ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਗਿਲੇ-ਸ਼ਿਕਵੇ ਭੁਲਾ ਕੇ ਮਿਲੇ ਭਗਵੰਤ ਮਾਨ

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਗਿਲੇ-ਸ਼ਿਕਵੇ ਭੁਲਾ ਕੇ ਮਿਲੇ ਭਗਵੰਤ ਮਾਨ

ਚੰਡੀਗੜ੍ਹ-ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਰਾਜ ਭਵਨ ਵਿੱਚ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਪਹੁੰਚੇ। ਸ੍ਰੀ ਮਾਨ ਅੱਜ ਰਾਜਪਾਲ ਨਾਲ ਆਪਣੇ ਪੁਰਾਣੇ ਗਿਲ਼ੇ-ਸ਼ਿਕਵੇ ਭੁਲਾ ਕੇ ਦੋਸਤਾਨਾ ਅੰਦਾਜ਼ ਵਿੱਚ ਦਿਖਾਈ ਦਿੱਤੇ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਰਾਜਪਾਲ ਦੀ ਸ਼ਲਾਘਾ ਵੀ ਕੀਤੀ।

ਮੁੱਖ ਮੰਤਰੀ ਭਗਵੰਤ ਮਾਨ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਧਰਮ ਪ੍ਰਚਾਰ ਰਾਹੀਂ ਮਨੁੱਖਤਾ ਦੀ ਮੁਕਤੀ ਦਾ ਮਾਰਗ ਦਿਖਾਇਆ ਹੈ। ਗੁਰੂ ਸਾਹਿਬ ਦੀਆਂ ‘ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਦੀਆਂ ਸਦੀਵੀ ਸਿੱਖਿਆਵਾਂ ਅਜੋਕੇ ਪਦਾਰਥਵਾਦੀ ਸਮਾਜ ਵਿੱਚ ਪ੍ਰਸੰਗਿਕ ਹਨ। ਗੁਰੂ ਨਾਨਕ ਦੇਵ ਜੀ ਨੇ ਮਨੁੱਖਤਾ ਨੂੰ ਨਵੇਂ ਵਿਚਾਰਾਂ ਅਤੇ ਉਦੇਸ਼ਾਂ ਨਾਲ ਪ੍ਰੇਰਿਤ ਕੀਤਾ ਅਤੇ ਪਾਖੰਡ, ਝੂਠ, ਦਿਖਾਵੇ ਤੇ ਜਾਤ-ਪਾਤ ਦੀਆਂ ਵਲਗਣਾਂ ਤੋਂ ਉੱਪਰ ਉੱਠਣ ਦਾ ਸੁਨੇਹਾ ਦਿੱਤਾ। ਮੁੱਖ ਮੰਤਰੀ ਨੇ ਸਾਰਿਆਂ ਨੂੰ ਗੁਰੂ ਨਾਨਕ ਦੇਵ ਜੀ ਦੇ ਦਿਖਾਏ ਰਾਹ ’ਤੇ ਚੱਲਣ ਦੀ ਅਪੀਲ ਕੀਤੀ। ਇਸ ਮੌਕੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ’ਤੇ ਚੱਲਣ ਦਾ ਜ਼ੋਰ ਦਿੱਤਾ। ਇਸ ਮੌਕੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਸਣੇ ਸਾਰੇ ਪਤਵੰਤਿਆਂ ਨੇ ਪੰਗਤ ਵਿੱਚ ਬੈਠ ਕੇ ਲੰਗਰ ਛਕਿਆ। ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਗਿਤ ਨਾਲ ਅੱਜ ਲੰਬੇ ਸਮੇਂ ਦੀ ਨਾਰਾਜ਼ਗੀ ਤੋਂ ਬਾਅਦ ਮੁਲਾਕਾਤ ਕੀਤੀ ਹੈ। ਇਸ ਤੋਂ ਪਹਿਲਾਂ ਸੂਬੇ ਦੇ ਸੁਰੱਖਿਆ ਪ੍ਰਬੰਧ, ਖਨਣ ਦੇ ਮੁੱਦੇ ਅਤੇ ਬਾਬਾ ਫਰੀਦ ਯੂਨੀਵਰਸਿਟੀ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ’ਚ ਵਾਈਸ ਚਾਂਸਲਰ ਦੀ ਨਿਯੁਕਤੀ ਦੇ ਮਾਮਲੇ ’ਤੇ ਇਕ ਦੂਜੇ ਦੇ ਸਾਹਮਣੇ ਖੜ੍ਹੇ ਹੋਏ ਸਨ। ਅੱਜ ਪੰਜਾਬ ਦੇ ਮੁੱਖ ਮੰਤਰੀ ਅਤੇ ਰਾਜਪਾਲ ਦੀ ਮੁਲਾਕਾਤ ਤੋਂ ਭਵਿੱਖ ਵਿੱਚ ਸਬੰਧ ਹੋਰ ਸੁਖਾਲੇ ਹੋਣ ਦੀ ਆਸ ਜਤਾਈ ਜਾ ਰਹੀ ਹੈ।