ਸਿੱਖ ਕਤਲੇਆਮ: ਜਥੇਦਾਰ ਵੱਲੋਂ ਪੀੜਤਾਂ ਦੇ ਕੇਸਾਂ ’ਤੇ ਮੁੜ ਨਜ਼ਰਸਾਨੀ ਦੀ ਮੰਗ

ਸਿੱਖ ਕਤਲੇਆਮ: ਜਥੇਦਾਰ ਵੱਲੋਂ ਪੀੜਤਾਂ ਦੇ ਕੇਸਾਂ ’ਤੇ ਮੁੜ ਨਜ਼ਰਸਾਨੀ ਦੀ ਮੰਗ

ਜਥੇਦਾਰ ਹਰਪ੍ਰੀਤ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਭੇਜਿਆ

ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇੱਕ ਪੱਤਰ ਭੇਜ ਕੇ ਨਵੰਬਰ 1984 ਸਿੱਖ ਕਤਲੇਆਮ ਦੇ ਪੀੜਤਾਂ ਦੇ ਕੇਸਾਂ ਦੀ ਮੁੜ ਨਜ਼ਰਸਾਨੀ ਕਰਨ ਦੀ ਮੰਗ ਕੀਤੀ ਹੈ। ਜਾਣਕਾਰੀ ਅਨੁਸਾਰ ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਵੱਲੋਂ ਮੁੱਖ ਮੰਤਰੀ ਨੂੰ ਭੇਜੇ ਗਏ ਇਸ ਪੱਤਰ ਵਿੱਚ ਆਖਿਆ ਗਿਆ ਹੈ ਕਿ ਦੰਗਾ ਪੀੜਤ ਵੈੱਲਫੇਅਰ ਸੁਸਾਇਟੀ ਦਾ ਵਫ਼ਦ ਕੁਝ ਦਿਨ ਪਹਿਲਾਂ ਸਕੱਤਰੇਤ ਵਿੱਚ ਆਇਆ ਸੀ ਅਤੇ ਉਨ੍ਹਾਂ ਇਕ ਮੰਗ ਪੱਤਰ ਵੀ ਸੌਂਪਿਆ ਸੀ। ਇਸ ਵਿੱਚ ਉਨ੍ਹਾਂ ਨੇ ਦੋਸ਼ ਲਾਇਆ ਸੀ ਕਿ ਸਰਕਾਰਾਂ ਵੱਲੋਂ ਪੀੜਤਾਂ ਨੂੰ ਮੁੜ ਬੇਘਰ ਕੀਤਾ ਜਾ ਰਿਹਾ ਹੈ। ਉਹ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਵੀ ਮਿਲੇ ਸਨ ਅਤੇ ਉਨ੍ਹਾਂ ਕੋਲੋਂ ਮਦਦ ਦੀ ਅਪੀਲ ਕੀਤੀ ਸੀ। ਸਕੱਤਰੇਤ ਦੇ ਅਧਿਕਾਰੀਆਂ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਇਸ ਸਬੰਧੀ ਕੀਤੇ ਗਏ ਆਦੇਸ਼ ਮੁਤਾਬਕ ਹੀ ਇਹ ਪੱਤਰ ਮੁੱਖ ਮੰਤਰੀ ਨੂੰ ਭੇਜਿਆ ਗਿਆ ਹੈ। ਇਸ ਪੱਤਰ ਰਾਹੀਂ ਮੁੱਖ ਮੰਤਰੀ ਨੂੰ ਕਿਹਾ ਗਿਆ ਹੈ ਕਿ ਉਹ ਇਨ੍ਹਾਂ ਪੀੜਤਾਂ ਦੇ ਕੇਸ ਦੀ ਮੁੜ ਨਜ਼ਰਸਾਨੀ ਕਰਦਿਆਂ ਇਨ੍ਹਾਂ ਦੀ ਯੋਗ ਸਹਾਇਤਾ ਵੀ ਕਰਨ।

