ਬਾਬੇ ਨਾਨਕ ਦਾ ਵਿਆਹ ਪੁਰਬ ਸ਼ਰਧਾ ਨਾਲ ਮਨਾਇਆ

ਗੁਰਦੁਆਰਾ ਡੇਹਰਾ ਸਾਹਿਬ ਵਿਖੇ ਖਾਲਸਈ ਜਾਹੋ ਜਲਾਲ ਨਾਲ ਸਜਾਇਆ ਨਗਰ ਕੀਰਤਨ

ਬਟਾਲਾ – ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਦਾ 535ਵਾਂ ਵਿਆਹ ਪੁਰਬ ਅੱਜ ਸ਼੍ਰੋਮਣੀ ਕਮੇਟੀ ਤੇ ਸੰਗਤ ਵੱਲੋਂ ਇਤਿਹਾਸਕ ਗੁਰਦੁਆਰਾ ਸ੍ਰੀ ਕੰਧ ਸਾਹਿਬ, ਗੁਰਦੁਆਰਾ ਡੇਹਰਾ ਸਾਹਿਬ ਤੇ ਗੁਰਦੁਆਰਾ ਸਤਿਕਰਤਾਰੀਆਂ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਗਿਆ। ਵਿਆਹ ਪੁਰਬ ਦੀ ਖੁਸ਼ੀ ਵਿੱਚ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਅੱਜ ਸਵੇਰੇ ਭੋਗ ਪਾਏ ਗਏ। ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਨੇ ਹੁਕਮਨਾਮਾ ਪੜ੍ਹਿਆ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਗੁਰਦੁਆਰੇ ਪਹੁੰਚ ਕੇ ਮੱਥਾ ਟੇਕਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਕਾਰਜਕਾਰੀ ਮੈਂਬਰ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ, ਗੁਰਨਾਮ ਸਿੰਘ ਜੱਸਲ, ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਲਾਲਚੰਦ ਕਟਾਰੂਚੱਕ, ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਸਾਬਕਾ ਕੈਬਨਿਟ ਮੰਤਰੀ ਤਿ੍ਰਪਤ ਰਾਜਿੰਦਰ ਸਿੰਘ ਬਾਜਵਾ, ਕੈਪਟਨ ਬਲਬੀਰ ਸਿੰਘ ਬਾਠ, ਸਾਬਕਾ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ ਸਮੇਤ ਹੋਰ ਹਸਤੀਆਂ ਵੀ ਸ਼ਾਮਲ ਹੋਈਆਂ। ਸ੍ਰੀ ਧਾਮੀ ਨੇ ਬਾਬੇ ਨਾਨਕ ਦੇ ਵਿਆਹ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਗੁਰੂ ਸਾਹਿਬ ਦੇ ਦਿੱਤੇ ਸਿਧਾਂਤ ‘ਕਿਰਤ ਕਰੋ, ਨਾਮ ਜਪੋ, ਵੰਡ ਛਕੋ’ ਅਨੁਸਾਰ ਚੱਲਣਾ ਚਾਹੀਦਾ ਹੈ। ਗੁਰੂ ਨਾਨਕ ਦੇਵ ਦੇ ਵਿਆਹ ਅਸਥਾਨ ਇਤਿਹਾਸਕ ਗੁਰਦੁਆਰਾ ਡੇਹਰਾ ਸਾਹਿਬ ਤੋਂ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਖਾਲਸਈ ਜਾਹੋ-ਜਲਾਲ ਨਾਲ ਮਹਾਨ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਆਰੰਭਤਾ ਮੌਕੇ ਸ੍ਰੀ ਧਾਮੀ ਨੇ ਗੁਰੂ ਗ੍ਰੰਥ ਸਾਹਿਬ ਦਾ ਪਾਵਨ ਸਰੂਪ ਆਪਣੇ ਸਿਰ ’ਤੇ ਰੱਖ ਕੇ ਪਾਲਕੀ ਸਾਹਿਬ ਵਿੱਚ ਸੁਸ਼ੋਭਿਤ ਕੀਤਾ। ਨਗਰ ਕੀਰਤਨ ਗੁਰਦੁਆਰਾ ਡੇਹਰਾ ਸਾਹਿਬ ਤੋਂ ਆਰੰਭ ਹੋ ਕੇ ਖਜੂਰੀ ਗੇਟ, ਸਰਕੂਲਰ ਰੋਡ ਤੋਂ ਹੰਦਾ ਹੋਇਆ, ਹੰਸਲੀ ਪੁਲ ਜਲੰਧਰ ਰੋਡ ਤੋਂ ਕਾਹਨੂੰਵਾਨ ਚੁੰਗੀ, ਪੁਲੀਸ ਲਾਈਨ ਤੋਂ ਗੁਰਦਾਸਪੁਰ ਰੋਡ ਤੇ ਉੱਥੋਂ ਵਾਪਸੀ ਕਰਦਿਆਂ ਸ਼ਹਿਰ ਦੇ ਅੰਦਰੂਨ ਹਿੱਸਿਆ ਤੋਂ ਦੇਰ ਰਾਤ ਵਾਪਸ ਗੁਰਦੁਆਰਾ ਸਾਹਿਬ ਪਹੁੰਚ ਕੇ ਸਮਾਪਤ ਹੋਇਆ। ਇਸ ਦੌਰਾਨ ਗਤਕਾ ਟੀਮਾਂ ਨੇ ਆਪਣੇ ਜੌਹਰ ਦਿਖਾਏ। ਸਾਰਾ ਸ਼ਹਿਰ ਸਵਾਗਤੀ ਗੇਟਾਂ ਨਾਲ ਭਰਿਆ ਹੋਇਆ ਸੀ ਤੇ ਨਗਰ ਕੀਰਤਨ ਵਿੱਚ ਸ਼ਾਮਲ ਟਰੈਕਟਰ-ਟਰਾਲੀਆਂ ਵਿੱਚ ਸਵਾਰ ਔਰਤਾਂ ਦੇ ਜਥੇ ਗੁਰਬਾਣੀ ਕੀਰਤਨ ਕਰ ਰਹੇ ਸਨ। ਇਸ ਮੌਕੇ ਸ਼ਹਿਰ ਅੰਦਰ ਗੁਰੂ ਨਾਨਕ ਦੇਵ ਨਾਲ ਸਬੰਧਤ ਸਾਰੇ ਗੁਰਦੁਆਰਿਆਂ ਨੂੰ ਸੰਦਰ ਢੰਗ ਨਾਲ ਸਜਾਇਆ ਗਿਆ ਸੀ। ਵਿਆਹ ਪੁਰਬ ਮੌਕੇ ਕੱਢੇ ਗਏ ਇਸ ਵਿਸ਼ਾਲ ਨਗਰ ਕੀਰਤਨ ਵਿੱਚ ਦੇਸ਼ ਵਿਦੇਸ਼ ਤੋਂ ਆਈ ਸੰਗਤ ਨਤਮਸਤਕ ਹੋਈ। ਦੱਸਣਯੋਗ ਹੈ ਕਿ ਕੱਲ੍ਹ ਸੁਲਤਾਨਪੁਰ ਲੋਧੀ ਸਥਿਤ ਗੁਰਦੁਆਰਾ ਬੇਰ ਸਾਹਿਬ ਤੋਂ ਆਰੰਭ ਹੋਇਆ ਇਹ ਨਗਰ ਕੀਰਤਨ ਦੇਰ ਰਾਤ ਕਰੀਬ ਗਿਆਰਾਂ ਵਜੇ ਇੱਥੇ ਪੁੱਜਿਆ ਸੀ।