ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੱਖਾਂ ਦੀ ਰਿਹਾਈ ਲਈ ਰੋਸ ਮਾਰਚ

ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੱਖਾਂ ਦੀ ਰਿਹਾਈ ਲਈ ਰੋਸ ਮਾਰਚ

ਦੇਸ਼ ਵਿੱਚ ਸਿੱਖਾਂ ਨੂੰ ਗੁਲਾਮੀ ਦਾ ਅਹਿਸਾਸ ਕਰਵਾਇਆ ਜਾ ਰਿਹੈ: ਧਾਮੀ
ਅੰਮ੍ਰਿਤਸਰ – ਇੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਜ਼ਾਦੀ ਦਿਹਾੜੇ ਦੀ 75ਵੀਂ ਵਰ੍ਹੇਗੰਢ ਮੌਕੇ ਬੰਦੀ ਸਿੱਖਾਂ ਦੀ ਰਿਹਾਈ ਲਈ ਕੇਂਦਰ ਸਰਕਾਰ ਖ਼ਿਲਾਫ਼ ਰੋਸ ਮਾਰਚ ਕੀਤਾ। ਇਸ ਸਬੰਧੀ ਕਮੇਟੀ ਵੱਲੋਂ ਡਿਪਟੀ ਕਮਿਸ਼ਨਰ ਦੇ ਦਫ਼ਤਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂ ਇੱਕ ਮੰਗ ਪੱਤਰ ਵੀ ਸੌਂਪਿਆ ਗਿਆ। ਅੱਜ ਦਰਬਾਰ ਸਾਹਿਬ ਕੰਪਲੈਕਸ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਆਰੰਭ ਹੋਏ ਰੋਸ ਮਾਰਚ ਵਿੱਚ ਸ਼੍ਰੋਮਣੀ ਕਮੇਟੀ ਦੇ ਮੈਂਬਰ, ਮੁਲਾਜ਼ਮ ਤੇ ਹੋਰ ਸਿੱਖ ਸ਼ਾਮਲ ਸਨ। ਮਾਰਚ ’ਚ ਪ੍ਰਦਰਸ਼ਨਕਾਰੀਆਂ ਨੇ ਰੋਸ ਵਜੋਂ ਕਾਲੀਆਂ ਦਸਤਾਰਾਂ ਸਜਾਈਆਂ ਹੋਈਆਂ ਸਨ ਅਤੇ ਬੰਦੀ ਸਿੱਖਾਂ ਦੀ ਰਿਹਾਈ ਸਬੰਧੀ ਤਖ਼ਤੀਆਂ ਹੱਥਾਂ ਵਿੱਚ ਫੜੀਆਂ ਹੋਈਆਂ ਸਨ। ਇਸ ਦੌਰਾਨ ਉਨ੍ਹਾਂ ਬੰਦੀ ਸਿੱਖਾਂ ਦੀ ਰਿਹਾਈ ਬਾਰੇ ਨਾਅਰੇ ਵੀ ਲਾਏ। ਜਾਣਕਾਰੀ ਅਨੁਸਾਰ ਪ੍ਰਦਰਸ਼ਨਕਾਰੀ ਪਹਿਲਾਂ ਹਾਲ ਗੇਟ ’ਤੇ ਇਕੱਠੇ ਹੋਏ ਅਤੇ ਫਿਰ ਰੋਸ ਮਾਰਚ ਕਰਦੇ ਹੋਏ ਡਿਪਟੀ ਕਮਿਸ਼ਨਰ ਦਫ਼ਤਰ ਪੁੱਜੇ। ਇਸ ਦੌਰਾਨ ਪ੍ਰਧਾਨ ਐਡਵੋਕੇਟ ਧਾਮੀ ਨੇ ਆਖਿਆ ਕਿ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਬੰਦੀ ਸਿੱਖ ਨਿਰਧਾਰਤ ਸਜ਼ਾਵਾਂ ਦੀ ਮਿਆਦ ਪੂਰੀ ਕਰ ਚੁੱਕੇ ਹਨ ਪਰ ਇਸ ਦੇ ਬਾਵਜੂਦ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ। ਗੁਰੂ ਨਾਨਕ ਦੇਵ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਕਈ ਬੰਦੀ ਸਿੱਖਾਂ ਨੂੰ ਰਿਹਾਅ ਕਰਨ ਦਾ ਐਲਾਨ ਵੀ ਕੀਤਾ ਗਿਆ ਸੀ, ਜਿਸ ’ਤੇ ਹਾਲੇ ਤੱਕ ਬੂਰ ਨਹੀਂ ਪਿਆ। ਸ੍ਰੀ ਧਾਮੀ ਨੇ ਕਿਹਾ ਕਿ ਇਸ ਸਬੰਧੀ ਪ੍ਰਧਾਨ ਮੰਤਰੀ, ਕੇਂਦਰੀ ਗ੍ਰਹਿ ਮੰਤਰੀ, ਦਿੱਲੀ ਅਤੇ ਕਰਨਾਟਕ ਦੇ ਮੁੱਖ ਮੰਤਰੀ ਨੂੰ ਮਿਲਣ ਲਈ ਪੱਤਰ ਵੀ ਭੇਜੇ ਗਏ ਹਨ ਪਰ ਉਨ੍ਹਾਂ ਨੇ ਹਾਲੇ ਤੱਕ ਕੋਈ ਹੁੰਗਾਰਾ ਨਹੀਂ ਦਿੱਤਾ। ਉਨ੍ਹਾਂ ਆਖਿਆ ਕਿ ਇਹ ਬੇਹੱਦ ਮੰਦਭਾਗਾ ਕਿ ਦੇਸ਼ ਲਈ ਸਭ ਤੋਂ ਵੱਧ ਕੁਰਬਾਨੀਆਂ ਦੇਣ ਵਾਲੇ ਸਿੱਖਾਂ ਨਾਲ ਧੱਕਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਫਿਲਹਾਲ ਇਹ ਇਕ ਸੰਕੇਤਕ ਰੋਸ ਪ੍ਰਦਰਸ਼ਨ ਹੈ, ਪਰ ਜੇਕਰ ਸਰਕਾਰਾਂ ਨਾ ਜਾਗੀਆਂ ਤਾਂ ਭਵਿੱਖ ਵਿਚ ਸੰਘਰਸ਼ ਦੀ ਰੂਪ ਰੇਖਾ ਉਲੀਕੀ ਜਾਵੇਗੀ। ਇੱਥੇ ਡੀਸੀ ਦਫ਼ਤਰ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਪਾਸੋਂ ਡਿਪਟੀ ਕਮਿਸ਼ਨਰ ਵੱਲੋਂ ਐੱਸਡੀਐੱਮ ਹਰਪ੍ਰੀਤ ਸਿੰਘ ਨੇ ਮੰਗ ਪੱਤਰ ਪ੍ਰਾਪਤ ਕੀਤਾ ਤੇ ਇਸ ਨੂੰ ਅਗਲੀ ਕਾਰਵਾਈ ਲਈ ਸਰਕਾਰ ਪਾਸ ਭੇਜਣ ਦਾ ਭਰੋਸਾ ਦਿੱਤਾ।

