ਹਰਿਆਣਾ ਕਮੇਟੀ – ਬਹਿਬਲ ਤੇ ਬਰਗਾੜੀ ਕਾਂਡ ਦੇ ਮੁਲਜ਼ਮਾਂ ਨੂੰ ਸਜ਼ਾ ਦਿਵਾਉਣ ਦੀ ਅਪੀਲ

ਅੰਮ੍ਰਿਤਸਰ – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਪੰਜਾਬ ਦੇ ਚੇਅਰਮੈਨ ਮਨਜੀਤ ਸਿੰਘ ਭੋਮਾ ਨੇ ਸ਼੍ਰੋਮਣੀ ਕਮੇਟੀ ਨੂੰ ਅਪੀਲ ਕੀਤੀ ਕਿ ਹਰਿਆਣਾ ਤੇ ਪੰਜਾਬ ਦੇ ਸਿੱਖਾਂ ਵਿੱਚ ਭਰਾ ਮਾਰੂ ਜੰਗ ਕਰਵਾਉਣ ਦੀ ਬਜਾਏ ਉਹ ਬਰਗਾੜੀ ਤੇ ਬਹਿਬਲ ਕਲਾਂ ਦੇ ਮੁਲਜ਼ਮਾਂ ਨੂੰ ਸਜ਼ਾਵਾਂ ਦਿਵਾਉਣ ਲਈ ਅਤੇ ਬੰਦੀ ਸਿੰਘਾਂ ਦੀਆਂ ਰਿਹਾਈਆਂ ਲਈ ਮੋਰਚਾ ਲਾਇਆ ਜਾਵੇ। ਇਸੇ ਤਰ੍ਹਾਂ ਆਪਣੀ ਸ਼ਕਤੀ ਤੇ ਨੀਤੀ ਧਰਮ ਪ੍ਰਚਾਰ ਦੇ ਏਜੰਡੇ ’ਤੇ ਕੇਂਦਰਿਤ ਕੀਤੀ ਜਾਵੇ।

ਅੱਜ ਇਥੇ ਧਰਮ ਪ੍ਰਚਾਰ ਕਮੇਟੀ ਦੇ ਦਫ਼ਤਰ ਵਿੱਚ ਵੱਖ-ਵੱਖ ਪਿੰਡਾਂ ਦੇ ਗੁਰਦੁਆਰਿਆਂ ਦੇ ਗ੍ਰੰਥੀ ਸਾਹਿਬਾਨ ਦੀ ਇੱਕ ਵਿਸ਼ੇਸ਼ ਮੀਟਿੰਗ ਸੱਦੀ ਗਈ ਸੀ। ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਹਰਿਆਣਾ ਵਿਚ ਵੱਖਰੀ ਕਮੇਟੀ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾਣ ਵਾਲੇ ਸੰਘਰਸ਼ ਨਾਲ ਸਿੱਖ ਕੌਮ ਵਿਚ ਭਰਾ-ਮਾਰੂ ਜੰਗ ਸ਼ੁਰੂ ਹੋਵੇਗੀ, ਜਿਸ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।

ਉਨ੍ਹਾਂ ਦੱਸਿਆ ਕਿ ਮੀਟਿੰਗ ਵਿੱਚ ਇਹ ਨੁਕਤੇ ਉਭਰ ਕੇ ਸਾਹਮਣੇ ਆਏ ਹਨ ਕਿ ਪੰਜਾਬ ਵਿੱਚ ਨਸ਼ੇ, ਪਤਿਤਪੁਣੇ ਅਤੇ ਧਰਮ ਪਰਿਵਰਤਨ ਦੀ ਲਹਿਰ ਚਲ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਿੱਖ ਧਰਮ, ਸਿੱਖ ਇਤਿਹਾਸ ਅਤੇ ਸ਼ਹੀਦਾਂ ਬਾਰੇ ਪ੍ਰਚਾਰ ਕਰਨ ਵਿੱਚ ਸ਼੍ਰੋਮਣੀ ਕਮੇਟੀ ਤੇ ਸਿਆਸੀ ਸਿੱਖ ਲੀਡਰਸ਼ਿਪ ਨੇ ਆਪਣੀ ਡਿਊਟੀ ਇਮਾਨਦਾਰੀ ਨਾਲ ਨਹੀਂ ਨਿਭਾਈ ਸਗੋਂ ਡੇਰਾਵਾਦ ਨੂੰ ਉਤਸ਼ਾਹਿਤ ਕੀਤਾ ਹੈ। ਉਨ੍ਹਾਂ ਦਸਿਆ ਕਿ ਗ੍ਰੰਥੀ ਸਿੰਘਾਂ ਨੇ ਦੱਸਿਆ ਕਿ ਜੋ ਸਿੱਖ ਪਰਿਵਾਰ ਕ੍ਰਿਸਚਅਨ ਬਣ ਰਹੇ ਹਨ ਉਨ੍ਹਾਂ ਦੇ ਬੱਚਿਆਂ ਦੀਆਂ ਫੀਸਾਂ ਕ੍ਰਿਸਚਨ ਭਾਈਚਾਰੇ ਨੇ ਆਪਣੇ ਸਕੂਲਾਂ ਵਿੱਚ ਮੁਆਫ਼ ਕੀਤੀਆਂ ਹੋਈਆਂ ਹਨ।