ਸ਼ਹੀਦੀ ਸਾਕਾ ਪੰਜਾ ਸਾਹਿਬ ਦੇ ਸ਼ਤਾਬਦੀ ਸਮਾਗਮ ਸ਼ੁਰੂ

ਸ਼ਹੀਦੀ ਸਾਕਾ ਪੰਜਾ ਸਾਹਿਬ ਦੇ ਸ਼ਤਾਬਦੀ ਸਮਾਗਮ ਸ਼ੁਰੂ

  • ਸਾਕੇ ਸਬੰਧੀ ਤਸਵੀਰਾਂ ਦੀ ਪ੍ਰਦਰਸ਼ਨੀ ਲਗਾਈ; ਭਲਕੇ ਪੈਣਗੇ ਅਖੰਡ ਪਾਠ ਦੇ ਭੋਗ
    ਅੰਮ੍ਰਿਤਸਰ- ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੇ ਸ਼ਤਾਬਦੀ ਸਮਾਗਮਾਂ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਦੀਵਾਨ ਹਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਅਖੰਡ ਪਾਠ ਸ਼ੁਰੂ ਕੀਤਾ ਗਿਆ, ਜਿਸ ਦੇ ਭੋਗ 27 ਅਕਤੂਬਰ ਨੂੰ ਪੈਣਗੇ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ ਆਦਿ ਨੇ ਦੱਸਿਆ ਕਿ ਸ਼ਤਾਬਦੀ ਸਬੰਧੀ ਅੰਮ੍ਰਿਤਸਰ ਵਿੱਚ 26 ਅਤੇ 27 ਅਕਤੂਬਰ ਨੂੰ ਗੁਰਮਤਿ ਸਮਾਗਮ ਹੋਣਗੇ। ਇਸ ਤੋਂ ਇਲਾਵਾ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਸਾਂਝੇ ਤੌਰ ’ਤੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ (ਪਾਕਿਸਤਾਨ) ਵਿੱਚ 30 ਅਕਤੂਬਰ ਨੂੰ ਸ਼ਤਾਬਦੀ ਸਮਾਗਮ ਕਰਵਾਇਆ ਜਾਵੇਗਾ। ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ 27 ਅਕਤੂਬਰ ਦੇ ਮੁੱਖ ਸ਼ਤਾਬਦੀ ਸਮਾਗਮ ਵਿੱਚ ਤਖ਼ਤਾਂ ਦੇ ਜਥੇਦਾਰ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਵੱਖ-ਵੱਖ ਸੰਪਰਦਾਵਾਂ ਅਤੇ ਜਥੇਬੰਦੀਆਂ ਦੇ ਮੁਖੀ ਤੇ ਪ੍ਰਮੁੱਖ ਪੰਥਕ ਸ਼ਖ਼ਸੀਅਤਾਂ ਸ਼ਿਰਕਤ ਕਰਨਗੀਆਂ। 26 ਅਕਤੂਬਰ ਨੂੰ ਸਿੱਖ ਮਿਸ਼ਨਰੀ ਕਾਲਜਾਂ ਤੇ ਸਕੂਲਾਂ ਦੇ 100 ਵਿਦਿਆਰਥੀਆਂ ਵੱਲੋਂ ਪੁਰਾਤਨ ਸਾਜ਼ਾਂ ਨਾਲ ਇਕੱਠਿਆਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਸਬੰਧੀ ਵਿਸ਼ੇਸ਼ ਤੌਰ ’ਤੇ ਤਿਆਰ ਕੀਤੀਆਂ ਤਸਵੀਰਾਂ ਦੀ ਪ੍ਰਦਰਸ਼ਨੀ ਲਗਾਈ ਗਈ ਹੈ ਜੋ 27 ਅਕਤੂਬਰ ਤਕ ਜਾਰੀ ਰਹੇਗੀ। ਇਸ ਤੋਂ ਇਲਾਵਾ ਵਿਸ਼ੇਸ਼ ਬੱਸ ਵਿਚ ਪ੍ਰਦਰਸ਼ਤ ਕੀਤੇ ਗਏ ਗੁਰੂ ਸਾਹਿਬਾਨ ਦੇ ਸ਼ਸਤਰਾਂ ਤੇ ਬਸਤਰਾਂ ਦੇ ਵੀ ਸ਼ਤਾਬਦੀ ਸਮਾਗਮਾਂ ਦੌਰਾਨ ਸੰਗਤ ਦਰਸ਼ਨ ਕਰ ਸਕੇਗੀ।