ਸ਼੍ਰੋਮਣੀ ਅਕਾਲੀ ਦਲ ਨੇ ਬੀਬੀ ਜਗੀਰ ਕੌਰ ਨੂੰ ਪਾਰਟੀ ’ਚੋਂ ਕੱਢਿਆ

ਸ਼੍ਰੋਮਣੀ ਅਕਾਲੀ ਦਲ ਨੇ ਬੀਬੀ ਜਗੀਰ ਕੌਰ ਨੂੰ ਪਾਰਟੀ ’ਚੋਂ ਕੱਢਿਆ

ਪਾਰਟੀ ਵਿਰੋਧੀ ਸਰਗਰਮੀਆਂ ਤੇ ਅਨੁਸ਼ਾਸਨਹੀਣਤਾ ਦਾ ਦੋਸ਼ ਲਾਇਆ
ਚੰਡੀਗੜ੍ਹ-ਸ਼੍ਰੋਮਣੀ ਅਕਾਲੀ ਦਲ ਨੇ ਬੀਬੀ ਜਗੀਰ ਕੌਰ ਨੂੰ ਪਾਰਟੀ ਵਿਰੋਧੀ ਸਰਗਰਮੀਆਂ ਤੇ ਅਨੁਸ਼ਾਸਨਹੀਣਤਾ ਦੇ ਦੋਸ਼ ’ਚ ਪਾਰਟੀ ’ਚੋਂ ਬਾਹਰ ਕੱਢ ਦਿੱਤਾ ਹੈ। ਬੀਬੀ ਨੇ ਪਾਰਟੀ ਤੋਂ ਬਾਗ਼ੀ ਹੁੰਦਿਆਂ 9 ਨਵੰਬਰ ਲਈ ਤਜਵੀਜ਼ਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਵਿੱਚ ਪ੍ਰਧਾਨ ਦੇ ਅਹੁਦੇ ਲਈ ਚੋਣ ਲੜਨ ਦਾ ਐਲਾਨ ਕੀਤਾ ਸੀ। ਪਾਰਟੀ ਨੇ ਬੀਬੀ ਨੂੰ ਆਪਣਾ ਫੈਸਲਾ ਵਾਪਸ ਲੈਣ ਲਈ ਕਿਹਾ ਸੀ, ਪਰ ਉਨ੍ਹਾਂ ਸਾਫ਼ ਨਾਂਹ ਕਰ ਦਿੱਤੀ। ਪਾਰਟੀ ਨੇ ਬੀਬੀ ਨੂੰ ‘ਕਾਰਨ ਦੱਸੋ’ ਨੋਟਿਸ ਜਾਰੀ ਕਰਦਿਆਂ ਸੋਮਵਾਰ ਬਾਅਦ ਦੁਪਹਿਰ ਪਾਰਟੀ ਹੈੱਡਕੁਆਰਟਰ ’ਤੇ ਪੇਸ਼ ਹੋਣ ਲਈ ਕਿਹਾ ਸੀ। ਇਸ ਦੌਰਾਨ ਅਨੁਸ਼ਾਸਨੀ ਕਮੇਟੀ ਦੇ ਮੈਂਬਰ ਵਿਰਸਾ ਸਿੰਘ ਵਲਟੋਹਾ ਨੇ ਦਾਅਵਾ ਕੀਤਾ ਕਿ ਭਾਜਪਾ ਆਗੂ ਤੇ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਪਾਰਟੀ ਤੇ ਸ਼੍ਰੋਮਣੀ ਕਮੇਟੀ ਦਰਮਿਆਨ ਪਾੜ ਪਾਉਣ ਦੀਆਂ ਵਿਉਂਤਾਂ ਘੜ ਰਹੇ ਹਨ।

ਇਥੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਪਾਰਟੀ ਦੀ ਅਨੁਸ਼ਾਸਨੀ ਕਮੇਟੀ ਦੇ ਪ੍ਰਧਾਨ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਬੀਬੀ ਜਗੀਰ ਕੌਰ ਨੂੰ ਆਪਣਾ ਪੱਖ ਰੱਖਣ ਲਈ ਕਈ ਮੌਕੇ ਦਿੱਤੇ, ਪਰ ਉਹ ਨਾਕਾਮ ਰਹੇ। ਉਨ੍ਹਾਂ ਕਿਹਾ, ‘‘ਲਿਹਾਜ਼ਾ ਸਾਡੇ ਕੋਲ ਉਨ੍ਹਾਂ ਖਿਲਾਫ਼ ਕਾਰਵਾਈ ਤੋਂ ਛੁੱਟ ਹੋਰ ਕੋਈ ਬਦਲ ਨਹੀਂ ਬਚਦਾ। ਅਨੁਸ਼ਾਸਨੀ ਕਮੇਟੀ ਨੇ ਉਨ੍ਹਾਂ ਨੂੰ ਪਾਰਟੀ ’ਚੋਂ ਕੱਢਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਦੀ ਮੁੱਢਲੀ ਮੈਂਬਰਸ਼ਿਪ ਖਾਰਜ ਕੀਤੀ ਜਾਂਦੀ ਹੈ। ਪਾਰਟੀ ਵਿੱਚ ਉਨ੍ਹਾਂ ਦੀਆਂ ਸੇਵਾਵਾਂ ਖਤਮ ਹੋ ਗਈਆਂ ਹਨ। ਪਾਰਟੀ ਦਾ ਹੁਣ ਬੀਬੀ ਜਗੀਰ ਕੌਰ ਨਾਲ ਕੋਈ ਲੈਣਾ ਦੇਣਾ ਨਹੀਂ ਹੈ।’’ ਕਾਬਿਲੇਗੌਰ ਹੈ ਕਿ ਬੀਬੀ ਜਗੀਰ ਕੌਰ ਬਾਦਲ ਪਰਿਵਾਰ ਦੇ ਨੇੜਲਿਆਂ ਤੇ ਵਫ਼ਾਦਾਰਾਂ ’ਚੋਂ ਇਕ ਸੀ। ਸ਼੍ਰੋਮਣੀ ਅਕਾਲੀ ਦਲ ਸ਼੍ਰੋਮਣੀ ਕਮੇਟੀ ਚੋਣਾਂ ਵਿੱਚ ਪ੍ਰਧਾਨ ਦੇ ਅਹੁਦੇ ਲਈ ਹਰਜਿੰਦਰ ਸਿੰਘ ਧਾਮੀ ਨੂੰ ਆਪਣਾ ਉਮੀਦਵਾਰ ਐਲਾਨ ਚੁੱਕਾ ਹੈ।