ ਦਿੱਲੀ ਸਰਕਾਰ 500 ਰੁਪਏ ਪ੍ਰਤੀ ਏਕੜ ਦੇਣ ਲਈ ਤਿਆਰ ਹੈ, ਜਦਕਿ ਕੇਂਦਰ ਸਰਕਾਰ ਤੋਂ 1500 ਰੁਪਏ ਪ੍ਰਤੀ ਏਕੜ ਦੀ ਮੰਗ ਕੀਤੀ ਗਈ ਹੈ।