ਪੱਕਾ ਮੋਰਚਾ: ਮੁੱਖ ਮੰਤਰੀ ਦੀ ਕੋਠੀ ਅੱਗੇ ਦੂਜੇ ਦਿਨ ਵੀ ਡਟੀ ਰਹੀ ਸੰਗਤ

ਪੱਕਾ ਮੋਰਚਾ: ਮੁੱਖ ਮੰਤਰੀ ਦੀ ਕੋਠੀ ਅੱਗੇ ਦੂਜੇ ਦਿਨ ਵੀ ਡਟੀ ਰਹੀ ਸੰਗਤ

ਸੰਗਰੂਰ – ਗੁਰੂ ਗ੍ਰੰਥ ਸਾਹਿਬ ਦੇ 328 ਪਾਵਨ ਸਰੂਪਾਂ ਦੇ ਲਾਪਤਾ ਹੋਣ ਦੇ ਮਾਮਲੇ ’ਚ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਾਉਣ ਲਈ ਸਿੱਖ ਸਦਭਾਵਨਾ ਦਲ ਦੀ ਅਗਵਾਈ ਹੇਠ ਸਿੱਖ ਸੰਗਤ ਵੱਲੋਂ ਇੱਥੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਅਣਮਿੱਥੇ ਸਮੇਂ ਲਈ ਸ਼ੁਰੂ ਕੀਤਾ ਪੱਕਾ ਮੋਰਚਾ ਅੱਜ ਦੂਜੇ ਦਿਨ ਵੀ ਜਾਰੀ ਰਿਹਾ। ਜ਼ਿਕਰਯੋਗ ਹੈ ਕਿ ਕੱਲ੍ਹ ਅਕਾਲ ਤਖਤ ਸਾਹਿਬ ਸ੍ਰੀ ਅੰਮ੍ਰਿਤਸਰ ਤੋਂ ਅਰਦਾਸ ਕਰ ਕੇ ‘ਸਿੱਖ ਨੀਤੀ’ ਮਾਰਚ ਮੁੱਖ ਮੰਤਰੀ ਦੀ ਕੋਠੀ ਅੱਗੇ ਪੁੱਜਿਆ ਸੀ ਪਰ ਸੁਣਵਾਈ ਨਾ ਹੋਣ ਕਾਰਨ ਸਿੱਖ ਸੰਗਤ ਵੱਲੋਂ ਦਲ ਦੇ ਮੁੱਖ ਸੇਵਾਦਾਰ ਭਾਈ ਬਲਦੇਵ ਸਿੰਘ ਵਡਾਲਾ ਦੀ ਅਗਵਾਈ ਹੇਠ ਪੱਕਾ ਮੋਰਚਾ ਲਗਾ ਦਿੱਤਾ ਗਿਆ ਸੀ।

ਭਾਈ ਵਡਾਲਾ ਨੇ ਦੱਸਿਆ ਕਿ ਅੱਜ ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਝਰ ਵੱਲੋਂ ਫੋਨ ਕਰ ਕੇ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਸਰਕਾਰ ਇਸ ਮਾਮਲੇ ’ਚ ਕੀ ਕਾਰਵਾਈ ਕਰ ਸਕਦੀ ਹੈ। ਇਸ ’ਤੇ ਭਾਈ ਵਡਾਲਾ ਨੇ ਜਵਾਬ ਦਿੱਤਾ ਕਿ ਪਾਵਨ ਸਰੂਪਾਂ ਦੇ ਲਾਪਤਾ/ਚੋਰੀ ਦੇ ਮਾਮਲੇ ਵਿਚ ਦੋਸ਼ੀਆਂ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇ। ਦਲ ਦੇ ਜ਼ਿਲ੍ਹਾ ਕਨਵੀਨਰ ਭਾਈ ਬਚਿੱਤਰ ਸਿੰਘ ਨੇ ਦੋਸ਼ ਲਾਇਆ ਕਿ ਸੰਗਰੂਰ ਪ੍ਰਸ਼ਾਸਨ ਵੱਲੋਂ ਸੰਗਤ ਦੇ ਪੱਕੇ ਮੋਰਚੇ ਦੀ ਲੋਹੇ ਦੇ ਬੈਰੀਕੇਡ ਲਗਾ ਕੇ ਘੇਰਾਬੰਦੀ ਕਰ ਦਿੱਤੀ ਗਈ ਹੈ।

ਭਾਈ ਬਲਦੇਵ ਸਿੰਘ ਵਡਾਲਾ ਨੇ ਕਿਹਾ ਕਿ ਇਹ ਫ਼ੈਸਲਾ ਮੁੱਖ ਮੰਤਰੀ ਦੇ ਹੱਥ ਹੈ ਕਿ ਉਨ੍ਹਾਂ ਸਿੱਖ ਸੰਗਤ ਨੂੰ ਇਨਸਾਫ਼ ਦੇ ਕੇ ਇਤਿਹਾਸ ਸਿਰਜਣਾ ਹੈ ਜਾਂ ਫਿਰ ਪਹਿਲੀਆਂ ਸਰਕਾਰਾਂ ਵਾਂਗ ਹੀ ਮਸਲਾ ਲਟਕਾਉਣਾ ਹੈ।