ਸ਼੍ਰੋਮਣੀ ਕਮੇਟੀ ਵੱਲੋਂ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਦਾ ਜਾਇਜ਼ਾ

ਸ਼੍ਰੋਮਣੀ ਕਮੇਟੀ ਵੱਲੋਂ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਦਾ ਜਾਇਜ਼ਾ

ਅੰਮ੍ਰਿਤਸਰ ਵਿੱਚ 26 ਤੇ 27 ਨੂੰ ਹੋਵੇਗਾ ਮੁੱਖ ਸਮਾਗਮ; ਅਧਿਕਾਰੀਆਂ ਤੇ ਮੁਲਾਜ਼ਮਾਂ ਦੀਆਂ ਲੱਗੀਆਂ ਡਿਊਟੀਆਂ

ਅੰਮ੍ਰਿਤਸਰ- ਇੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਵੱਲੋਂ ਸ਼ਹੀਦੀ ਸਾਕਾ ਪੰਜਾ ਸਾਹਿਬ ਦੇ ਸ਼ਤਾਬਦੀ ਸਮਾਗਮਾਂ ਸਬੰਧੀ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਭਾਰਤ ’ਚ ਹੋਣ ਵਾਲੇ ਸਮਾਗਮਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਜ਼ਿਕਰਯੋਗ ਹੈ ਕਿ ਸ਼ਤਾਬਦੀ ਸਮਾਗਮ ਭਾਰਤ ਅਤੇ ਪਾਕਿਸਤਾਨ ਵਿੱਚ ਦੋ ਥਾਵਾਂ ’ਤੇ ਹੋਣੇ ਹਨ।

ਅੰਮ੍ਰਿਤਸਰ ਵਿੱਚ 26 ਤੇ 27 ਅਕਤੂਬਰ ਨੂੰ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਮੰਜੀ ਸਾਹਿਬ ਦੇ ਦੀਵਾਨ ਹਾਲ ਵਿਖੇ ਇਹ ਸਮਾਗਮ ਹੋਣਗੇ, ਜਦਕਿ 30 ਅਕਤੂਬਰ ਨੂੰ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਤੇ ਹਸਨ ਅਬਦਾਲ ਦੇ ਸਟੇਸ਼ਨ ਵਿਖੇ ਸਮਾਗਮ ਕਰਵਾਏ ਜਾਣਗੇ। ਅੰਮ੍ਰਿਤਸਰ ਵਿੱਚ ਹੋਣ ਵਾਲੇ ਸਮਾਗਮਾਂ ਦੀਆਂ ਤਿਆਰੀਆਂ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀਆਂ ਲਗਾਈਆਂ ਗਈਆਂ ਡਿਊਟੀਆਂ ਸਬੰਧੀ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਹਦਾਇਤਾਂ ਜਾਰੀ ਕੀਤੀਆਂ ਹਨ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਸਥਿਤ ਗੁਰਦੁਆਰਾ ਮੰਜੀ ਸਾਹਿਬ ਦੇ ਦੀਵਾਨ ਹਾਲ ਵਿੱਚ 27 ਅਕਤੂਬਰ ਨੂੰ ਮੁੱਖ ਸਮਾਗਮ ਹੋਵੇਗਾ, ਜਿਸ ਵਿੱਚ ਸਿੰਘ ਸਾਹਿਬਾਨ ਅਤੇ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਸੰਗਤ ਨੂੰ ਸੰਬੋਧਨ ਕਰਨਗੀਆਂ। ਇਸ ਸਮਾਗਮ ਵਿੱਚ ਪੰਥ ਦੇ ਪ੍ਰਸਿੱਧ ਰਾਗੀ, ਢਾਡੀ ਤੇ ਕਥਾਵਾਚਕ ਵੀ ਹਾਜ਼ਰੀ ਭਰਨਗੇ। ਇਸ ਤੋਂ ਪਹਿਲਾਂ 26 ਅਕਤੂਬਰ ਨੂੰ ਸਿੱਖ ਮਿਸ਼ਨਰੀ ਕਾਲਜਾਂ ਨਾਲ ਸਬੰਧਤ 100 ਵਿਦਿਆਰਥੀ ਪੁਰਾਤਨ ਤੰਤੀ ਸਾਜ਼ਾਂ ਨਾਲ ਗੁਰਬਾਣੀ ਕੀਰਤਨ ਕਰਨਗੇ। ਉਨ੍ਹਾਂ ਦੱਸਿਆ ਕਿ ਸ਼ਤਾਬਦੀ ਸਮਾਗਮਾਂ ਦੌਰਾਨ ਗੁਰਦੁਆਰਾ ਸੁਧਾਰ ਲਹਿਰ ਅਤੇ ਸਾਕਾ ਸ੍ਰੀ ਪੰਜਾ ਸਾਹਿਬ ਨਾਲ ਸਬੰਧਤ ਤਿਆਰ ਕਰਵਾਈਆਂ ਗਈਆਂ ਤਸਵੀਰਾਂ ਦੀ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ।

ਇਸ ਮੌਕੇ ਵਧੀਕ ਸਕੱਤਰ ਬਿਜੈ ਸਿੰਘ, ਕੁਲਵਿੰਦਰ ਸਿੰਘ ਰਮਦਾਸ, ਬਲਵਿੰਦਰ ਸਿੰਘ ਕਾਹਲਵਾਂ, ਹਰਜੀਤ ਸਿੰਘ ਲਾਲੂਘੁੰਮਣ, ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਨਿਰਵੈਲ ਸਿੰਘ ਤੇ ਗੁਰਦਿਆਲ ਸਿੰਘ ਆਦਿ ਹਾਜ਼ਰ ਸਨ।