ਜੈਕਾਰਿਆਂ ਦੀ ਗੂੰਜ ’ਚ ਨਿਕਲਿਆ ਨਗਰ ਕੀਰਤਨ

ਜੈਕਾਰਿਆਂ ਦੀ ਗੂੰਜ ’ਚ ਨਿਕਲਿਆ ਨਗਰ ਕੀਰਤਨ

ਪ੍ਰਕਾਸ਼ ਪੁਰਬ ਮੌਕੇ ਬਾਬੇ ਨਾਨਕ ਦੀਆਂ ਸਿੱਖਿਆਵਾਂ ’ਤੇ ਅਮਲ ਕਰਨ ਦਾ ਸੁਨੇਹਾ ਦਿੱਤਾ
ਅੰਮ੍ਰਿਤਸਰ- ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸੰਗਤ ਦੇ ਸਹਿਯੋਗ ਨਾਲ ਅਕਾਲ ਤਖ਼ਤ ਸਾਹਿਬ ਤੋਂ ਜੈਕਾਰਿਆਂ ਤੇ ਨਗਾਰਿਆਂ ਦੀ ਗੂੰਜ ਵਿੱਚ ਸਜਾਇਆ ਗਿਆ। ਸ੍ਰੀ ਅਕਾਲ ਤਖ਼ਤ ਤੋਂ ਅਰਦਾਸ ਉਪਰੰਤ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸ਼ੁਰੂ ਹੋਇਆ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ। ਉਨ੍ਹਾਂ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਦੀ ਸਿੱਖ ਸੰਗਤ ਨੂੰ ਵਧਾਈ ਦਿੰਦਿਆਂ ਗੁਰੂ ਸਾਹਿਬ ਦੇ ਉਪਦੇਸ਼ਾਂ ’ਤੇ ਚੱਲਣ ਦੀ ਅਪੀਲ ਕੀਤੀ।

ਤਲਵੰਡੀ ਸਾਬੋ : ਗੁਰੂੁ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਕੌਮ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਸ਼ੁਰੂਆਤ ਤਖ਼ਤ ਦਮਦਮਾ ਦੇ ਮੁੱਖ ਗ੍ਰੰਥੀ ਭਾਈ ਜਗਤਾਰ ਸਿੰਘ ਵੱਲੋਂ ਅਰਦਾਸ ਕੀਤੇ ਜਾਣ ਨਾਲ ਹੋਈ। ਇਸ ਮੌਕੇ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਤੇ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਜ ਪਿਆਰਿਆਂ ਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪੇ ਭੇਟ ਕੀਤੇ।
ਨਗਰ ਕੀਰਤਨ ਅੱਗੇ ਗਤਕਾ ਪਾਰਟੀਆਂ ਨੇ ਖਾਲਸਾਈ ਖੇਡ ਦੇ ਜੌਹਰ ਦਿਖਾਏ। ਇਸ ਮੌਕੇ ਗਿਆਨੀ ਹਰਪ੍ਰੀਤ ਸਿੰਘ ਨੇ ਗੁਰੂ ਨਾਨਕ ਦੇਵ ਦੇ ਜੀਵਨ ਬਾਰੇ ਚਾਨਣਾ ਪਾਇਆ ਤੇ ਸਮੁੱਚੀ ਕੌਮ ਨੂੰ ਗੁਰੂੁ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਨੂੰ ਸ਼ਰਧਾ ਨਾਲ ਮਨਾਉਣ ਅਤੇ ਗੁਰੂੁ ਸਾਹਿਬ ਦੀਆਂ ਸਿੱਖਿਆਵਾਂ ਗ੍ਰਹਿਣ ਕਰਨ ਦੀ ਅਪੀਲ ਕੀਤੀ।

ਬਾਬੇ ਨਾਨਕ ਦੇ ਰੰਗ ਵਿਚ ਰੰਗੀ ਇਤਿਹਾਸਕ ਨਗਰੀ ਸੁਲਤਾਨਪੁਰ ਲੋਧੀ
ਜਲੰਧਰ : ਗੁਰੂ ਨਾਨਕ ਦੇਵ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸੰਗਤ ਅੱਜ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਬੇਰ ਸਾਹਿਬ ਵਿਖੇ ਨਤਮਸਤਕ ਹੋਈ। ਇਸ ਮੌਕੇ ਬਾਬੇ ਨਾਨਕ ਦੀ ਨਗਰੀ ਵਜੋਂ ਜਾਣਿਆ ਜਾਂਦਾ ਸੁਲਤਾਨਪੁਰ ਲੋਧੀ ਕਸਬਾ ਪੂਰੀ ਤਰ੍ਹਾਂ ਬਾਬੇ ਨਾਨਕ ਦੇ ਰੰਗ ਵਿੱਚ ਰੰਗਿਆ ਗਿਆ। ਅੱਜ ਗੁਰਦੁਆਰਾ ਸੰਤ ਘਾਟ ਤੋਂ ਨਗਰ ਕੀਰਤਨ ਸ਼ੁਰੂ ਹੋ ਕੇ ਗੁਰਦੁਆਰਾ ਬੇਰ ਸਾਹਿਬ ਵਿਖੇ ਪਹੁੰਚਿਆ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸੰਗਤ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ।