ਸ਼੍ਰੋਮਣੀ ਕਮੇਟੀ ਚੋਣਾਂ ’ਚ ਦਖ਼ਲਅੰਦਾਜ਼ੀ ਕਰ ਰਹੀ ਹੈ ਭਾਜਪਾ ਤੇ ਆਰਐੱਸਐੱਸ: ਧਾਮੀ

ਸ਼੍ਰੋਮਣੀ ਕਮੇਟੀ ਚੋਣਾਂ ’ਚ ਦਖ਼ਲਅੰਦਾਜ਼ੀ ਕਰ ਰਹੀ ਹੈ ਭਾਜਪਾ ਤੇ ਆਰਐੱਸਐੱਸ: ਧਾਮੀ

ਅੰਮ੍ਰਿਤਸਰ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਇੱਥੇ ਪੱਤਰਕਾਰ ਸੰਮੇਲਨ ਦੌਰਾਨ ਦੋਸ਼ ਲਾਇਆ ਕਿ ਆਰਐੱਸਐੱਸ ਤੇ ਭਾਜਪਾ ਦੇ ਆਗੂ ਸਿੱਖ ਕੌਮ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਕਮੇਟੀ ’ਤੇ ਕਾਬਜ਼ ਹੋਣ ਦਾ ਯਤਨ ਕਰ ਰਹੇ ਹਨ। ਸ੍ਰੀ ਧਾਮੀ ਨੇ ਦੋਸ਼ ਲਾਇਆ ਕਿ ਸ਼੍ਰੋਮਣੀ ਕਮੇਟੀ ’ਤੇ ਕਾਬਜ਼ ਹੋਣ ਦੀ ਨੀਤੀ ਤਹਿਤ ਭਾਜਪਾ ਦੇ ਆਗੂ ਅਤੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਕਮੇਟੀ ਮੈਂਬਰਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਵਿਰੁੱਧ ਭੁਗਤਣ ਲਈ ਆਖ ਰਹੇ ਹਨ। ਇਸ ਦੇ ਨਾਲ ਹੀ ਵੱਖ-ਵੱਖ ਪਾਰਟੀਆਂ ਤੋਂ ਭਾਜਪਾ ਵਿੱਚ ਗਏ ਆਗੂਆਂ ਵੱਲੋਂ ਵੀ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਖਰੀਦਣ ਲਈ ਵੱਡੇ ਲਾਲਚ ਦਿੱਤੇ ਜਾ ਰਹੇ ਹਨ, ਜਿਸ ਬਾਰੇ ਸ਼੍ਰੋਮਣੀ ਕਮੇਟੀ ਦੇ ਕਈ ਮੈਂਬਰਾਂ ਨੇ ਉਨ੍ਹਾਂ ਨੂੰ ਖ਼ੁਦ ਦੱਸਿਆ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਕਾਂਗਰਸ ਦਖ਼ਲਅੰਦਾਜ਼ੀ ਕਰਕੇ ਸਿੱਖ ਮਸਲੇ ਉਲਝਾਉਂਦੀ ਰਹੀ ਹੈ ਤੇ ਹੁਣ ਭਾਜਪਾ ਵੀ ਉਸੇ ਰਾਹ ’ਤੇ ਤੁਰੀ ਹੋਈ ਹੈ। ਉਨ੍ਹਾਂ ਕਿਹਾ ਕਿ ਭਾਜਪਾ ਤੇ ਆਰਐੱਸਐੱਸ ਵੱਲੋਂ ਦਿੱਲੀ ਗੁਰਦੁਆਰਾ ਕਮੇਟੀ ਦੇ ਅਹੁਦੇਦਾਰਾਂ ਨੂੰ ਆਪਣੇ ਅਨੁਸਾਰ ਚਲਾਉਣ ਮਗਰੋਂ ਹਰਿਆਣਾ ਕਮੇਟੀ ਰਾਹੀਂ ਸ਼੍ਰੋਮਣੀ ਕਮੇਟੀ ਨੂੰ ਵੰਡਣ ਦੇ ਯਤਨ ਕੀਤੇ ਗਏ ਅਤੇ ਹੁਣ ਸ਼੍ਰੋਮਣੀ ਕਮੇਟੀ ਦੀ ਸਾਲਾਨਾ ਚੋਣ ਵਿੱਚ ਮੈਂਬਰਾਂ ’ਤੇ ਦਬਾਅ ਬਣਾਇਆ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਦੇ ਇਹ ਸਿੱਖ ਆਗੂ ਆਪਣੇ ਸੰਵਿਧਾਨਕ ਅਹੁਦੇ ਦੀ ਮਾਣ ਮਰਯਾਦਾ ਨੂੰ ਭੁੱਲ ਕੇ ਸਿੱਖ ਸੰਸਥਾ ਦਾ ਨੁਕਸਾਨ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਦੀ ਸਾਲਾਨਾ ਚੋਣ ਸੰਗਤ ਵੱਲੋਂ ਚੁਣੇ ਗਏ ਮੈਂਬਰਾਂ ਦਾ ਮਸਲਾ ਹੈ, ਜਿਸ ਵਿੱਚ ਕਿਸੇ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਲਈ ਸਿੱਖ ਸੰਸਥਾ ਦੀ ਚੋਣ ਵਿੱਚ ਭਾਜਪਾਈ ਦਖ਼ਲ ਨਾ ਦੇਣ।

ਐਡਵੋਕੇਟ ਧਾਮੀ ਨੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਲਈ ਮੁੜ ਉਮੀਦਵਾਰ ਐਲਾਨਣ ਲਈ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਮੇਤ ਸਮੁੱਚੇ ਆਗੂਆਂ ਅਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਉਨ੍ਹਾਂ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਅਪੀਲ ਕੀਤੀ ਕਿ ਉਹ ਬੇਹੱਦ ਸਤਿਕਾਰਤ ਹਨ ਤੇ ਉਨ੍ਹਾਂ ਨੂੰ ਚਾਹੀਦਾ ਹੈ ਕਿ ਉਹ ਪਹਿਲਾਂ ਦੀ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਨਾਲ ਚੱਲਣ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਕਈ ਮੈਂਬਰ ਤੇ ਅਧਿਕਾਰੀ ਮੌਜੂਦ ਸਨ।