ਦਿੱਲੀ ਕਮੇਟੀ ਵੱਲੋਂ ਬੀਬੀ ਜਗੀਰ ਕੌਰ ਦੀ ਹਮਾਇਤ

ਦਿੱਲੀ ਕਮੇਟੀ ਵੱਲੋਂ ਬੀਬੀ ਜਗੀਰ ਕੌਰ ਦੀ ਹਮਾਇਤ

ਅੰਮ੍ਰਿਤਸਰ- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਲੜਨ ਦੇ ਮਾਮਲੇ ਨੂੰ ਲੈ ਕੇ ਬੀਬੀ ਜਗੀਰ ਕੌਰ ਅਤੇ ਸ਼੍ਰੋਮਣੀ ਅਕਾਲੀ ਦਲ ਵਿਚਾਲੇ ਵਧ ਰਹੀ ਦੂਰੀ ਦੌਰਾਨ ਅੱਜ ਦਿੱਲੀ ਕਮੇਟੀ ਨੇ ਬੀਬੀ ਜਗੀਰ ਕੌਰ ਦਾ ਸਮਰਥਨ ਕਰਨ ਦਾ ਐਲਾਨ ਕੀਤਾ ਹੈ। ਦਿੱਲੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਪੰਜਾਬ ਦੇ ਚੇਅਰਮੈਨ ਮਨਜੀਤ ਸਿੰਘ ਭੋਮਾ ਨੇ ਅੱਜ ਇੱਥੇ ਪੱਤਰਕਾਰ ਸੰਮੇਲਨ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਮੂਹ ਮੈਂਬਰਾਂ ਨੂੰ ਅਪੀਲ ਕੀਤੀ ਹੈ ਕਿ ਸਿੱਖ ਸੰਸਥਾ ਨੂੰ ਬਾਦਲਾਂ ਦੇ ਗਲਬੇ ਤੋਂ ਆਜ਼ਾਦ ਕਰਾਉਣ ਲਈ ਇਸ ਵਾਰ ਸੁਨਹਿਰੀ ਮੌਕਾ ਮਿਲਿਆ ਹੈ, ਇਸ ਲਈ ਬੀਬੀ ਜਗੀਰ ਕੌਰ ਦਾ ਸਾਥ ਦੇ ਕੇ ਉਨ੍ਹਾਂ ਨੂੰ ਵੋਟ ਪਾਈ ਜਾਵੇ ਅਤੇ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਬੀਬੀ ਜਗੀਰ ਕੌਰ ਸਿੱਖ ਸੰਸਥਾ ਦੇ ਪ੍ਰਧਾਨ ਦੀ ਚੋਣ ਆਜ਼ਾਦ ਤੌਰ ’ਤੇ ਲੜਨਾ ਚਾਹੁੰਦੀ ਹੈ ਪਰ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਨ੍ਹਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਸ਼੍ਰੋਮਣੀ ਅਕਾਲੀ ਦਲ ਦੀ ਇਹ ਕਾਰਵਾਈ ਸਾਬਤ ਕਰਦੀ ਹੈ ਕਿ ਉਹ ਸਿੱਖ ਸੰਸਥਾ ਨੂੰ ਆਪਣੀ ਜਗੀਰ ਸਮਝਦੇ ਹਨ। ਉਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀ ਦੀਆਂ ਘਟਨਾਵਾਂ, ਡੇਰਾ ਸਿਰਸਾ ਦੇ ਮੁਖੀ ਨੂੰ ਮੁਆਫ਼ੀ ਦੇਣ, ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ਲਈ ਬਾਦਲਾਂ ਨੂੰ ਜ਼ਿੰਮੇਵਾਰ ਦੱਸਿਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਵਿਧਾਨ ਸਭਾ ਚੋਣਾਂ ਅਤੇ ਸੰਸਦੀ ਉਪ ਚੋਣ ਵਿੱਚ ਬਾਦਲਾਂ ਨੂੰ ਨਕਾਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸੱਤਾ ਖੁੱਸਣ ਤੋਂ ਬਾਅਦ ਉਹ ਹੁਣ ਸ਼੍ਰੋਮਣੀ ਕਮੇਟੀ ’ਤੇ ਕਬਜ਼ਾ ਬਣਾਈ ਰੱਖਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਆਜ਼ਾਦ ਢੰਗ ਨਾਲ ਹੋਣੀ ਚਾਹੀਦੀ ਹੈ ਅਤੇ ਲਿਫ਼ਾਫ਼ਾ ਕਲਚਰ ਬੰਦ ਹੋਣਾ ਚਾਹੀਦਾ ਹੈ।