ਸ਼੍ਰੋਮਣੀ ਕਮੇਟੀ ਵੱਲੋਂ ਦਲਵੀਰ ਸਿੰਘ ਪੰਨੂ ਦਾ ਸਨਮਾਨ

ਅਮਰੀਕਾ ਵਾਸੀ ਖੋਜਕਾਰ ਦਲਵੀਰ ਸਿੰਘ ਪੰਨੂ ਨੇ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕਰ ਕੇ ਪਾਕਿਸਤਾਨ ਅਤੇ ਭਾਰਤ ਵਿੱਚ ਅਣਗੌਲੀ ਸਿੱਖ ਵਿਰਾਸਤ ਬਾਰੇ ਵਿਚਾਰ-ਚਰਚਾ ਕੀਤੀ। ਇਸ ਮੌਕੇ ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਸਰਹੱਦ ਤੋਂ ਪਾਰ ਦੀ ਸਿੱਖ ਵਿਰਾਸਤ ਬਾਰੇ ਲਿਖੀ ਖੋਜ ਪੁਸਤਕ ਭੇਟ ਕੀਤੀ ਅਤੇ ਭਵਿੱਖ ਦੇ ਖੋਜ ਕਾਰਜਾਂ ਲਈ ਸਹਿਯੋਗ ਮੰਗਿਆ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸ੍ਰੀ ਪੰਨੂ ਦੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਯਤਨ ਨਵੀਂ ਪੀੜ੍ਹੀ ਨੂੰ ਆਪਣੇ ਸੱਭਿਆਚਾਰ ਤੇ ਵਿਰਾਸਤ ਨਾਲ ਜੋੜਨ ਲਈ ਅਤਿ-ਅਹਿਮ ਹਨ। ਇਸ ਮੌਕੇ ਐਡਵੋਕੇਟ ਧਾਮੀ ਨੇ ਸ੍ਰੀ ਪੰਨੂ ਦਾ ਸਨਮਾਨ ਵੀ ਕੀਤਾ।