ਹੁਣ ਮਨਰੇਗਾ ਤਹਿਤ ਪਰਾਲੀ ਇਕੱਠੀ ਕੀਤੀ ਜਾਵੇਗੀ: ਧਾਲੀਵਾਲ

ਖੇਤੀਬਾੜੀ ਵਿਭਾਗ ਵੱਲੋਂ ਅਜਨਾਲਾ ’ਚ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਤੇ ਪ੍ਰਦਰਸ਼ਨੀ
ਅਜਨਾਲਾ-ਹਾੜੀ ਦੀਆਂ ਫਸਲਾਂ ਦੀ ਤਕਨੀਕੀ ਜਾਣਕਾਰੀ ਦੇਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਜ਼ਿਲ੍ਹਾ ਅੰਮ੍ਰਿਤਸਰ ਵੱਲੋਂ ਅਜਨਾਲਾ ਵਿੱਚ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਤੇ ਖੇਤੀ ਪ੍ਰਦਰਸ਼ਨੀ ਲਗਾਈ ਗਈ ਜਿਸ ਵਿੱਚ ਕਿਸਾਨਾਂ ਨੂੰ ਖੇਤੀ ਉਤਪਾਦਾਂ, ਫਸਲਾਂ ਅਤੇ ਬਿਮਾਰੀਆਂ ਦੀ ਰੋਕਥਾਮ ਲਈ ਜਾਣਕਾਰੀ ਦਿੱਤੀ ਗਈ।

ਇਸ ਮੇਲੇ ਦਾ ਉਦਘਾਟਨ ਕਰਦਿਆਂ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਸਾਂਭਣ ਲਈ ਇਸ ਵਾਰ ਮਨਰੇਗਾ ਤਹਿਤ ਵੀ ਪਰਾਲੀ ਇਕੱਠੀ ਕਰਨ ਦਾ ਕੰਮ ਕਰਾਂਗੇ, ਤਾਂ ਜੋ ਕਿਸਾਨਾਂ ਦੀ ਬਾਂਹ ਫੜੀ ਜਾ ਸਕੇ ਕਿਉਂਕਿ ਪੰਜਾਬ ਸਰਕਾਰ ਲਈ ਖੁਸ਼ਹਾਲ ਕਿਸਾਨ ਵੱਡਾ ਮੁੱਦਾ ਹੈ ਅਤੇ ਅਸੀਂ ਖੇਤੀ ਨੂੰ ਮੁਨਾਫ਼ੇ ਵਿੱਚ ਲਿਆਉਣ ਲਈ ਕੰਮ ਕਰ ਰਹੇ ਹਾਂ।

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਖੇਤਾਂ ਨੂੰ ਬੰਜਰ ਨਾ ਕਰਨ ਬਲਕਿ ਇਹ ਰਹਿੰਦ-ਖੂੰਹਦ ਖੇਤ ਵਿੱਚ ਵਾਹ ਕੇ ਖੇਤ ਦੀ ਉਪਜਾਊ ਸ਼ਕਤੀ ਵਧਾਉਣ। ਉਪਰੰਤ ਖੇਤੀ ਅਧਿਕਾਰੀਆਂ ਨੇ ਜ਼ਿਲੇ ਵਿੱਚ ਚੱਲ ਰਹੀਆਂ ਵੱਖ ਵੱਖ ਸਕੀਮਾਂ ਸਬੰਧੀ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਜ਼ਿਲੇ ਵਿੱਚ 1.88 ਲੱਖ ਹੈਕਟੇਅਰ ਰਕਬੇ ਵਿੱਚ ਕਣਕ ਦੀ ਬਿਜਾਈ ਹੋਣ ਦਾ ਅਨੁਮਾਨ ਹੈ ਜਿਸ ਦੌਰਾਨ ਹਾੜੀ ਸੀਜ਼ਨ ਦੌਰਾਨ ਕਿਸਾਨਾਂ ਨੂੰ ਮਿਆਰੀ ਖਾਦ ਬੀਜ ਦਵਾਈਆ ਉਪਲੱਬਧ ਕਰਵਾਈਆਂ ਜਾਣਗੀਆਂ।

ਖੇਤੀ ਮਾਹਿਰਾਂ ਨੇ ਖਾਦਾਂ ਦੀ ਜ਼ਿਆਦਾ ਵਰਤੋਂ ਨੂੰ ਰੋਕਣ ਲਈ ਉਨ੍ਹਾਂ ਕਿਸਾਨਾਂ ਨੂੰ ਮਿੱਟੀ ਪਰਖ ਦੇ ਆਧਾਰ ’ਤੇ ਮਾਹਿਰਾਂ ਦੀਆਂ ਸਿਫਾਰਸ਼ਾ ਅਨੁਸਾਰ ਹੀ ਖਾਦਾਂ ਦੀ ਵਰਤੋਂ ਕਰਣ ਲਈ ਕਿਹਾ ਤਾਂ ਜੋ ਖੇਤੀ ਸਰੋਤਾਂ ਦੀ ਸੁਚੱਜੀ ਵਰਤੋਂ ਤੇ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ। ਇਸ ਕਿਸਾਨ ਮੇਲੇ ’ਚ ਖੇਤੀਬਾੜੀ, ਬਾਗਬਾਨੀ, ਪਸ਼ੂ ਪਾਲਣ, ਮੱਛੀਪਾਲਣ, ਡੇਅਰੀ, ਭੂਮੀ ਰੱਖਿਆ ਵਿਭਾਗ, ਕੇ.ਵੀ.ਕੇ, ਖਾਦ, ਬੀਜ, ਦਵਾਈਆਂ, ਨਵੀਨਤਮ ਖੇਤੀ ਮਸ਼ੀਨਰੀ ਤੇ ਸੈਲਫ ਗਰੁਪਾਂ ਵੱਲੋਂ ਖੇਤੀ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ ਜਿਸ ਵਿੱਚ ਕਿਸਾਨਾਂ ਨੇ ਭਰਭੂਰ ਦਿਲਚਸਪੀ ਵਿਖਾਈ ਅਤੇ ਜਾਣਕਾਰੀ ਹਾਸਿਲ ਕੀਤੀ।

ਇਸ ਮੌਕੇ ਜੋਗਰਾਜਬੀਰ ਸਿੰਘ ਗਿੱਲ, ਕੁਲਜੀਤ ਸਿੰਘ ਰੰਧਾਵਾ ਆਦਿ ਅਧਿਕਾਰੀਆਂ ਤੋਂ ਇਲਾਵਾ ਜਸਪਿੰਦਰ ਸਿੰਘ ਛੀਨਾਂ, ਬੱਬੂ ਚੇਤਨਪੁਰਾ ਆਦਿ ਵੀ ਹਾਜ਼ਰ ਸਨ।