ਨਿਹੰਗ ਸਿੰਘਾਂ ਨੇ ਖਾਲਸਾਈ ਜਾਹੋ-ਜਲਾਲ ਨਾਲ ਮਹੱਲਾ ਕੱਢਿਆ

ਨਿਹੰਗ ਸਿੰਘਾਂ ਨੇ ਖਾਲਸਾਈ ਜਾਹੋ-ਜਲਾਲ ਨਾਲ ਮਹੱਲਾ ਕੱਢਿਆ

ਬਾਬਾ ਬਲਬੀਰ ਸਿੰਘ ਦੀ ਅਗਵਾਈ ਵਿੱਚ ਨਿਹੰਗ ਸਿੰਘਾਂ ਨੇ ਦਿਖਾਏ ਕਰਤਬ
ਅੰਮ੍ਰਿਤਸਰ- ਬੰਦੀ ਛੋੜ ਦਿਵਸ ਮੌਕੇ ਨਿਹੰਗ ਸਿੰਘ ਦਲਾਂ ਵੱਲੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ ਦੀ ਅਗਵਾਈ ਵਿੱਚ ਅਤੇ ਨਿਸ਼ਾਨ ਸਾਹਿਬ ਤੇ ਨਗਾਰਿਆਂ ਦੀ ਛਤਰ-ਛਾਇਆ ਹੇਠ ਗੁਰਦੁਆਰਾ ਪਾਤਸ਼ਾਹੀ ਛੇਵੀਂ ਮੱਲ ਅਖਾੜਾ ਸਾਹਿਬ, ਬੁਰਜ ਬਾਬਾ ਫੂਲਾ ਸਿੰਘ ਅਕਾਲੀ ਛਾਉਣੀ ਬੁੱਢਾ ਦਲ ਨਿਹੰਗ ਸਿੰਘਾਂ ਤੋਂ ਮਹੱਲਾ ਦੀ ਸ਼ੁਰੂਆਤ ਬਾਅਦ ਦੁਪਹਿਰ ਹੋਈ। ਇਸ ਤੋਂ ਪਹਿਲਾਂ ਗੁਰਦੁਆਰਾ ਮੱਲ ਅਖਾੜਾ ਵਿੱਚ ਅਖੰਡ ਪਾਠਾਂ ਦੇ ਭੋਗ ਨਿਹੰਗ ਸਿੰਘਾਂ ਦੀ ਚੱਲੀ ਆਉਂਦੀ ਮਰਿਆਦਾ ਅਨੁਸਾਰ ਪਾਏ ਗਏ। ਬੁੱਢਾ ਦਲ ਦੇ ਹੈੱਡ ਗ੍ਰੰਥੀ ਬਾਬਾ ਮੱਘਰ ਸਿੰਘ, ਬਾਬਾ ਮਨਮੋਹਣ ਸਿੰਘ ਬਾਰਨ ਵਾਲੇ, ਨਿਹੰਗ ਬਾਬਾ ਹਰਜੀਤ ਸਿੰਘ ਖੰਡਾ ਖੜਕੇਗਾ ਬਟਾਲਾ, ਬਾਬਾ ਸੁਖਵਿੰਦਰ ਸਿੰਘ ਮੌਰ ਨੇ ਗੁਰਬਾਣੀ ਕੀਰਤਨ ਕੀਤਾ। ਬਾਬਾ ਇੰਦਰ ਸਿੰਘ, ਦਿਲਜੀਤ ਸਿੰਘ ਬੇਦੀ ਨੇ ਬੁੱਢਾ ਦਲ ਦੇ ਇਤਿਹਾਸ ਅਤੇ ਨਿਹੰਗ ਸਿੰਘਾਂ ਦੇ ਜੀਵਨ ਸਬੰਧੀ ਜਾਣਕਾਰੀ ਸਾਂਝੀ ਕੀਤੀ। ਸਮੂਹ ਦਲਾਂ ਦੇ ਨਿਸ਼ਾਨਾਂ ਨੂੰ ਸੁੰਦਰ ਫੁੱਲਾਂ ਨਾਲ ਸ਼ਿੰਗਾਰਿਆ ਗਿਆ ਸੀ।

ਬਾਬਾ ਬਲਬੀਰ ਸਿੰਘ ਨੇ ਬੰਦੀ ਛੋੜ ਦਿਵਸ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦਾ ਇਤਿਹਾਸ ਸੰਘਰਸ਼ਪੂਰਨ ਅਤੇ ਸ਼ਾਨਾਮੱਤਾ ਹੈ। ਉਨ੍ਹਾਂ ਕਿਹਾ ਕਿ ਹਰ ਸਿੱਖ ਨੂੰ ਹਰ ਸਮੇਂ ਚੜ੍ਹਦੀ ਕਲਾ ਵਿੱਚ ਰਹਿੰਦਿਆਂ ਕੌਮ ਦੀ ਬਿਹਤਰੀ ਲਈ ਤਤਪਰ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਜਵਾਨੀ ਨਸ਼ਿਆਂ ਦੀ ਭੇਟ ਚੜ੍ਹ ਰਹੀ ਹੈ। ਸਰਕਾਰਾਂ ਨਸ਼ਾ ਤਸਕਰਾਂ ਵਿਰੁੱਧ ਫ਼ੈਸਲਾਕੁਨ ਲੜਾਈ ਲੜਨ, ਨੌਜਵਾਨ ਧਰਮੀ ਬਣਨ ਤੇ ਅੰਮ੍ਰਿਤਧਾਰੀ ਹੋ ਕੇ ਕੌਮ ਦੀ ਸੇਵਾ ਕਰਨ।

ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਤੋਂ ਨਿਹੰਗ ਸਿੰਘਾਂ ਦਾ ਵਿਸ਼ਾਲ ਕਾਫ਼ਲਾ ਸ਼ਿੰਗਾਰੇ ਹੋਏ ਹਾਥੀਆਂ, ਘੋੜਿਆਂ, ਗੱਡੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪੈਦਲ ਯਾਤਰਾ ਕਰਦੇ ਨਿਹੰਗ ਸਿੰਘ ਸ਼ੇਰਾਂਵਾਲਾ ਗੇਟ, ਮਹਾਂਸਿੰਘ ਗੇਟ, ਚੌਕ ਰਾਮਬਾਗ਼, ਹਾਲ ਗੇਟ, ਕਿਲ੍ਹਾ ਗੋਬਿੰਦਗੜ੍ਹ ਰਾਹੀਂ ਰੇਲਵੇ ਕਲੋਨੀ ਬੀ ਬਲਾਕ ਗਰਾਊਂਡ ਵਿਖੇ ਪੁੱਜਿਆ। ਘੋੜਿਆਂ ਦੀ ਦੌੜ ਅਤੇ ਨਿਹੰਗ ਸਿੰਘ ਦੇ ਜੰਗੀ ਕਰਤਬ ਦੇਖਣ ਲਈ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਹਾਜ਼ਰ ਸਨ।