ਬੇਤਹਾਸ਼ਾ ਸੰਪਤੀ ਬਣਾਉਣ ਦੇ ਦੋਸ਼ ਬੇਬੁਨਿਆਦ: ਮਮਤਾ

ਬੰਗਾਲ ਦੀ ਮੁੱਖ ਮੰਤਰੀ ਨੇ ਭਾਜਪਾ ਨੂੰ ਗ੍ਰਿਫ਼ਤਾਰ ਕਰਨ ਦੀ ਚੁਣੌਤੀ ਦਿੱਤੀ
ਕੋਲਕਾਤਾ-ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਭਾਜਪਾ ਨੂੰ ਚੁਣੌਤੀ ਦਿੱਤੀ ਕਿ ਉਹ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਕੇ ਦਿਖਾਉਣ। ਬੈਨਰਜੀ ਨੇ ਉਨ੍ਹਾਂ ਦੋਸ਼ਾਂ ਨੂੰ ਵੀ ਖਾਰਜ ਕੀਤਾ ਜਿਨ੍ਹਾਂ ਵਿਚ ਦਾਅਵਾ ਕੀਤਾ ਗਿਆ ਹੈ ਕਿ ਪਿਛਲੇ ਕੁਝ ਸਾਲਾਂ ਵਿਚ ਮੁੱਖ ਮੰਤਰੀ ਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਦੀ ਸੰਪਤੀ ਬੇਤਹਾਸ਼ਾ ਵਧੀ ਹੈ। ਟੀਐਮਸੀ ਸੁਪਰੀਮੋ ਨੇ ਦਾਅਵਾ ਕੀਤਾ ਕਿ ਕੇਂਦਰੀ ਏਜੰਸੀਆਂ ਤੇ ‘ਭਾਜਪਾ ਵੱਲੋਂ ਨਾਜਾਇਜ਼ ਢੰਗ ਨਾਲ ਇਕੱਠੀ ਕੀਤੀ ਦੌਲਤ’ ਨੂੰ ਚੁਣੀਆਂ ਹੋਈਆਂ ਸਰਕਾਰਾਂ ਡੇਗਣ ਲਈ ਵਰਤਿਆ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਆਪਣੇ ਵਿਰੋਧੀਆਂ ਦੀਆਂ ਸਰਕਾਰਾਂ ਡੇਗਣ ਲਈ ਹਰ ਤਰੀਕਾ ਵਰਤ ਰਹੀ ਹੈ। ਮਮਤਾ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਭਾਜਪਾ ਨੂੰ ਅਗਾਮੀ ਲੋਕ ਸਭਾ ਚੋਣਾਂ ਵਿਚ ਹਰਾਏਗੀ। ਮਮਤਾ ਨੇ ਰਾਜ ਦੀ ਵਿਰੋਧੀ ਧਿਰ ਵੱਲੋਂ ਉਨ੍ਹਾਂ ਤੇ ਪਾਰਟੀ ਆਗੂਆਂ ਉਤੇ ਲਾਏ ਜਾ ਰਹੇ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ। ਜ਼ਿਕਰਯੋਗ ਹੈ ਕਿ ਵੱਖ-ਵੱਖ ਕੇਸਾਂ ਵਿਚ ਈਡੀ ਤੇ ਸੀਬੀਆਈ ਨੇ ਦੋ ਸੀਨੀਅਰ ਟੀਐਮਸੀ ਆਗੂਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮਮਤਾ ਨੇ ਕਿਹਾ ਕਿ ਜੇ ਉਹ ਸਿਆਸਤ ਵਿਚ ਨਾ ਹੁੰਦੀ ਤਾਂ ਆਪਣੇ ਲੋਕਾਂ ਨੂੰ ਇਨ੍ਹਾਂ ਦੋਸ਼ ਲਾਉਣ ਵਾਲੇ ਝੂਠਿਆਂ ਦੀਆਂ ਜੀਭਾਂ ਕੱਟਣ ਲਈ ਕਹਿ ਦਿੰਦੀ। ਟੀਐਮਸੀ ਦੇ ਵਿਦਿਆਰਥੀ ਵਿੰਗ ਦੀ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਬੈਨਰਜੀ ਨੇ ਕਿਹਾ ਕਿ ਪਾਰਟੀ ਆਗੂਆਂ ਅਭਿਸ਼ੇਕ ਬੈਨਰਜੀ, ਫਰਹਾਦ ਹਕੀਮ ਤੇ ਉਨ੍ਹਾਂ ਖ਼ਿਲਾਫ਼ ਝੂਠੀ ਮੁਹਿੰਮ ਚਲਾਈ ਜਾ ਰਹੀ ਹੈ।