ਬਹਿਬਲ ਕਲਾਂ ਗੋਲੀ ਕਾਂਡ: ‘ਸਿਟ’ ਅੱਗੇ ਪੇਸ਼ ਹੋਏ ਸੁਖਬੀਰ ਬਾਦਲ

ਆਈਜੀ ਨੌਨਿਹਾਲ ਸਿੰਘ ਦੀ ਅਗਵਾਈ ਹੇਠ ਟੀਮ ਵੱਲੋਂ ਤਿੰਨ ਘੰਟੇ ਪੁੱਛ-ਪੜਤਾਲ; ਸੁਖਬੀਰ ਨੇ ‘ਆਪ’ ਤੇ ਲਾਏ ਗੰਭੀਰ ਦੋਸ਼

ਚੰਡੀਗੜ੍ਹ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਇੱਥੇ ਪੰਜਾਬ ਪੁਲੀਸ ਵੱਲੋਂ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਲਈ ਗਠਿਤ ਵਿਸ਼ੇਸ਼ ਜਾਂਚ ਟੀਮ (ਸਿਟ) ਅੱਗੇ ਪੇਸ਼ ਹੋਏ। ਆਈਜੀ ਰੈਂਕ ਦੇ ਪੁਲੀਸ ਅਧਿਕਾਰੀ ਨੌਨਿਹਾਲ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਸ੍ਰੀ ਬਾਦਲ ਤੋਂ ਤਿੰਨ ਘੰਟੇ ਪੁੱਛਗਿੱਛ ਕੀਤੀ। ਸੂਬੇ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਸ਼ਾਸਨ ਦੌਰਾਨ ਵਾਪਰੇ ਇਸ ਗੋਲੀ ਕਾਂਡ ਵਿੱਚ ਦੋ ਜਣਿਆਂ ਦੀ ਪੁਲੀਸ ਗੋਲੀ ਨਾਲ ਮੌਤ ਹੋ ਗਈ ਸੀ ਤੇ ਪੁਲੀਸ ਵੱਲੋਂ ‘ਅਣਪਛਾਤੇ ਪੁਲੀਸ ਕਰਮਚਾਰੀਆਂ’ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ। ਸ੍ਰੀ ਬਾਦਲ ਉਸ ਵੇਲੇ ਅਕਾਲੀ-ਭਾਜਪਾ ਸਰਕਾਰ ਵਿੱਚ ਗ੍ਰਹਿ ਮੰਤਰੀ ਸਨ। ਇਸ ਲਈ ਪੁਲੀਸ ਵੱਲੋਂ ਅੱਜ ਇਸ ਮਾਮਲੇ ’ਤੇ ਅਕਾਲੀ ਦਲ ਦੇ ਪ੍ਰਧਾਨ ਤੋਂ ਸਮੁੱਚੀ ਪ੍ਰਕਿਰਿਆ ਅਤੇ ਘਟਨਾ ਨਾਲ ਸਬੰਧਤ ਸਵਾਲ ਪੁੱਛੇ ਗਏ। ਸਿਟ ਵੱਲੋਂ ਪੁੱਛਿਆ ਗਿਆ ਕਿ ਗ੍ਰਹਿ ਮੰਤਰੀ ਵਜੋਂ ਇਸ ਗੋਲੀ ਕਾਂਡ ਦੀ ਜਾਣਕਾਰੀ ਕਦੋਂ, ਕਿਵੇਂ ਅਤੇ ਕਿਸ ਰਾਹੀਂ ਮਿਲੀ। ਪੁਲੀਸ ਅਧਿਕਾਰੀਆਂ ਨੇ ਪੁੱਛਿਆ ਕਿ ਜਦੋਂ ਗ੍ਰਹਿ ਮੰਤਰੀ ਹੁੰਦਿਆਂ ਤੁਹਾਨੂੰ ਪਤਾ ਲੱਗ ਗਿਆ ਸੀ ਕਿ ਬਹਿਬਲ ਕਲਾਂ ਗੋਲੀ ਕਾਂਡ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ ਤਾਂ ਉਸ ਤੋਂ ਬਾਅਦ ਕਿਸ ਤਰ੍ਹਾਂ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ। ਪੁਲੀਸ ਅਧਿਕਾਰੀਆਂ ਦਾ ਦੱਸਣਾ ਹੈ ਕਿ ਅਕਾਲੀ ਦਲ ਦੇ ਪ੍ਰਧਾਨ ਵੱਲੋਂ ਸਿਟ ਵੱਲੋਂ ਕੀਤੇ ਜਿਨ੍ਹਾਂ ਸਵਾਲਾਂ ਦਾ ਜਵਾਬ ਦਿੱਤਾ ਗਿਆ ਹੈ ਉਨ੍ਹਾਂ ਦੀ ਪ੍ਰਮਾਣਿਕਤਾ ਦੇਖੀ ਜਾਵੇਗੀ ਤੇ ਪੁਲੀਸ ਦਾ ਰਿਕਾਰਡ ਵੀ ਘੋਖਿਆ ਜਾਵੇਗਾ। ਇਸ ਮੌਕੇ ਸਿਟ ਦੇ ਮੈਂਬਰਾਂ ਵਜੋਂ ਬਟਾਲਾ ਦੇ ਐਸਐਸਪੀ ਸਤਿੰਦਰ ਸਿੰਘ ਅਤੇ ਜਲੰਧਰ ਦਿਹਾਤੀ ਦੇ ਐਸਐਸਪੀ ਸਵਰਨਦੀਪ ਸਿੰਘ ਵੀ ਮੌਜੂਦ ਸਨ। ਪੁਲੀਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਹਾਲੇ ਸ਼ੁਰੂ ਹੋਈ ਹੈ ਜਿਸ ਦੀ ਰਿਪੋਰਟ ਲਈ ਉਡੀਕ ਕਰਨੀ ਪਵੇਗੀ। ਸੂਤਰਾਂ ਦਾ ਕਹਿਣਾ ਹੈ ਕਿ ਸਰਕਾਰ ਇਸ ਮਾਮਲੇ ਨੂੰ ਜ਼ਿਆਦਾ ਲਮਕਾਉਣਾ ਨਹੀਂ ਚਾਹੁੰਦੀ ਤਾਂ ਕਿ ਅਕਾਲੀਆਂ ਤੇ ਕਾਂਗਰਸੀਆਂ ਵਾਂਗ ਉਹ ਲੋਕਾਂ ਦੇ ਰੋਹ ਦਾ ਸ਼ਿਕਾਰ ਨਾ ਹੋ ਸਕੇ। ਜ਼ਿਕਰਯੋਗ ਹੈ ਕਿ ਪੁਲੀਸ ਗੋਲੀ ਦੀਆਂ ਇਨ੍ਹਾਂ ਦੋਹਾਂ ਘਟਨਾਵਾਂ ਦੇ ਮਾਮਲੇ ’ਤੇ ਵਿਰੋਧੀਆਂ ਵੱਲੋਂ ਬਾਦਲ ਪਰਿਵਾਰ ਨੂੰ ਲਗਾਤਾਰ ਨਿਸ਼ਾਨੇ ’ਤੇ ਲਿਆ ਜਾ ਰਿਹਾ ਹੈ।

