ਸ਼੍ਰੋਮਣੀ ਕਮੇਟੀ ਦਾ 102ਵਾਂ ਸਥਾਪਨਾ ਦਿਵਸ ਮਨਾਇਆ

ਸ਼੍ਰੋਮਣੀ ਕਮੇਟੀ ਦਾ 102ਵਾਂ ਸਥਾਪਨਾ ਦਿਵਸ ਮਨਾਇਆ

ਸਦੀ ਪੁਰਾਣੀ ਕਮੇਟੀ ਦੀਆਂ ਸ਼ਾਨਾਂਮੱਤੀਆਂ ਕੁਰਬਾਨੀਆਂ ਦਾ ਜ਼ਿਕਰ ਕੀਤਾ
ਅੰਮ੍ਰਿਤਸਰ- ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਦਾ 102ਵਾਂ ਸਥਾਪਨਾ ਦਿਵਸ ਅੱਜ ਇਥੇ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿੱਚ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਤੇ ਮਗਰੋਂ ਹਜ਼ੂਰੀ ਰਾਗੀ ਭਾਈ ਗੁਰਕੀਰਤ ਸਿੰਘ ਦੇ ਜਥੇ ਨੇ ਕੀਰਤਨ ਕੀਤਾ। ਗਿਆਨੀ ਗੁਰਮਿੰਦਰ ਸਿੰਘ ਨੇ ਸ਼੍ਰੋਮਣੀ ਕਮੇਟੀ ਵੱਲੋਂ ਇਕ ਸਦੀ ਦੇ ਸਫ਼ਰ ਦੌਰਾਨ ਕੀਤੇ ਗਏ ਕਾਰਜਾਂ ਦੀ ਸ਼ਲਾਘਾ ਕੀਤੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਾਜ਼ਰ ਸੰਗਤ ਨੂੰ ਵਧਾਈ ਦਿੰਦਿਆਂ ਕਿਹਾ ਕਿ ਕੁਰਬਾਨੀਆਂ ਨਾਲ ਹੋਂਦ ਵਿੱਚ ਆਈ ਇਸ ਸਿੱਖ ਸੰਸਥਾ ਦਾ ਇਕ ਸਦੀ ਦਾ ਇਤਿਹਾਸ ਬੇਹੱਦ ਸ਼ਾਨਾਮੱਤਾ ਰਿਹਾ ਹੈ। ਉਨ੍ਹਾਂ ਬਾਬਾ ਦੀਪ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਵੀ ਸ਼ਰਧਾ ਤੇ ਸਤਿਕਾਰ ਭੇਟ ਕੀਤਾ। ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਸਿੱਖ ਕੌਮ ਨੇ ਸ਼ੁਰੂ ਤੋਂ ਹੀ ਸੰਘਰਸ਼ਾਂ ਭਰਿਆ ਸਫ਼ਰ ਕੀਤਾ ਹੈ, ਜਿਸ ਤਹਿਤ ਸਿੱਖ ਕੌਮ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਲਈ ਦਿੱਤੀਆਂ ਕੁਰਬਾਨੀਆਂ ਵੱਡਾ ਮਹੱਤਵ ਰੱਖਦੀਆਂ ਹਨ। ਸਮਾਗਮ ਦੌਰਾਨ ਭਾਈ ਗੁਰਭੇਜ ਸਿੰਘ ਦੇ ਢਾਡੀ ਜਥੇ ਨੇ ਜੋਸ਼ੀਲੀਆਂ ਵਾਰਾਂ ਗਾਈਆਂ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਹਰਜਾਪ ਸਿੰਘ ਸੁਲਤਾਨਵਿੰਡ, ਸਕੱਤਰ ਪ੍ਰਤਾਪ ਸਿੰਘ, ਵਧੀਕ ਸਕੱਤਰ ਪਰਮਜੀਤ ਸਿੰਘ ਸਰੋਆ, ਕੁਲਵਿੰਦਰ ਸਿੰਘ ਰਮਦਾਸ, ਬਲਵਿੰਦਰ ਸਿੰਘ ਕਾਹਲਵਾਂ, ਹਰਜੀਤ ਸਿੰਘ ਲਾਲੂਘੁੰਮਣ, ਗੁਰਿੰਦਰ ਸਿੰਘ ਮਥਰੇਵਾਲ, ਮੈਨੇਜਰ ਸੁਖਰਾਜ ਸਿੰਘ ਹਾਜ਼ਰ ਸਨ।