ਵੱਖਰੀ ਹਰਿਆਣਾ ਗੁਰਦੁਆਰਾ ਕਮੇਟੀ ਖ਼ਿਲਾਫ਼ ਸ਼੍ਰੋਮਣੀ ਕਮੇਟੀ ਨੇ ਤਿੱਖਾ ਕੀਤਾ ਸੰਘਰਸ਼

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਦਮਦਮਾ ਸਾਹਿਬ ਅਤੇ ਅੰਬਾਲਾ ਤੋਂ ਪੰਥਕ ਰੋਸ ਮਾਰਚ
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੇ, ਸੰਘਰਸ਼ ਦੀ ਕਾਮਯਾਬੀ ਲਈ ਕੀਤੀ ਅਰਦਾਸ

ਅੰਮਿ੍ਤਸਰ/ਸ੍ਰੀ ਅਨੰਦਪੁਰ ਸਾਹਿਬ/ਤਲਵੰਡੀ ਸਾਬੋ/ਅੰਬਾਲਾ -ਸੁਪਰੀਮ ਕੋਰਟ ਵਲੋਂ ਪਿਛਲੇ ਦਿਨੀਂ ਹਰਿਆਣਾ ਸਿੱਖ ਗੁ: ਮੈਨੇਜਮੈਂਟ ਐਕਟ ਨੂੰ ਮਾਨਤਾ ਦੇਣ ਦੇ ਫ਼ੈਸਲੇ ਨੂੰ ਲੈ ਕੇ ਅੱਜ ਸ਼ੋ੍ਰਮਣੀ ਕਮੇਟੀ ਵਲੋਂ ਅਕਾਲੀ ਦਲ ਤੇ ਸੰਗਤ ਦੇ ਸਹਿਯੋਗ ਨਾਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਤਖ਼ਤ ਸ੍ਰੀ ਦਮਦਮਾ ਸਾਹਿਬ ਅਤੇ ਗੁਰਦੁਆਰਾ ਮੰਜੀ ਸਾਹਿਬ ਅੰਬਾਲਾ ਤੋਂ ਰੋਸ ਮਾਰਚ ਵੱਖ-ਵੱਖ ਮਾਰਗਾਂ ਤੋਂ ਹੁੰਦੇ ਹੋਏ ਸ਼ਾਮ ਨੂੰ ਗੁਰੂ ਨਗਰੀ ਵਿਖੇ ਪੁੱਜ ਕੇ ਸਮਾਪਤ ਹੋਏ ਤੇ ਇਸ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਸਨਮੁੱਖ ਪੰਥ ਦੀ ਏਕਤਾ, ਚੜ੍ਹਦੀ ਕਲਾ ਅਤੇ ਸ਼ੋ੍ਰਮਣੀ ਕਮੇਟੀ ਨੂੰ ਤੋੜੇ ਜਾਣ ਵਿਰੁੱਧ ਆਰੰਭੇ ਪੰਥਕ ਸੰਘਰਸ਼ ਦੀ ਕਾਮਯਾਬੀ ਲਈ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ ਵਰਪਾਲ ਵਲੋਂ ਅਰਦਾਸ ਕੀਤੀ ਗਈ | ਇਸ ਮੌਕੇ ਸ਼੍ਰੋ੍ਰਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰੰਘ ਬਾਦਲ, ਡਾ: ਦਲਜੀਤ ਸਿੰਘ ਚੀਮਾ, ਬੀਬੀ ਜਗੀਰ ਕੌਰ, ਭਾਈ ਗੋਬਿੰਦ ਸਿੰਘ ਲੌਂਗੋਵਾਲ, ਪ੍ਰੇਮ ਸਿੰਘ ਚੰਦੂਮਾਜਰਾ, ਭਾਈ ਅਮਰਜੀਤ ਸਿੰਘ ਚਾਵਲਾ ਤੇ ਭਾਈ ਗੁਰਚਰਨ ਸਿੰਘ ਗਰੇਵਾਲ ਸਮੇਤ ਹੋਰ ਸ਼ੋ੍ਰਮਣੀ ਕਮੇਟੀ ਮੈਂਬਰ, ਕਰਮਚਾਰੀ ਤੇ ਸੀਨੀਅਰ ਅਕਾਲੀ ਆਗੂ ਸ਼ਾਮਿਲ ਸਨ | ਇਸ ਤੋਂ ਪਹਿਲਾਂ ਸ਼ਹਿਰ ਦੇ ਪ੍ਰਮੁੱਖ ਪ੍ਰਵੇਸ਼ ਦੁਆਰ ਗੋਲਡਨ ਗੇਟ ਵਿਖੇ ਤਿੰਨਾਂ ਰੋਸ ਮਾਰਚਾਂ ਦਾ ਜੈਕਾਰਿਆਂ ਦੀ ਗੁੂੰਜ ਵਿਚ ਸੰਗਤ ਵਲੋਂ ਸਵਾਗਤ ਕੀਤਾ ਗਿਆ | ਤਿੰਨੇ ਰੋਸ ਮਾਰਚ ਦੌਰਾਨ ਸੈਂਕੜਿਆਂ ਦੀ ਗਿਣਤੀ ‘ਚ ਗੱਡੀਆਂ ਦੇ ਕਾਫ਼ਲਿਆਂ ਵਿਚ ਵੱਡੀ ਗਿਣਤੀ ਵਿਚ ਸੰਗਤ ਸ਼ਾਮਿਲ ਸੀ | ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਪੁੱਜੇ ਪੰਥਕ ਰੋਸ ਮਾਰਚ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤੀ, ਜਦਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਚੱਲੇ ਰੋਸ ਮਾਰਚ ਦੀ ਅਗਵਾਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤੀ | ਹਰਿਆਣਾ ਤੋਂ ਪੁੱਜੇ ਰੋਸ ਮਾਰਚ ਵਿਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਦੀ ਅਗਵਾਈ ‘ਚ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸੰਗਤ ਸ਼ਾਮਿਲ ਸੀ | ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਸਿੱਖ ਜਗਤ ਵਿਚ ਸ਼੍ਰੋਮਣੀ ਕਮੇਟੀ ਨੂੰ ਕਮਜ਼ੋਰ ਕਰਨ ਲਈ ਪੰਥ ਵਿਰੋਧੀ ਸ਼ਕਤੀਆਂ ਤੇ ਸਰਕਾਰਾਂ ਵਿਰੁੱਧ ਭਾਰੀ ਰੋਸ ਹੈ, ਜੋ ਅੱਜ ਰੋਸ ਮਾਰਚ ਦੌਰਾਨ ਸਪੱਸ਼ਟ ਨਜ਼ਰ ਆਇਆ ਹੈ | ਉਨ੍ਹਾਂ ਕਿਹਾ ਕਿ ਵੱਖ-ਵੱਖ ਥਾਵਾਂ ਤੋਂ ਚੱਲੇ ਇਹ ਰੋਸ ਮਾਰਚ ਪੜਾਅ ਦਰ ਪੜਾਅ ਹੋਰ ਵੱਡੇ ਹੁੰਦੇ ਗਏ ਅਤੇ ਹਰੇਕ ਹਲਕੇ ਵਿਚ ਭਰਵਾਂ ਸਵਾਗਤ ਹੋਇਆ ਤੇ ਇਸ ਨਾਲ ਸਾਡੇ ਹੌਸਲੇ ਹੋਰ ਬੁਲੰਦ ਹੋਏ ਹਨ | ਉਨ੍ਹਾਂ ਕਿਹਾ ਕਿ ਸੰਘਰਸ਼ ਦੀ ਮੁਢਲੀ ਰੂਪ-ਰੇਖਾ ਤਹਿਤ ਰੋਸ ਮਾਰਚਾਂ ਰਾਹੀਂ ਪੰਥਕ ਰੋਸ ਪ੍ਰਗਟ ਕੀਤਾ ਗਿਆ ਹੈ ਤੇ ਭਵਿੱਖ ਵਿਚ ਇਸ ਰੋਸ ਤੇ ਰੋਹ ਨੂੰ ਹੋਰ ਤਿੱਖਾ ਕੀਤਾ ਜਾਵੇਗਾ | ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਸਰਕਾਰਾਂ ਸ਼੍ਰੋਮਣੀ ਕਮੇਟੀ ਨੂੰ ਤੋੜਨ ਵਿਚ ਸਿੱਧੇ ਤੌਰ ‘ਤੇ ਦਖ਼ਲ ਦੇ ਰਹੀਆਂ ਹਨ, ਜਿਸ ਵਿਰੁੱਧ ਸਿੱਖ ਪੰਥ ਹਰ ਮੰਚ ‘ਤੇ ਆਵਾਜ਼ ਬੁਲੰਦ ਕਰਦਾ ਰਹੇਗਾ | ਉਨ੍ਹਾਂ ਰੋਸ ਮਾਰਚ ਦੌਰਾਨ ਸਹਿਯੋਗ ਕਰਨ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਪੰਥਕ ਸ਼ਖ਼ਸੀਅਤਾਂ, ਜਥੇਬੰਦੀਆਂ ਤੇ ਸੰਗਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਆਉਂਦੇ ਦਿਨਾਂ ‘ਚ ਹਰਿਆਣਾ ਕਮੇਟੀ ਮਾਮਲੇ ਵਿਚ ਨਜ਼ਰਸਾਨੀ ਪਟੀਸ਼ਨ ਦਾਇਰ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਕਮੇਟੀ ਨੂੰ ਤੋੜਨ ਦੀਆਂ ਕੋਸ਼ਿਸ਼ਾਂ ਸਿੱਖ ਕਦੇ ਬਰਦਾਸ਼ਤ ਨਹੀਂ ਕਰਨਗੇ |
ਖ਼ਾਲਸਾ ਪੰਥ ਦੇ ਇਕਜੁੱਟ ਹੋਣ ਦੀ ਜ਼ਰੂਰਤ-ਸੁਖਬੀਰ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਖਿਆ ਕਿ ਸ਼ੋ੍ਰਮਣੀ ਕਮੇਟੀ ਨੂੰ ਤੋੜਨ ਅਤੇ ਸਿੱਖ ਪੰਥ ਨੂੰ ਕਮਜ਼ੋਰ ਕਰਨ ਲਈ ਪੰਥ ਦੇ ਗੱਦਾਰ ਤੇ ਪੰਥ ਵਿਰੋਧੀ ਤਾਕਤਾਂ ਕਾਂਗਰਸ, ‘ਆਪ’ ਤੇ ਭਾਜਪਾ ਯਤਨਸ਼ੀਲ ਹਨ | ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਨੂੰ ਤੋੜਨ ਵਿਰੁੱਧ ਸਮੁੱਚੇ ਖ਼ਾਲਸਾ ਪੰਥ ਦੇ ਇਕਜੁੱਟ ਹੋਣ ਦੀ ਜ਼ਰੂਰਤ ਹੈ |