ਦਾਦੂਵਾਲ ਨੂੰ ਹਰਿਆਣਾ ਕਮੇਟੀ ਦੀ ਪ੍ਰਧਾਨਗੀ ਤੋਂ ਹਟਾਉਣ ਦੀ ਮੰਗ

ਦਾਦੂਵਾਲ ਨੂੰ ਹਰਿਆਣਾ ਕਮੇਟੀ ਦੀ ਪ੍ਰਧਾਨਗੀ ਤੋਂ ਹਟਾਉਣ ਦੀ ਮੰਗ

ਅੰਮ੍ਰਿਤਸਰ- ਹਰਿਆਣਾ ਸਿੱਖ ਗੁਰਦੁਆਰਾ ਕਮੇਟੀ ਦੇ ਜਨਰਲ ਸਕੱਤਰ ਜਸਬੀਰ ਸਿੰਘ ਭਾਟੀ, ਸੰਯੁਕਤ ਸਕੱਤਰ ਚੰਨਦੀਪ ਸਿੰਘ ਖੁਰਾਣਾ ਅਤੇ ਸੀਨੀਅਰ ਮੀਤ ਪ੍ਰਧਾਨ ਕਰਨੈਲ ਸਿੰਘ ਨੇ ਅੱਜ ਇਥੇ ਅਕਾਲ ਤਖ਼ਤ ਸਾਹਿਬ ਵਿੱਚ ਕਮੇਟੀ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਖ਼ਿਲਾਫ਼ ਸ਼ਿਕਾਇਤ ਦਿੱਤੀ ਹੈ ਕਿ ਉਹ ਕਮੇਟੀ ਮੈਂਬਰਾਂ ਦਾ ਭਰੋਸਾ ਗੁਆ ਚੁੱਕੇ ਹਨ। ਇਸ ਲਈ ਹੁਣ ਉਨ੍ਹਾਂ ਨੂੰ ਕਮੇਟੀ ਪ੍ਰਧਾਨ ਬਣੇ ਰਹਿਣ ਦਾ ਕੋਈ ਅਧਿਕਾਰ ਨਹੀਂ ਹੈ। ਆਗੂਆਂ ਨੇ ਉਨ੍ਹਾਂ ਖ਼ਿਲਾਫ਼ ਬਣਦੀ ਕਾਰਵਾਈ ਮੰਗੀ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮਾਮਲਾ ਹਰਿਆਣਾ ਦੇ ਮੁੱਖ ਮੰਤਰੀ ਕੋਲ ਵੀ ਰੱਖਿਆ ਗਿਆ ਹੈ ਤੇ ਉਨ੍ਹਾਂ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕਮੇਟੀ ਦੇ ਲਗਪਗ ਤੀਹ ਮੈਂਬਰ ਸ੍ਰੀ ਦਾਦੂਵਾਲ ਖ਼ਿਲਾਫ਼ ਹਨ।

ਇਥੇ ਜਥੇਦਾਰ ਹਰਪ੍ਰੀਤ ਸਿੰਘ ਦੇ ਨਾਂ ਸੌਂਪੇ ਗਏ ਇਸ ਪੱਤਰ ਵਿੱਚ ਸਿੱਖ ਆਗੂਆਂ ਵੱਲੋਂ ਮਰਿਯਾਦਾ ਦੀ ਉਲੰਘਣਾ ਹੋਣ ਦਾ ਦੋਸ਼ ਵੀ ਲਾਇਆ ਗਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਹਰਿਆਣਾ ਕਮੇਟੀ ਸਬੰਧੀ ਫ਼ੈਸਲਾ ਆਉਣ ਤੋਂ ਬਾਅਦ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਸ੍ਰੀ ਦਾਦੂਵਾਲ ਵੱਲੋਂ ਖ਼ੁਦ ’ਤੇ ਫੁੱਲਾਂ ਦੀ ਵਰਖਾ ਕਰਵਾਈ ਗਈ, ਜੋ ਸਿੱਖ ਰਹਿਤ ਮਰਿਆਦਾ ਦੀ ਘੋਰ ਉਲੰਘਣਾ ਹੈ। ਉਨ੍ਹਾਂ ਇਸ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਯੋਗ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਇਸ ਸਬੰਧੀ ਕਮੇਟੀ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨਾਲ ਸੰਪਰਕ ਨਹੀਂ ਹੋ ਸਕਿਆ ਹੈ।