‘ਆਪ’ ਸਰਕਾਰ ਸੂਬੇ ਦੀ ਅਮਨ ਸ਼ਾਂਤੀ ਭੰਗ ਨਹੀਂ ਹੋਣ ਦੇੇੇਵੇਗੀ: ਧਾਲੀਵਾਲ

‘ਆਪ’ ਸਰਕਾਰ ਸੂਬੇ ਦੀ ਅਮਨ ਸ਼ਾਂਤੀ ਭੰਗ ਨਹੀਂ ਹੋਣ ਦੇੇੇਵੇਗੀ: ਧਾਲੀਵਾਲ

ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ 21 ਲਾਭਪਾਤਰੀਆਂ ਨੂੰ ਨਿਯੁਕਤੀ ਪੱਤਰ ਵੰਡੇ; ਨੌਜਵਾਨਾਂ ਨੂੰ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਆ
ਅੰਮ੍ਰਿਤਸਰ- ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਵਿੱਚ ਕਿਸੇ ਨੂੰ ਵੀ ਅਮਨ ਸ਼ਾਂਤੀ ਭੰਗ ਨਹੀਂ ਕਰਨ ਦੇਵੇਗੀ ਅਤੇ ਸੂਬੇ ਦੀ ਅਮਨ ਸ਼ਾਂਤੀ ਨੂੰ ਹਰ ਕੀਮਤ ’ਤੇ ਬਰਕਰਾਰ ਰੱਖਿਆ ਜਾਵੇਗਾ। ਸ੍ਰੀ ਧਾਲੀਵਾਲ ਨੇ ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਪੇਂਡੂ ਵਿਕਾਸ ਪੰਚਾਇਤ ਵਿਭਾਗ ਵਿੱਚ 21 ਲਾਭਪਾਤਰੀਆਂ ਨੂੰ ਨਿਯੁਕਤੀ ਪੱਤਰ ਵੰਡਣ ਲਈ ਰੱਖੇ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਪਿਛਲੇ 7 ਮਹੀਨਿਆਂ ਦੇ ਅਰਸੇ ਵਿੱਚ 25000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਅਤੇ ਸਰਕਾਰ ਨੌਜਵਾਨਾਂ ਨੂੰ ਪੰਜਾਬ ਵਿੱਚ ਨੌਕਰੀ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਕਿਹਾ ਕਿ ਉਹ ਇਸ ਵਿਭਾਗ ਵਿੱਚ ਪੂਰੀ ਇਮਾਨਦਾਰੀ ਅਤੇ ਅਣਥੱਕ ਮਿਹਨਤ ਨਾਲ ਕੰਮ ਕਰਨ ਤਾਂ ਜੋ ਪੰਜਾਬ ਦੇ 12,560 ਪਿੰਡਾਂ ਨੂੰ ਰੰਗਲਾ ਪੰਜਾਬ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਨੌਜਵਾਨ ਮਹਿਕਮੇ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕੰਮ ਕਰਨ ਅਤੇ ਵਧੀਆ ਸੇਵਾਵਾਂ ਦੇਣ ਤਾਂ ਜੋ ਪੰਜਾਬ ਨੂੰ ਖੂਬਸੂਰਤ ਬਣਾ ਸਕੀਏ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਰਵਾਸੀ ਪੰਜਾਬੀਆਂ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਵਿਭਾਗ ਦੇ ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ ਨੇ ਨਵੇਂ ਭਰਤੀ ਨੌਜਵਾਨਾਂ ਨੂੰ ਕਿਹਾ ਕਿ ਉਹ ਸਰਕਾਰੀ ਨੌਕਰੀ ਨੂੰ ਤਨਦੇਹੀ ਨਾਲ ਕਰਨ ਤਾਂ ਜੋ ਉਨ੍ਹਾਂ ਦੇ ਪਰਿਵਾਰ ਫ਼ਖ਼ਰ ਮਹਿਸੂਸ ਕਰ ਸਕਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਣਬੀਰ ਸਿੰਘ ਮੁੱਧਲ, ਡਿਪਟੀ ਸੀਈਓ ਕਪੂਰਥਲਾ ਗੁਰਪ੍ਰਤਾਪ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸਤੀਸ਼ ਕੁਮਾਰ ਤੇ ਹੋਰ ਅਧਿਕਾਰੀ ਹਾਜ਼ਰ ਸਨ।