ਐੱਸਵਾਈਐੱਲ ਸਾਡੇ ਲਈ ਜਿਊਣ-ਮਰਨ ਦਾ ਸਵਾਲ: ਖੱਟਰ

ਪੰਚਕੂਲਾ : ਐੱਸਵਾਈਐੱਲ ਨਹਿਰ ਦੇ ਮੁੱਦੇ ’ਤੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਤੋਂ ਬਾਅਦ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਇੱਥੇ ਕਿਹਾ ਕਿ ਇਸ ਮੁੱਦੇ ’ਤੇ ਪੰਜਾਬ ਨਾਲ ਕੋਈ ਸਹਿਮਤੀ ਨਹੀਂ ਬਣੀ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਨੇ ਐੱਸਵਾਈਐੱਲ ਦੀ ਉਸਾਰੀ ਲਈ ਕਿਹਾ ਹੈ ਪਰ ਪੰਜਾਬ ਸਹਿਮਤ ਨਹੀਂ ਹੈ। ਉਨ੍ਹਾਂ ਕਿਹਾ ਕਿ ਐੱਸਵਾਈਐੱਲ ਦੀ ਉਸਾਰੀ ਉਨ੍ਹਾਂ ਲਈ ਜਿਊਣ-ਮਰਨ ਦਾ ਸਵਾਲ ਹੈ। ਹੁਣ ਮੁੱਖ ਮੰਤਰੀ ਇਸ ਮਸਲੇ ਨੂੰ ਲੈ ਕੇ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸ਼ੇਖਾਵਤ ਨਾਲ ਗੱਲ ਕਰਨਗੇ। ਮੁੱਖ ਮੰਤਰੀ ਨੇ ਕਿਹਾ ਕਿ ਪਾਣੀ ਲਈ ਪਹਿਲਾਂ ਵੀ ਟ੍ਰਿਬਿਊਨਲ ਬਣਾਇਆ ਗਿਆ ਸੀ। ਉਸ ਤੋਂ ਬਾਅਦ 3 ਜੱਜਾਂ ਦਾ ਨਵਾਂ ਟ੍ਰਿਬਿਊਨਲ ਬਣਾਇਆ ਗਿਆ। ਟ੍ਰਿਬਿਊਨਲ ਦੇ ਫ਼ੈਸਲੇ ਅਨੁਸਾਰ ਐੱਸਵਾਈਐੱਲ ਨਹਿਰ ਦੀ ਉਸਾਰੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨਾਲ ਕੁਝ ਹੋਰ ਜ਼ਰੂਰੀ ਮੁੱਦਿਆਂ ’ਤੇ ਵੀ ਗੱਲਬਾਤ ਹੋਈ ਹੈ। ਘੱਗਰ ਦਾ ਪਾਣੀ ਸਾਫ ਕਰਨ ਲਈ ਅਧਿਕਾਰੀਆਂ ਦੀ ਕਮੇਟੀ ਬਣਾਈ ਗਈ ਹੈ।