‘ਆਪ’ ਆਗੂ ਪੰਜਾਬ ਦੇ ਮਸਲਿਆਂ ਤੋਂ ਕੋਰੇ: ਕੈਪਟਨ

ਛੇ ਮਹੀਨਿਆਂ ’ਚ ਹੀ ਭਰੋਸੇ ਦਾ ਵੋਟ ਲਿਆਉਣਾ ਪੰਜਾਬੀਆਂ ਨਾਲ ਧੋਖਾ ਕਰਾਰ

ਚੰਡੀਗੜ੍ਹ – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੀ ‘ਆਪ’ ਸਰਕਾਰ ਨੂੰ ਪ੍ਰਸ਼ਾਸਕੀ ਕੰਮਾਂ ਦੀ ਸਮਝ ਤੋਂ ਕੋਰੇ ਕਰਾਰ ਦਿੰਦਿਆਂ ਕਿਹਾ ਕਿ 92 ਵਿਧਾਇਕਾਂ ਵਾਲੀ ਸਰਕਾਰ ਵੱਲੋਂ 6 ਮਹੀਨਿਆਂ ’ਚ ਹੀ ਭਰੋਸੇ ਦਾ ਵੋਟ ਲਿਆਉਣਾ ਮਜ਼ਾਕ ਤੇ ਪੰਜਾਬੀਆਂ ਨਾਲ ਧੋਖਾ ਹੈ। ਭਾਜਪਾ ਦੇ ਸੂਬਾਈ ਦਫ਼ਤਰ ਵਿੱਚ ਮੀਟਿੰਗ ਲਈ ਪਹੁੰਚੇ ਕੈਪਟਨ ਅਮਰਿੰਦਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬੀਆਂ ਨੇ ਦੁਨੀਆ ਪੱਧਰ ’ਤੇ ਨਾਮ ਕਮਾਇਆ ਹੈ ਤੇ ‘ਆਪ’ ਸਰਕਾਰ ਪੰਜਾਬੀਆਂ ਦਾ ਨਾਮ ਮਿੱਟੀ ’ਚ ਰੋਲਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਦੀਆਂ ਹਰਕਤਾਂ ਇਸ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਹਨ ਉਸ ਨੂੰ ਦੇਖਦਿਆਂ ਕਿਹਾ ਜਾ ਸਕਦਾ ਹੈ ਕਿ ਪੰਜਾਬ ਦੇ ਲੋਕ ਪਤਾ ਨਹੀਂ ਕਿੰਨਾ ਕੁ ਚਿਰ ਬਰਦਾਸ਼ਤ ਕਰਨਗੇ।

ਪੰਜਾਬ ’ਚ ਕਾਂਗਰਸ ਦੀ ਸਰਕਾਰ ਸਮੇਂ ਰੇਤ ਅਤੇ ਹੋਰਨਾਂ ਮਾਫੀਆ ਵਿੱਚ ਕਾਂਗਰਸੀ ਆਗੂਆਂ ਦੀ ਸ਼ਮੂਲੀਅਤ ਸਬੰਧੀ ਕੋਈ ਖੁਲਾਸਾ ਕਰਨ ਤੋਂ ਇਨਕਾਰ ਕਰਦਿਆਂ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਜੇ ਵਿਜੀਲੈਂਸ ਕਿਸੇ ਜਾਂਚ ਦੌਰਾਨ ਪੁੱਛੇਗੀ ਤਾਂ ਸੋਚਾਂਗੇ। ਇਸ ਮੌਕੇ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਕਾਰਜਸ਼ੈਲੀ ਦੀ ਸ਼ਲਾਘਾ ਕੀਤੀ।

ਕੈਪਟਨ ਨੇ ਰਾਜਸਥਾਨ ਦੇ ਕਾਂਗਰਸ ਸੰਕਟ ’ਤੇ ਤਾਂ ਕੋਈ ਟਿੱਪਣੀ ਕਰਨ ਤੋਂ ਗੁਰੇਜ਼ ਕੀਤਾ ਪਰ ਉਨ੍ਹਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਦੀ ਕੁਰਸੀ ਤੋਂ ਲਾਹੁਣ ਦੇ ਮਾਮਲੇ ’ਤੇ ਸੋਨੀਆ ਗਾਂਧੀ ਦੀ ਕਾਰਜਸ਼ੈਲੀ ਪ੍ਰਤੀ ਤਿੱਖੀਆਂ ਟਿੱਪਣੀਆਂ ਕੀਤੀਆਂ। ਉਨ੍ਹਾਂ ਕਿਹਾ ਕਿ ਸਿੱਖਸ ਫਾਰ ਜਸਟਿਸ ਦਾ ਆਗੂ ਗੁਰਪਤਵੰਤ ਸਿੰਘ ਪੰਨੂ ਸਮੁੱਚੇ ਭਾਈਚਾਰੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਇਸ ਮੌਕੇ ਸੂਬਾ ਪ੍ਰਧਾਨ ਅਸ਼ਵਨੀ ਸਰਮਾ, ਸੁਨੀਲ ਜਾਖੜ, ਮਨੋਰੰਜਨ ਕਾਲੀਆ, ਡਾ. ਰਾਜ ਕੁਮਾਰ ਵੇਰਕਾ ਤੇ ਹਰਜੀਤ ਸਿੰਘ ਗਰੇਵਾਲ ਵੀ ਮੌਜੂਦ ਸਨ।

ਰਾਘਵ ਚੱਢਾ ਦੀ ਭੂਮਿਕਾ ’ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਭੂਮਿਕਾ ’ਤੇ ਸਵਾਲ ਖੜ੍ਹੇ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦਾ ਕੰਮ ਚੱਢਾ ਵੱਲੋਂ ਦੇਖਣਾ ਬਹੁਤ ਹੀ ਸ਼ਰਮਨਾਕ ਤੇ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਪੰਜਾਬ ਦੇ ਮਸਲਿਆਂ ਪ੍ਰਤੀ ਅਣਜਾਣ ਹੈ। ਇਹੀ ਕਾਰਨ ਹੈ ਕਿ ਪੰਜਾਬ ਦੇ ਲੋਕ ਛੇ ਮਹੀਨਿਆਂ ’ਚ ਹੀ ਹੋਰ ਸਿਆਸੀ ਧਿਰਾਂ ਵੱਲ ਦੇਖਣ ਲੱਗੇ ਹਨ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਬਹੁਤ ਔਖੀਆਂ ਘੜੀਆਂ ਦੇਖੀਆਂ ਹਨ ਪਰ ਹੌਸਲਾ ਕਦੇ ਨਹੀਂ ਹਾਰਿਆ।