ਸ਼ਹੀਦੀ ਸਾਕਾ ਪੰਜਾ ਸਾਹਿਬ ਦੇ ਸ਼ਤਾਬਦੀ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਵਫ਼ਦ ਪਾਕਿਸਤਾਨ ਪੁੱਜਿਆ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪੰਜ ਮੈਂਬਰੀ ਵਫ਼ਦ ‘ਸ਼ਹੀਦੀ ਸਾਕਾ ਪੰਜਾ ਸਾਹਿਬ’ ਦੇ ਸ਼ਤਾਬਦੀ ਸਮਾਗਮਾਂ ਦੇ ਪ‍੍ਬੰਧਾਂ ਲਈ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਔਕਾਫ਼ ਬੋਰਡ ਨਾਲ ਵਿਚਾਰ ਵਟਾਂਦਰਾ ਕਰਨ ਲਈ ਅੱਜ ਅਟਾਰੀ ਸਰਹੱਦ ਰਾਹੀਂ ਪਾਕਿਸਤਾਨ ਪੁੱਜਿਆ। ਸ਼ਤਾਬਦੀ ਸਮਾਗਮ 30 ਅਕਤੂਬਰ ਨੂੰ ਮਨਾਇਆ ਜਾਣਾ ਹੈ। ਅੱਜ ਪਾਕਿਸਤਾਨ ਗਏ ਵਫ਼ਦ ਦੀ ਅਗਵਾਈ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤੀ। ਉਨ੍ਹਾਂ ਨਾਲ ਜਨਰਲ ਸਕੱਤਰ ਕਰਨੈਲ ਸਿੰਘ ਪੰਜੋਲੀ, ਮੈਂਬਰ ਰਜਿੰਦਰ ਸਿੰਘ ਮਹਿਤਾ, ਧਰਮ ਪ੍ਰਚਾਰ ਕਮੇਟੀ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਅਤੇ ਯਾਤਰਾ ਵਿਭਾਗ ਦੇ ਇੰਚਾਰਜ ਰਜਿੰਦਰ ਸਿੰਘ ਰੂਬੀ ਹਨ। ਸਰਹੱਦ ਪਾਰ ਪੁੱਜਣ ’ਤੇ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਔਕਾਫ਼ ਬੋਰਡ ਦੇ ਨੁਮਾਇੰਦਿਆਂ ਤੇ ਅਧਿਕਾਰੀਆਂ ਵੱਲੋਂ ਵਫ਼ਦ ਦਾ ਸਵਾਗਤ ਕੀਤਾ ਗਿਆ। ਇਹ ਵਫ਼ਦ ਲਾਹੌਰ ਵਿਖੇ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਔਕਾਫ਼ ਬੋਰਡ ਦੇ ਅਧਿਕਾਰੀਆਂ ਅਤੇ ਅਹੁਦੇਦਾਰਾਂ ਨਾਲ ਸ਼ਤਾਬਦੀ ਸਮਾਗਮਾਂ ਸਬੰਧੀ ਬੈਠਕ ਕਰੇਗਾ। ਬੈਠਕ ਵਿੱਚ ਵਿਚਾਰ ਕੀਤਾ ਜਾਵੇਗਾ ਕਿ ਸ਼ਤਾਬਦੀ ਸਮਾਗਮ ਕਿਸ ਪੱਧਰ ਦੇ ਕੀਤੇ ਜਾਣੇ ਹਨ। ਸ਼੍ਰੋਮਣੀ ਕਮੇਟੀ ਇਹ ਸ਼ਤਾਬਦੀ ਸਮਾਗਮ ਭਾਰਤ ਅਤੇ ਪਾਕਿਸਤਾਨ ਦੋਵੇਂ ਪਾਸੇ ਮਨਾਉਣਾ ਚਾਹੁੰਦੀ ਹੈ। ਸ਼ਤਾਬਦੀ ਨਾਲ ਸਬੰਧਤ ਲੋਗੋ, ਯਾਦਗਾਰੀ ਸਿੱਕੇ ਤੇ ਕਿਤਾਬਚੇ ਪ੍ਰਕਾਸ਼ਤ ਕੀਤੇ ਜਾ ਚੁੱਕੇ ਹਨ। ਇਸ ਤੋਂ ਪਹਿਲਾਂ ਪਾਕਿਸਤਾਨ ਸਰਕਾਰ ਵੱਲੋਂ ਸ਼ਤਾਬਦੀ ਸਮਾਗਮਾਂ ਬਾਰੇ ਕੋਈ ਹੁੰਗਾਰਾ ਨਾ ਮਿਲਣ ਕਾਰਨ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਦੁਚਿੱਤੀ ਵਿੱਚ ਸੀ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਦਾ ਵਫ਼ਦ ਬੀਤੇ ਦਿਨੀਂ ਦਿੱਲੀ ਸਥਿਤ ਪਾਕਿਸਤਾਨੀ ਸਫਾਰਤਖਾਨੇ ਦੇ ਅਧਿਕਾਰੀਆਂ ਨੂੰ ਮਿਲ ਕੇ ਆਇਆ ਸੀ।