ਐੱਸਜੀਪੀਸੀ ਚੋਣਾਂ: ਬੀਬੀ ਜਗੀਰ ਕੌਰ ਨੂੰ ਮਨਾਉਣ ਲਈ ਯਤਨ ਸ਼ੁਰੂ

ਐੱਸਜੀਪੀਸੀ ਚੋਣਾਂ: ਬੀਬੀ ਜਗੀਰ ਕੌਰ ਨੂੰ ਮਨਾਉਣ ਲਈ ਯਤਨ ਸ਼ੁਰੂ

ਗਿਲੇ ਸ਼ਿਕਵੇ ਦੂਰ ਕਰਨ ਲਈ ਕਪੂਰਥਲਾ ਪੁੱਜੇ ਚੀਮਾ ਤੇ ਰੱਖੜਾ

ਚੰਡੀਗੜ੍ਹ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲਈ ਪੰਜਾਬ ਭਰ ਵਿੱਚ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਨ੍ਹਾਂ ਚੋਣਾਂ ਵਿੱਚ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਅਕਾਲੀ ਦਲ ਤੋਂ ਬਾਗ਼ੀ ਹੋ ਕੇ ਪ੍ਰਧਾਨ ਦੀ ਚੋਣ ਲੜਨ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਦੇ ਇਸ ਐਲਾਨ ਨਾਲ ਸ਼੍ਰੋਮਣੀ ਅਕਾਲੀ ਦਲ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਅਕਾਲੀ ਦਲ ਨੇ ਬੀਬੀ ਜਗੀਰ ਕੌਰ ਨੂੰ ਮਨਾਉਣ ਲਈ ਯਤਨ ਤੇਜ਼ ਕਰ ਦਿੱਤੇ ਹਨ, ਪਰ ਉਨ੍ਹਾਂ ਆਪਣੇ ਫ਼ੈਸਲੇ ’ਤੇ ਕਾਇਮ ਰਹਿਣ ਦਾ ਐਲਾਨ ਕੀਤਾ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਅਤੇ ਸੁਰਜੀਤ ਸਿੰਘ ਰੱਖੜਾ ਨੇ ਅੱਜ ਕਪੂਰਥਲਾ ਪਹੁੰਚ ਕੇ ਬੀਬੀ ਜਗੀਰ ਕੌਰ ਨਾਲ ਮੀਟਿੰਗ ਕੀਤੀ। ਉਨ੍ਹਾਂ ਬੀਬੀ ਨੂੰ ਆਪਣੇ ਫੈਸਲੇ ’ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪਾਰਟੀ ਦੇ ਫ਼ੈਸਲੇ ਨੂੰ ਖਿੜੇ ਮੱਥੇ ਪ੍ਰਵਾਨ ਕੀਤਾ ਜਾਵੇ। ਸ੍ਰੀ ਰੱਖੜਾ ਨੇ ਇਸ ਮੁਲਾਕਾਤ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਬੀਬੀ ਜਗੀਰ ਕੌਰ ਨੇ ਉਨ੍ਹਾਂ ਦੇ ਮਸ਼ਵਰੇ ਬਾਰੇ ਸੋਚ-ਵਿਚਾਰ ਕਰਨ ਦਾ ਭਰੋਸਾ ਦਿੱਤਾ ਹੈ। ਉਧਰ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਉਹ ਆਪਣੇ ਸਟੈਂਡ ’ਤੇ ਕਾਇਮ ਹਨ। ਉਨ੍ਹਾਂ ਕਿਹਾ ਕਿ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਸਪਸ਼ਟ ਕਰ ਦਿੱਤਾ ਹੈ ਕਿ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੂੰ ਜੋ ਬੇਨਤੀ ਕੀਤੀ ਸੀ, ਉਹ ਉਸ ਫ਼ੈਸਲੇ ’ਤੇ ਕਾਇਮ ਹਨ। ਚੇਤੇ ਰਹੇ ਕਿ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਲਿਫਾਫਾ ਸਭਿਆਚਾਰ ਦਾ ਵਿਰੋਧ ਕਰਦੇ ਹੋਏ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਲੜਨ ਦਾ ਐਲਾਨ ਕੀਤਾ ਹੈ। ਜੇਕਰ ਉਹ ਆਪਣੇ ਸਟੈਂਡ ’ਤੇ ਕਾਇਮ ਰਹਿੰਦੇ ਹਨ ਤਾਂ ਸ਼੍ਰੋਮਣੀ ਅਕਾਲੀ ਦਲ ਵਿੱਚ ਧੜੇਬੰਦੀ ਵਧਣ ਦੇ ਅਸਾਰ ਹਨ। ਸ਼੍ਰੋਮਣੀ ਕਮੇਟੀ ਚੋਣਾਂ ਵਿੱਚ ਬਹੁਤ ਲੰਬੇ ਸਮੇਂ ਬਾਅਦ ਬਾਦਲਾਂ ਨੂੰ ਸਿੱਧੀ ਚੁਣੌਤੀ ਮਿਲ ਰਹੀ ਹੈ। ਹੁਣ ਤੱਕ ਇਨ੍ਹਾਂ ਚੋਣਾਂ ਵਿੱਚ ਕਿਸੇ ਨੇ ਵੀ ਵੱਖਰੇ ਤੌਰ ’ਤੇ ਪ੍ਰਧਾਨਗੀ ਦੀ ਚੋਣ ਲੜਨ ਦਾ ਐਲਾਨ ਨਹੀਂ ਕੀਤਾ।