ਬਾਣੀ ਤੇ ਬਾਣੇ ਨਾਲ ਜੁੜੇ ਸਿੱਖ ਸੰਗਤ: ਜਥੇਦਾਰ ਹਰਪ੍ਰੀਤ ਸਿੰਘ

ਬਾਣੀ ਤੇ ਬਾਣੇ ਨਾਲ ਜੁੜੇ ਸਿੱਖ ਸੰਗਤ: ਜਥੇਦਾਰ ਹਰਪ੍ਰੀਤ ਸਿੰਘ

ਅੰਮ੍ਰਿਤਸਰ – ਬਾਬਾ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ਵਿੱਚ ਅੱਜ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਚ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਸੰਗਤ ਨੂੰ ਬਾਣੀ ਅਤੇ ਬਾਣੇ ਨਾਲ ਜੁੜਨ ਲਈ ਪ੍ਰੇਰਿਆ।

ਇਸ ਸਬੰਧ ਵਿਚ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਪੰਥਕ ਸ਼ਖਸੀਅਤਾਂ ਨੇ ਸੰਗਤ ਨਾਲ ਵਿਚਾਰ ਸਾਂਝੇ ਕੀਤੇ। ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਬਾਬਾ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦਾ ਸਿੱਖ ਇਤਿਹਾਸ ਵਿਚ ਅਹਿਮ ਸਥਾਨ ਹੈ ਅਤੇ ਸਿੱਖ ਕੌਮ ਨੂੰ ਇਨ੍ਹਾਂ ਦੀ ਦੇਣ ’ਤੇ ਸਦਾ ਮਾਣ ਰਹੇਗਾ। ਇਸੇ ਦੌਰਾਨ ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਨਿਊਯਾਰਕ ਦੇ ਪ੍ਰਧਾਨ ਬਲਦੇਵ ਸਿੰਘ ਨੇ ਸ਼੍ਰੋਮਣੀ ਕਮੇਟੀ ਦਾ ਸਮਾਗਮ ਕਰਨ ਲਈ ਧੰਨਵਾਦ ਕੀਤਾ। ਇਸ ਮੌਕੇ ਅਮਰੀਕਾ ਤੋਂ ਪੁੱਜੇ ਰਘਬੀਰ ਸਿੰਘ ਬੱਬੀ, ਮਾਸਟਰ ਮਹਿੰਦਰ ਸਿੰਘ ਤੇ ਹਿੰਮਤ ਸਿੰਘ ਨੇ ਵੀ ਸੰਬੋਧਨ ਕੀਤਾ ਤੇ ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਨਿਊਯਾਰਕ ਕਮੇਟੀ ਵੱਲੋਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਮੇਤ ਹੋਰ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਤੁਗਲਵਾਲ, ਹਰਪਾਲ ਸਿੰਘ ਜੱਲ੍ਹਾ, ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਨਿਊਯਾਰਕ ਦੇ ਮਾਸਟਰ ਮਹਿੰਦਰ ਸਿੰਘ ਮੌਜੂਦ ਸਨ।