ਜ਼ਿਕਰਯੋਗ ਹੈ ਕਿ ਦੰਗਾ ਪੀੜਤ ਵੈਲਫੇਅਰ ਸੁਸਾਇਟੀ ਪੰਜਾਬ ਵੱਲੋਂ ਇਥੇ ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਵਿੱਚ ਮੰਗ ਪੱਤਰ ਦੇ ਕੇ ਦੋਸ਼ ਲਾਇਆ ਗਿਆ ਸੀ ਕਿ ਕਿ ਪਿਛਲੀ ਸਰਕਾਰ ਵੱਲੋਂ ਕਈ ਦੰਗਾ ਪੀੜਤਾਂ ਦੇ ਬਣੇ ਹੋਏ ਲਾਲ ਕਾਰਡ ਕੱਟ ਦਿੱਤੇ ਗਏ ਸਨ। ਸੁਸਾਇਟੀ ਵੱਲੋਂ ਸਰਕਾਰ ਦੇ ਇਸ ਫ਼ੈਸਲੇ ਨੂੰ ਅਦਾਲਤ ਵਿੱਚ ਚੁਣੌਤੀ ਦਿੱਤੀ ਗਈ ਸੀ। ਹੁਣ ਅਦਾਲਤ ਨੇ ਇਸ ਮਾਮਲੇ ਵਿੱਚ ਬਣੇ ਹੋਏ ਕਾਰਡਾਂ ਦੀ ਜਾਂਚ ਦੇ ਹੁਕਮ ਦਿੱਤੇ ਹਨ। ਦੰਗਾ ਪੀੜਤਾਂ ਨੇ ਦੋਸ਼ ਲਾਇਆ ਸੀ ਕਿ ਇਸ ਮਾਮਲੇ ਵਿੱਚ ‘ਆਪ’ ਸਰਕਾਰ ਵੱਲੋਂ ਬਿਨਾਂ ਕੋਈ ਜਾਂਚ ਕੀਤਿਆਂ ਹੀ ਵੱਡੀ ਗਿਣਤੀ ਵਿੱਚ ਕਾਰਡਧਾਰਕਾਂ ਦੇ ਕਾਰਡ ਰੱਦ ਕਰ ਦਿੱਤੇ ਗਏ ਹਨ ਅਤੇ ਬਾਕੀ ਰਹਿੰਦੇ ਲਾਲ ਕਾਰਡਾਂ ਦੀ ਜਾਂਚ ਦੇ ਆਦੇਸ਼ ਦਿੱਤੇ ਗਏ ਹਨ। ਦੰਗਾ ਪੀੜਤ ਸੁਸਾਇਟੀ ਦੇ ਪ੍ਰਧਾਨ ਸੁਰਜੀਤ ਸਿੰਘ ਅਤੇ ਬੀਬੀ ਗੁਰਦੀਪ ਕੌਰ ਨੇ ਦੋਸ਼ ਲਾਇਆ ਸੀ ਕਿ ਕਿਸੇ ਵੱਡੀ ਸਾਜ਼ਿਸ਼ ਤਹਿਤ ਦੰਗਾ ਪੀੜਤਾਂ ਨੂੰ ਸਰਕਾਰ ਵੱਲੋਂ ਉਜਾੜਿਆ ਜਾ ਰਿਹਾ ਹੈ ਅਤੇ ਬੇਘਰ ਕੀਤਾ ਜਾ ਰਿਹਾ ਹੈ। ਸਾਲ 1985 ਵਿੱਚ ਪੰਜਾਬ ਸਰਕਾਰ ਵੱਲੋਂ ਉੱਜੜੇ ਪਰਿਵਾਰਾਂ ਦੀ ਮਦਦ ਲਈ ਲਾਲ ਸ਼ਨਾਖਤੀ ਕਾਰਡ ਬਣਾਏ ਗਏ ਸਨ।