ਪ੍ਰਨੀਤ ਕੌਰ ਨੇ ਲਿਖਿਆ ਕੇਂਦਰ ਨੂੰ ਪੱਤਰ

ਪ੍ਰਨੀਤ ਕੌਰ ਨੇ ਲਿਖਿਆ ਕੇਂਦਰ ਨੂੰ ਪੱਤਰ

ਸ੍ਰੀ ਹਜ਼ੂਰ ਸਾਹਿਬ ਲਈ ਮੁੜ ਉਡਾਣਾਂ ਸ਼ੁਰੂ ਕਰਨ ਦੀ ਮੰਗ
ਪਟਿਆਲਾ-ਸਾਬਕਾ ਵਿਦੇਸ਼ ਰਾਜ ਮੰਤਰੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਕੇਂਦਰੀ ਮੰਤਰੀ ਜੋਯੋਤਿਰਾਦਿੱਤਿਆ ਸਿੰਧੀਆ ਨੂੰ ਪੱਤਰ ਲਿਖ ਕੇ ਪੰਜਾਬ ਤੋਂ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਲਈ ਸਿੱਧੀਆਂ ਉਡਾਣਾਂ ਮੁੜ ਸ਼ੁਰੂ ਕਰਨ ਦੀ ਅਪੀਲ ਕੀਤੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਐਗਜ਼ੈਕਟਿਵ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਵੱਲੋਂ ਕਰਵਾਏ ਗਏ ਸਮਾਗਮ ’ਚ ਸ਼ਾਮਲ ਹੋਣ ਮਗਰੋਂ ਪ੍ਰਨੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਸਿੱਖ ਧਰਮ ਨਾਲ ਸਬੰਧਤ ਕੁਝ ਹੋਰ ਮਸਲੇ ਵੀ ਕੇਂਦਰ ਸਰਕਾਰ ਨਾਲ ਵਿਚਾਰੇ ਜਾ ਰਹੇ ਹਨ। ਉਨ੍ਹਾਂ ਪੱਤਰ ’ਚ ਲਿਖਿਆ ਕਿ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਨਾਲ ਸਬੰਧਤ ਧਾਰਮਿਕ ਸਥਾਨ ਹੈ, ਜਿਸ ਕਰ ਕੇ ਹਰ ਸਾਲ ਦੁਨੀਆ ਭਰ ’ਚੋਂ ਲੱਖਾਂ ਸ਼ਰਧਾਲੂ ਇੱਥੇ ਨਤਮਸਤਕ ਹੋਣ ਲਈ ਆਉਂਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਤੋਂ ਹਜ਼ੂਰ ਸਾਹਿਬ ਲਈ ਸਿੱਧੀਆਂ ਉਡਾਣਾਂ ਕਰੋਨਾ ਮਹਾਮਾਰੀ ਕਾਰਨ ਬੰਦ ਕਰ ਦਿੱਤੀਆਂ ਗਈਆਂ ਸਨ। ਹੁਣ ਦੇਸ਼ ਭਰ ’ਚ ਜ਼ਿਆਦਾਤਰ ਉਡਾਣਾਂ ਮੁੜ ਸ਼ੁਰੂ ਹੋ ਗਈਆਂ ਹਨ ਪਰ ਪੰਜਾਬ ਤੋਂ ਹਜ਼ੂਰ ਸਾਹਿਬ ਤੱਕ ਦੀ ਸਿੱਧੀ ਉਡਾਣ ਸ਼ੁਰੂ ਨਹੀਂ ਹੋਈ ਹੈ ਜਿਸ ਕਾਰਨ ਸ਼ਰਧਾਲੂਆਂ, ਖਾਸ ਕਰ ਕੇ ਬਜ਼ੁਰਗਾਂ, ਮਰੀਜ਼ਾਂ ਅਤੇ ਅਪਾਹਜ ਸ਼ਰਧਾਲੂਆਂ ਨੂੰ ਦਿੱਕਤਾਂ ਪੇਸ਼ ਆ ਰਹੀਆਂ ਹਨ। ਉਨ੍ਹਾਂ ਚੰਡੀਗੜ੍ਹ ਅਤੇ ਅੰਮ੍ਰਿਤਸਰ ਹਵਾਈ ਅੱਡੇ ਤੋਂ ਰੋਜ਼ਾਨਾ ਘੱਟੋ-ਘੱਟ ਇੱਕ-ਇੱਕ ਸਿੱਧੀ ਉਡਾਣ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ। ਉਨ੍ਹਾਂ 29 ਦਸੰਬਰ ਨੂੰ ਗੁਰੂ ਗੋਬਿੰਦ ਸਿੰਘ ਦੇ ਆਗਾਮੀ ਗੁਰਪੁਰਬ ਤੋਂ ਪਹਿਲਾਂ ਉਡਾਣਾਂ ਮੁੜ ਸ਼ੁਰੂ ਕਰਨ ਦੀ ਅਪੀਲ ਕੀਤੀ। ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੇ ਕਿਹਾ ਕਿ ਉਹ ਵੀ ਇਸ ਸਬੰਧੀ ਕੇਂਦਰੀ ਮੰਤਰੀ ਸਿੰਧੀਆ ਨੂੰ ਮਿਲਣਗੇ।