ਰਾਸ਼ਟਰਪਤੀ, ਪ੍ਰਧਾਨ ਮੰਤਰੀ ਤੇ ਉਪ ਰਾਸ਼ਟਰਪਤੀ ਵੱਲੋਂ ਪ੍ਰਕਾਸ਼ ਪੁਰਬ ਮੌਕੇ ਵਧਾਈ

ਰਾਸ਼ਟਰਪਤੀ, ਪ੍ਰਧਾਨ ਮੰਤਰੀ ਤੇ ਉਪ ਰਾਸ਼ਟਰਪਤੀ ਵੱਲੋਂ ਪ੍ਰਕਾਸ਼ ਪੁਰਬ ਮੌਕੇ ਵਧਾਈ

ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਗੁਰਦੁਆਰਾ ਪਟਨਾ ਸਾਹਿਬ ਨਤਮਸਤਕ

ਨਵੀਂ ਦਿੱਲੀ/ਪਟਨਾ-ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ਅੱਜ ਰਾਸ਼ਟਰਪਤੀ ਦਰੋਪਦੀ ਮੁਰਮੂ, ਉਪ ਰਾਸ਼ਟਰਪਤੀ ਜਗਦੀਪ ਧਨਖੜ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਜਦਕਿ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ। ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਦੇਸ਼ ਦੇ ਲੋਕਾਂ ਨੂੰ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਉਨ੍ਹਾਂ ਦੇ ਵਿਚਾਰ ਅਪਣਾ ਕੇ ਸਮਾਜ ’ਚ ਸ਼ਾਂਤੀ, ਬਰਾਬਰੀ ਤੇ ਖੁਸ਼ਹਾਲੀ ਲਿਆਂਦੀ ਜਾ ਸਕਦੀ ਹੈ। ਉਨ੍ਹਾਂ ਆਪਣੇ ਸੰਦੇਸ਼ ’ਚ ਕਿਹਾ, ‘ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੇਸ਼ ਤੇ ਵਿਦੇਸ਼ ’ਚ ਰਹਿ ਰਹੇ ਸਾਰੇ ਦੇਸ਼ ਵਾਸੀਆਂ ਤੇ ਖਾਸ ਤੌਰ ’ਤੇ ਸਿੱਖ ਭਾਈਚਾਰੇ ਨੂੰ ਮੇਰੀਆਂ ਸ਼ੁਭ ਕਾਮਨਾਵਾਂ।’ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਸਦਾਚਾਰੀ ਜੀਵਨ ਤੇ ਬਰਾਬਰੀ ਵਾਲੇ ਸਮਾਜ ਦੀ ਸਥਾਪਨਾ ਲਈ ਅੱਜ ਵੀ ਗੁਰੂ ਨਾਨਕ ਦੇਵ ਦੀਆਂ ਸਿੱਖਿਆਵਾਂ ਮਹੱਤਵਪੂਰਨ ਹਨ। ਇਸੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, ‘ਇੱਕ ਇਨਸਾਫ਼ ਪਸੰਦ ਤੇ ਨਿਮਰ ਸਮਾਜ ਦੇ ਨਿਰਮਾਣ ਲਈ ਸਾਡੀਆਂ ਕੋਸ਼ਿਸ਼ਾਂ ’ਚ ਉਨ੍ਹਾਂ ਦੀਆਂ ਸਿੱਖਿਆਵਾਂ ਸਾਨੂੰ ਰਾਹ ਦਿਖਾਉਂਦੀਆਂ ਰਹਿਣ।’ ਦੂਜੇ ਪਾਸੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਗੁਰਦੁਆਰਾ ਪਟਨਾ ਸਾਹਿਬ ਜਾ ਕੇ ਮੱਥਾ ਟੇਕਿਆ ਤੇ ਦੇਸ਼ ਵਾਸੀਆਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਗੁਰਦੁਆਰੇ ਨੂੰ ਬਹੁਤ ਹੀ ਅਹਿਮ ਸਥਾਨ ਦਸਦਿਆਂ ਨਿਤੀਸ਼ ਕੁਮਾਰ ਨੇ ਕਿਹਾ, ‘ਅਸੀਂ ਇਸ ਸਥਾਨ ਦਾ ਨਿਰਮਾਣ ਇਸ ਢੰਗ ਨਾਲ ਕਰਵਾਇਆ ਹੈ ਤਾਂ ਜੋ ਨਵੀਂ ਪੀੜ੍ਹੀ ਵੀ ਇਸ ਨਾਲ ਜੁੜੀ ਰਹੇ।’