ਜ਼ਿਕਰਯੋਗ ਹੈ ਕਿ ਇਨ੍ਹਾਂ ਮਾਮਲਿਆਂ ਦੀ ਜਾਂਚ ਰਿਪੋਰਟ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਸੇਵਾਮੁਕਤ ਜੱਜ ਜਸਟਿਸ ਰਣਜੀਤ ਸਿੰਘ ਵੱਲੋਂ ਸਰਕਾਰ ਨੂੰ ਸੌਂਪੀ ਗਈ ਸੀ।

‘ਸਿਟ’ ਅੱਗੇ ਪੇਸ਼ ਹੋਣ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪੰਜਾਬੀ ਚਾਹੁੰਦੇ ਹਨ ਕਿ ਇਨ੍ਹਾਂ ਕੇਸਾਂ ਦੇ ਸਾਰੇ ਦੋਸ਼ੀਆਂ ਨੂੰ ਫੜਿਆ ਜਾਵੇ ਤੇ ਸਜ਼ਾਵਾਂ ਮਿਲਣ ਪਰ ‘ਆਪ’ ਸਰਕਾਰ ਪਿਛਲੀ ਕਾਂਗਰਸ ਸਰਕਾਰ ਦੇ ਰਾਹ ’ਤੇ ਚਲ ਰਹੀ ਹੈ ਤੇ ਜਾਂਚ ਦਾ ਸਿਆਸੀਕਰਨ ਕਰ ਰਹੀ ਹੈ।

ਸੁਖਬੀਰ ਬਾਦਲ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ‘ਆਪ’ ਸਰਕਾਰ ਨੇ ਇਨ੍ਹਾਂ ਕੇਸਾਂ ਵਿਚ ਕੋਈ ਕਾਰਵਾਈ ਨਹੀਂ ਕੀਤੀ ਤੇ ਹੁਣ ਆਪਣੀਆਂ ਅਸਫਲਤਾਵਾਂ ’ਤੇ ਪਰਦਾ ਪਾਉਣ ਤੇ ਲੋਕਾਂ ਦਾ ਧਿਆਨ ਪਾਸੇ ਕਰਨ ਲਈ ਸਿਆਸੀ ਬਦਲਾਖੋਰੀ ’ਤੇ ਉਤਰ ਆਈ ਹੈ। ਉਨ੍ਹਾਂ ਕਿਹਾ ਕਿ ਸਿਟ ਨੇ ਜਿਹੜੇ ਅੱਜ ਸਵਾਲ ਪੁੱਛੇ ਉਨ੍ਹਾਂ ਸਵਾਲਾਂ ਦੇ ਜਵਾਬ ਸਰਕਾਰ ਪਹਿਲਾਂ ਹੀ ਜਾਣਦੀ ਹੈ ਪਰ ਅਕਾਲੀ ਆਗੂ ਇਨ੍ਹਾਂ ਮਾਮਲਿਆਂ ਦੀ ਜਾਂਚ ਕਰ ਰਹੀਆਂ ਵਿਸ਼ੇਸ਼ ਜਾਂਚ ਟੀਮਾਂ ਨਾਲ ਪੂਰਾ ਸਹਿਯੋਗ ਕਰਨ ਲਈ ਤਿਆਰ ਹਨ।