ਦੇਸ਼ ਦੀ ਤਰੱਕੀ ਲਈ ਮਹਿਲਾ ਇੰਜਨੀਅਰਾਂ ਦੀ ਲੋੜ: ਮੁਰਮੂ

ਰਾਸ਼ਟਰਪਤੀ ਨੇ ਪੰਜਾਬ ਇੰਜਨੀਅਰਿੰਗ ਕਾਲਜ ਚੰਡੀਗੜ੍ਹ ਦੀ 52ਵੀਂ ਕਾਨਵੋਕੇਸ਼ਨ ’ਚ ਕੀਤੀ ਸ਼ਿਰਕਤ
ਚੰਡੀਗੜ੍ਹ-ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਚੰਡੀਗੜ੍ਹ ਦੇ ਸੈਕਟਰ-12 ਸਥਿਤ ਪੰਜਾਬ ਇੰਜਨੀਅਰਿੰਗ ਕਾਲਜ (ਪੈੱਕ) ਦੀ 52ਵੀਂ ਕਾਨਵੋਕੇਸ਼ਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਤਕਨੀਕੀ ਸਿੱਖਿਆ ਵਿੱਚ ਵਿਦਿਆਰਥਣਾਂ ਦੀ ਗਿਣਤੀ ਵਧਣ ਨਾਲ ਦੇਸ਼ ਦੀ ਤਰੱਕੀ ਵਿੱਚ ਤੇਜ਼ੀ ਆਵੇਗੀ। ਉਨ੍ਹਾਂ ਤਕਨੀਕੀ ਸਿੱਖਿਆ ਦੇ ਖੇਤਰ ਵਿੱਚ ਵਿਦਿਆਰਥਣਾਂ ਦੀ ਗਿਣਤੀ ਵਧਣ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਵਿੱਚ ਲੜਕੀਆਂ ਹਰ ਖੇਤਰ ਵਿੱਚ ਲੜਕਿਆਂ ਦੇ ਬਰਾਬਰ ਕੰਮ ਕਰ ਰਹੀਆਂ ਹਨ, ਇਸ ਲਈ ਮਾਪਿਆਂ ਨੂੰ ਲੜਕੀਆਂ ਨੂੰ ਪੜ੍ਹਾ-ਲਿਖਾ ਕੇ ਆਤਮ-ਨਿਰਭਰ ਬਣਾਉਣ ਵੱਲ ਧਿਆਨ ਦੇਣਾ ਚਾਹੀਦਾ ਹੈ।
ਰਾਸ਼ਟਰਪਤੀ ਨੇ ਕਿਹਾ ਕਿ ਪੈੱਕ ਨੇ ਦੇਸ਼ ਨੂੰ ਬਹੁਤ ਸਾਰੇ ਵਿਦਵਾਨ ਅਤੇ ਖੋਜਾਰਥੀ ਦਿੱਤੇ ਹਨ, ਜਿਨ੍ਹਾਂ ਨੇ ਦੇਸ਼ ਦੀ ਤਰੱਕੀ ਵਿੱਚ ਅਹਿਮ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਪੈੱਕ ਦੀ ਸਾਬਕਾ ਵਿਦਿਆਰਥਣ ਕਲਪਨਾ ਚਾਵਲਾ ਚੰਦ ’ਤੇ ਜਾਣ ਵਾਲੀ ਪਹਿਲੀ ਲੜਕੀ ਸੀ, ਜਿਸ ਕਰਕੇ ਅੱਜ ਭਾਰਤ ਦਾ ਨਾਮ ਦੁਨੀਆ ਭਰ ਵਿੱਚ ਜਾਣਿਆ ਜਾਂਦਾ ਹੈ। ਇਸ ਤੋਂ ਇਲਾਵਾ ਇਸਰੋ ਦੇ ਸਾਬਕਾ ਚੇਅਰਮੈਨ ਪ੍ਰੋ. ਸਤੀਸ਼ ਧਵਨ, ਉੱਘੇ ਸਿੱਖਿਆ ਸ਼ਾਸਤਰੀ ਅਤੇ ਆਈਆਈਟੀ-ਦਿੱਲੀ ਦੇ ਸੰਸਥਾਪਕ ਨਿਰਦੇਸ਼ਕ ਪ੍ਰੋ. ਆਰਐੱਨ ਡੋਗਰਾ ਅਤੇ ਮਿਜ਼ਾਈਲ ਤਕਨਾਲੋਜੀ ਅਤੇ ਰਣਨੀਤਕ ਪ੍ਰਣਾਲੀ ਦੇ ਮਾਹਿਰ ਡਾ. ਸਤੀਸ਼ ਕੁਮਾਰ ਨੇ ਪੈੱਕ ਤੋਂ ਹੀ ਸਿੱਖਿਆ ਹਾਸਲ ਕੀਤੀ ਸੀ। ਰਾਸ਼ਟਰਪਤੀ ਨੇ ਨੌਜਵਾਨਾਂ ਨੂੰ ਨੌਕਰੀਆਂ ਦੀ ਭਾਲ ਕਰਨ ਦੀ ਥਾਂ ਰੁਜ਼ਗਾਰ ਦੇ ਸਾਧਨ ਪੈਦਾ ਕਰਨ ’ਤੇ ਜ਼ੋਰ ਦਿੱਤਾ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਦੇਸ਼ ਪ੍ਰਤੀ ਆਪਣੇ ਫਰਜ਼ਾਂ ਨੂੰ ਕਦੇ ਵੀ ਨਾ ਭੁੱਲਣ। ਉਨ੍ਹਾਂ ਵਿਦਿਆਰਥੀ ਨੂੰ ਮਹਾਤਮਾ ਗਾਂਧੀ ਦੇ ਸੰਦੇਸ਼ ਨੂੰ ਆਪਣੇ ਜੀਵਨ ਵਿੱਚ ਲਾਗੂ ਕਰਨ ਦੀ ਅਪੀਲ ਕੀਤੀ। ਇਸ ਮੌਕੇ ਵੱਖ-ਵੱਖ ਖੇਤਰਾਂ ’ਚ ਨਾਮਣਾ ਖੱਟਣ ਵਾਲੇ 14 ਵਿਦਿਆਰਥੀਆਂ ਨੂੰ ਵਿਸ਼ੇਸ਼ ਤਗ਼ਮਿਆਂ ਨਾਲ ਸਨਮਾਨਿਆ ਗਿਆ। ਇਸ ਤੋਂ ਇਲਾਵਾ 871 ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ, ਜਿਨ੍ਹਾਂ ਵਿੱਚ ਬੀਟੈੱਕ ਦੇ 669, ਐੱਮਟੈੱਕ ਦੇ 168 ਅਤੇ ਪੀਐੱਚਡੀ ਦੇ 34 ਵਿਦਿਆਰਥੀ ਸ਼ਾਮਲ ਹਨ। ਕਾਨਵੋਕੇਸ਼ਨ ਵਿੱਚ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਯ ਵੀ ਸ਼ਿਰਕਤ ਕੀਤੀ। ਇਸ ਤੋਂ ਪਹਿਲਾਂ ਰਾਸ਼ਟਰਪਤੀ ਨੇ ਸੈਕਟਰ-9 ਵਿੱਚ ਯੂਟੀ ਸਕੱਤਰੇਤ ਦੀ ਨਵੀਂ ਇਮਾਰਤ ਦਾ ਉਦਘਾਟਨ ਕੀਤਾ।