ਪ੍ਰਕਾਸ਼ ਪੁਰਬ: ਫੁੱਲਾਂ ਨਾਲ ਮਹਿਕਿਆ ਦਰਬਾਰ ਸਾਹਿਬ ਦਾ ਚੌਗਿਰਦਾ

45 ਕਿਸਮਾਂ ਦੇ ਫੁੱਲਾਂ ਨਾਲ ਕੀਤੀ ਦਰਬਾਰ ਸਾਹਿਬ ਦੀ ਸਜਾਵਟ; ਅੱਜ ਪਾਏ ਜਾਣਗੇ ਅਖੰਡ ਪਾਠ ਦੇ ਭੋਗ
ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਭਲਕੇ 28 ਅਗਸਤ ਨੂੰ ਇੱਥੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਦਰਬਾਰ ਸਾਹਿਬ ਸਮੂਹ ਨੂੰ ਫੁੱਲਾਂ ਨਾਲ ਸਜਾਇਆ ਗਿਆ ਹੈ। ਜਾਣਕਾਰੀ ਅਨੁਸਾਰ ਭਲਕੇ ਸਵੇਰੇ ਸੱਤ ਵਜੇ ਗੁਰਦੁਆਰਾ ਰਾਮਸਰ ਵਿਖੇ ਅਖੰਡ ਪਾਠ ਦੇ ਭੋਗ ਪਾਏ ਜਾਣਗੇ। ਭੋਗ ਉਪਰੰਤ ਗੁਰਦੁਆਰਾ ਰਾਮਸਰ ਤੋਂ ਨਗਰ ਕੀਰਤਨ ਸਜਾਇਆ ਜਾਵੇਗਾ, ਜੋ ਦਰਬਾਰ ਸਾਹਿਬ ਪੁੱਜ ਕੇ ਸਮਾਪਤ ਹੋਵੇਗਾ। ਦਰਬਾਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ ਨੇ ਦੱਸਿਆ ਕਿ ਗੁਰਮਤਿ ਸਮਾਗਮ ਸਬੰਧੀ ਗੁਰਦੁਆਰਾ ਰਾਮਸਰ ਵਿਖੇ ਕੀਰਤਨ ਚੱਲ ਰਿਹਾ ਹੈ। ਇਸ ਤੋਂ ਇਲਾਵਾ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕੱਲ੍ਹ ਨੂੰ ਰੈਣ ਸਬਾਈ ਕੀਰਤਨ ਹੋਵੇਗਾ। ਸਵੇਰੇ ਦਰਬਾਰ ਸਾਹਿਬ, ਸ੍ਰੀ ਅਕਾਲ ਤਖ਼ਤ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਵਿਖੇ ਸੁੰਦਰ ਜਲੌਅ ਸਜਾਏ ਜਾਣਗੇ ਤੇ ਰਾਤ ਨੂੰ ਦੀਪਮਾਲਾ ਹੋਵੇਗੀ ਅਤੇ ਆਤਿਸ਼ਬਾਜ਼ੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਜਾਵਟ ਦਾ ਕੰਮ ਮੁਕੰਮਲ ਹੋ ਗਿਆ ਹੈ, ਜਿਸ ਵਾਸਤੇ ਲਗਪਗ 45 ਕਿਸਮਾਂ ਦੇ ਫੁੱਲਾਂ ਦੀ ਵਰਤੋਂ ਕੀਤੀ ਗਈ ਹੈ ਤੇ ਫੁੱਲ ਭਾਰਤ ਸਮੇਤ ਵੱਖ-ਵੱਖ ਦੇਸ਼ਾਂ ਤੋਂ ਮੰਗਵਾਏ ਗਏ ਹਨ।

ਹਰਜਿੰਦਰ ਸਿੰਘ ਧਾਮੀ ਵੱਲੋਂ ਸੰਗਤ ਨੂੰ ਪ੍ਰਕਾਸ਼ ਪੁਰਬ ਦੀ ਵਧਾਈ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤ ਨੂੰ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਪਾਵਨ ਗੁਰਬਾਣੀ ਮਨੁੱਖ ਦੇ ਜੀਵਨ ਨੂੰ ਸੁਖਦਾਈ ਬਣਾਉਣ ਲਈ ਪ੍ਰੇਰਣਾ ਸਰੋਤ ਹੈ ਅਤੇ ਸਭ ਦਾ ਫ਼ਰਜ਼ ਹੈ ਕਿ ਇਸ ਮੁਬਾਰਕ ਮੌਕੇ ’ਤੇ ਗੁਰਬਾਣੀ ਅਨੁਸਾਰ ਜੀਵਨ ਬਤੀਤ ਕਰੀਏ।