ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਸ਼੍ਰੋਮਣੀ ਕਮੇਟੀ ਨੇ ਪ੍ਰਧਾਨ ਮੰਤਰੀ ਕੋਲੋਂ ਮੁੜ ਸਮਾਂ ਮੰਗਿਆ

ਸ਼੍ਰੋਮਣੀ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮੁੜ ਪੱਤਰ ਭੇਜ ਕੇ ਗੱਲਬਾਤ ਕਰਨ ਲਈ ਸਮਾਂ ਦੇਣ ਦੀ ਅਪੀਲ ਕੀਤੀ ਹੈ। ਸ਼੍ਰੋਮਣੀ ਕਮੇਟੀ ਨੇ ਭਲਕੇ ਇਸ ਮਾਮਲੇ ਸਬੰਧੀ ਸਿੱਖ ਸੰਸਥਾ ਦੇ ਸਮੂਹ ਮੈਂਬਰਾਂ ਦੀ ਵਿਸ਼ੇਸ਼ ਮੀਟਿੰਗ ਵੀ ਸੱਦੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਉਮਰ ਕੈਦ ਤੋਂ ਵੱਧ ਸਜ਼ਾਵਾਂ ਭੁਗਤਣ ਦੇ ਬਾਵਜੂਦ ਕਈ ਸਿੱਖ ਕੈਦੀ ਅਜੇ ਤੱਕ ਦੇਸ਼ ਦੀਆਂ ਜੇਲ੍ਹਾਂ ਅੰਦਰ ਬੰਦ ਹਨ। ਸਿੱਖ ਭਾਈਚਾਰਾ ਉਨ੍ਹਾਂ ਦੀ ਰਿਹਾਈ ਚਾਹੁੰਦਾ ਹੈ, ਇਸ ਲਈ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੂੰ ਮੁਲਾਕਾਤ ਲਈ ਸਮਾਂ ਦਿੱਤਾ ਜਾਵੇ। ਉਨ੍ਹਾਂ ਪੱਤਰ ਵਿਚ ਉਨ੍ਹਾਂ ਨੌਂ ਸਿੱਖ ਕੈਦੀਆਂ ਦਾ ਜ਼ਿਕਰ ਵੀ ਕੀਤਾ ਗਿਆ ਹੈ, ਜੋ ਲੰਮੀਆਂ ਸਜ਼ਾਵਾਂ ਭੁਗਤਣ ਮਗਰੋਂ ਵੀ ਰਿਹਾਅ ਨਹੀਂ ਕੀਤੇ ਗਏ।