ਰਾਘਵ ਚੱਢਾ ਵੱਲੋਂ ਰਾਸ਼ਟਰਪਤੀ ਨਾਲ ਮੁਲਾਕਾਤ

ਚੰਡੀਗੜ੍ਹ: ‘ਆਪ’ ਦੇ ਸੀਨੀਅਰ ਆਗੂ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਅੱਜ ਦਿੱਲੀ ਸਥਿਤ ਰਾਸ਼ਟਰਪਤੀ ਭਵਨ ਵਿੱਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਸ੍ਰੀ ਚੱਢਾ ਨੇ ਰਾਸ਼ਟਰਪਤੀ ਨਾਲ ਪੰਜਾਬ ਦੇ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਚਰਚਾ ਕੀਤੀ। ਦੇਸ਼ ਦੇ ਸਰਵਉੱਚ ਸੰਵਿਧਾਨਕ ਅਹੁਦੇ ’ਤੇ ਕਾਬਜ਼ ਰਾਸ਼ਟਰਪਤੀ ਮੁਰਮੂ ਨਾਲ ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਇਹ ਪਹਿਲੀ ਸ਼ਿਸ਼ਟਾਚਾਰੀ ਮੁਲਾਕਾਤ ਸੀ। ਮੁਲਾਕਾਤ ਮੌਕੇ ਸਭ ਤੋਂ ਪਹਿਲਾਂ ਰਾਜ ਸਭਾ ਮੈਂਬਰ ਨੇ ਰਾਸ਼ਟਰਪਤੀ ਮੁਰਮੂ ਨੂੰ ਸ੍ਰੀ ਦਰਬਾਰ ਸਾਹਿਬ ਦਾ ਮਾਡਲ ਭੇਟ ਕੀਤਾ। ਮੀਟਿੰਗ ਦੌਰਾਨ ਰਾਘਵ ਚੱਢਾ ਨੇ ਰਾਸ਼ਟਰਪਤੀ ਨਾਲ ਸਮਾਜ ਦੇ ਕਮਜ਼ੋਰ ਵਰਗਾਂ ਨਾਲ ਜੁੜੇ ਮੁੱਦਿਆਂ ਸਮੇਤ ਪੰਜਾਬ ਦੇ ਵਿਕਾਸ ਅਤੇ ਲੋਕ ਭਲਾਈ ਦੇ ਮੁੱਦਿਆਂ ’ਤੇ ਚਰਚਾ ਕੀਤੀ।