ਬੀਬੀ ਜਗੀਰ ਕੌਰ ਵੱਲੋਂ ਪ੍ਰਧਾਨਗੀ ਦੀ ਚੋਣ ਲਈ ਏਜੰਡਾ ਪੇਸ਼

ਬੀਬੀ ਜਗੀਰ ਕੌਰ ਵੱਲੋਂ ਪ੍ਰਧਾਨਗੀ ਦੀ ਚੋਣ ਲਈ ਏਜੰਡਾ ਪੇਸ਼

ਅਕਾਲੀ ਦਲ ’ਤੇ ਅਕਾਲ ਤਖ਼ਤ ਦੇ ਹੁਕਮਾਂ ਦੀ ਅਣਦੇਖੀ ਕਰਨ ਦੇ ਦੋਸ਼ ਲਾਏ
ਜਲੰਧਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਲਈ ਚੋਣ ਲੜਨ ਦਾ ਐਲਾਨ ਕਰਦਿਆਂ ਅੱਜ ਆਪਣਾ ਏਜੰਡਾ ਪੇਸ਼ ਕੀਤਾ ਹੈ। ਇੱਥੇ ਇਕ ਪ੍ਰੈੱਸ ਕਾਨਫਰੰਸ ਦੌਰਾਨ ਮੀਡੀਆ ਨੂੰ ਸੰਬੋਧਨ ਕਰਦਿਆਂ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨੂੰ ਚੁਣੌਤੀ ਦੇਣ ਵਾਲੇ ਨੁਕਤੇ ਉਠਾਏ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਿੱਖ ਪੰਥ ਲਈ ਸਰਵਉੱਚ ਹੈ ਅਤੇ ਉਸ ਵੱਲੋਂ ਦਿੱਤੇ ਗਏ ਆਦੇਸ਼ਾਂ ਨੂੰ ਸ਼੍ਰੋਮਣੀ ਕਮੇਟੀ ਨੇ ਇਨ-ਬਿਨ ਲਾਗੂ ਕਰਨਾ ਤੇ ਕਰਵਾਉਣਾ ਹੁੰਦਾ ਹੈ ਪਰ ਹੈਰਾਨੀ ਦੀ ਗੱਲ ਹੈ ਕਿ ਸ਼੍ਰੋਮਣੀ ਕਮੇਟੀ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਦੀ ਅਣਦੇਖੀ ਕਰਦੀ ਆ ਰਹੀ ਹੈ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਕਮੇਟੀ ਨੂੰ ਆਪਣਾ ਇੱਕ ਚੈਨਲ ਸਥਾਪਤ ਕਰਨ ਲਈ ਕਿਹਾ ਸੀ ਪਰ ਅੱਜ ਤੱਕ ਇਸ ਨੂੰ ਅਮਲ ਵਿੱਚ ਨਹੀਂ ਲਿਆਂਦਾ ਗਿਆ। ਬੀਬੀ ਜਗੀਰ ਕੌਰ ਨੇ ਕਿਹਾ ਕਿ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੇ 2007 ਵਿੱਚ ਗੁਰੂ ਸਾਹਿਬ ਦਾ ਸਵਾਂਗ ਰਚਿਆ ਸੀ ਪਰ ਸਾਲ 2012 ਦੀਆਂ ਵਿਧਾਨ ਸਭਾ ਚੋਣਾਂ ਤੋਂ ਕੁਝ ਦਿਨ ਪਹਿਲਾਂ ਐੱਫਆਈਆਰ ਰੱਦ ਕਰਵਾਉਣੀ ਬਹੁਤ ਹੀ ਮੰਦਭਾਗੀ ਗੱਲ ਸੀ। ਜੇਕਰ ਡੇਰਾ ਮੁਖੀ ਵਿਰੁੱਧ ਪੰਜਾਬ ਸਰਕਾਰ ਗੰਭੀਰਤਾ ਨਾਲ ਕੇਸ ਲੜਦੀ ਤਾਂ 2015 ਵਿੱਚ ਬੇਅਦਬੀ ਵਰਗਾ ਦੁਖਾਂਤ ਨਾ ਵਾਪਰਦਾ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਲਿਫਾਫਾ ਕਲਚਰ ਵਿਰੁੱਧ ਸਟੈਂਡ ਲਏ ਜਾਣ ਤੋਂ ਬਾਅਦ ਹੀ ਦੋ ਦਹਾਕਿਆਂ ਤੋਂ ਚੱਲੀ ਆ ਰਹੀ ਪੁਰਾਣੀ ਪ੍ਰਥਾ ਨੂੰ ਖਤਮ ਕਰਨਾ ਪਿਆ ਹੈ ਅਤੇ ਪਾਰਟੀ ਨੂੰ ਚੋਣਾਂ ਤੋਂ ਪਹਿਲਾਂ ਹੀ ਆਪਣੇ ਉਮੀਦਵਾਰ ਦਾ ਐਲਾਨ ਕਰਨ ਲਈ ਮਜਬੂਰ ਹੋਣਾ ਪਿਆ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਜੇਕਰ ਉਹ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦੀ ਚੋਣ ਜਿੱਤਦੇ ਹਨ ਤਾਂ ਉਹ ਸ਼੍ਰੋਮਣੀ ਕਮੇਟੀ ਦੀ ਆਜ਼ਾਦ ਹਸਤੀ ਬਹਾਲ ਕਰਵਾਉਣਗੇ। ਉਨ੍ਹਾਂ ਐਲਾਨ ਕੀਤਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮਨੁੱਖੀ ਅਧਿਕਾਰਾਂ ਦੇ ਮੁੱਦਿਆਂ ’ਤੇ ਕੰਮ ਕਰੇਗੀ। ਉਨ੍ਹਾਂ ਸਿੱਖ ਇਤਿਹਾਸ ਨਾਲ ਸਬੰਧਤ ਅਹਿਮ ਵਿਰਸੇ ਨੂੰ ਸੰਭਾਲਣ ਲਈ ਸਿੱਖ ਹੈਰੀਟੇਜ ਕਮਿਸ਼ਨ ਗਠਿਤ ਕਰਨ ਦਾ ਐਲਾਨ ਕੀਤਾ।

ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਡਰਾਉਣ ਤੇ ਧਮਕਾਉਣ ਦੇ ਦੋਸ਼

ਬੀਬੀ ਜਗੀਰ ਕੌਰ ਦੇ ਬਾਗੀ ਤੇਵਰਾਂ ਨਾਲ ਪਾਰਟੀ ਵਿੱਚ ਘਬਰਾਹਟ ਮਹਿਸੂਸ ਕੀਤੀ ਜਾਣ ਲੱਗੀ ਹੈ। ਅੱਜ ਜਦੋਂ ਬੀਬੀ ਜਗੀਰ ਕੌਰ ਜਲੰਧਰ ਵਿੱਚ ਪ੍ਰੈੱਸ ਕਾਨਫਰੰਸ ਕਰ ਕੇ ਆਪਣਾ ਏਜੰਡਾ ਐਲਾਨ ਰਹੇ ਸਨ ਤਾਂ ਪ੍ਰੈੱਸ ਕਾਨਫਰੰਸ ਦੌਰਾਨ ਹੀ ਸ਼੍ਰੋਮਣੀ ਅਕਾਲੀ ਦਲ ਨੇ ਬੀਬੀ ਜਗੀਰ ਕੌਰ ਨੂੰ ਸੋਮਵਾਰ ਨੂੰ ਦੁਪਹਿਰ 12 ਵਜੇ ਪਾਰਟੀ ਹੈੱਡਕੁਆਰਟਰ ਵਿੱਚ ਨਿੱਜੀ ਸੁਣਵਾਈ ਲਈ ਇਕ ਹੋਰ ਮੌਕਾ ਦੇਣ ਦਾ ਐਲਾਨ ਕਰ ਦਿੱਤਾ। ਉਨ੍ਹਾਂ ਦੋਸ਼ ਲਾਇਆ ਕਿ ਐੱਸਜੀਪੀਸੀ ਮੈਂਬਰਾਂ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਉਨ੍ਹਾਂ ’ਤੇ ਦਬਾਅ ਪਾਇਆ ਜਾ ਰਿਹਾ ਹੈ। ਮੈਂਬਰਾਂ ਨੂੰ ਕਿਹਾ ਜਾ ਰਿਹਾ ਹੈ ਕਿ ਬੈਲਟ ਪੇਪਰਾਂ ਤੋਂ ਉਨ੍ਹਾਂ ਦੀ ਲਿਖਤ ਦੀ ਪਛਾਣ ਕੀਤੀ ਜਾਵੇਗੀ। ਜਦੋਂ ਉਹ ਉਮੀਦਵਾਰ ਦਾ ਨਾਮ ਲਿਖਣਗੇ ਤਾਂ ਪਤਾ ਲੱਗ ਜਾਵੇਗਾ ਕਿ ਉਨ੍ਹਾਂ ਨੇ ਕਿਸ ਨੂੰ ਵੋਟ ਪਾਈ ਹੈ।