ਆਜ਼ਾਦੀ ਘੁਲਾਟੀਆਂ ਦੇ ਸੁਫ਼ਨਿਆਂ ਦਾ ਪੰਜਾਬ ਸਿਰਜਾਂਗੇ: ਭਗਵੰਤ ਮਾਨ

ਆਜ਼ਾਦੀ ਘੁਲਾਟੀਆਂ ਦੇ ਸੁਫ਼ਨਿਆਂ ਦਾ ਪੰਜਾਬ ਸਿਰਜਾਂਗੇ: ਭਗਵੰਤ ਮਾਨ

ਗੁਰੂ ਨਾਨਕ ਸਟੇਡੀਅਮ ਵਿੱਚ ਖੇਡਾਂ ਵਤਨ ਪੰਜਾਬ ਦੀਆਂ ਸਮਾਪਤ; ਨੌਂ ਹਜ਼ਾਰ ਤੋਂ ਵੱਧ ਖਿਡਾਰੀਆਂ ਨੇ 6.85 ਕਰੋੜ ਦੇ ਇਨਾਮ ਜਿੱਤੇ

ਲੁਧਿਆਣਾ- ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਦਾ ਅੱਜ ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ਵਿੱਚ ਸਮਾਪਤੀ ਸਮਾਗਮ ਹੋਇਆ ਜਿਸ ਵਿੱਚ ਮੁੱਖ ਮਹਿਮਾਨ ਵਜੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਿਰਕਤ ਕੀਤੀ। ਇਸ ਮੌਕੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸਵਾਗਤੀ ਸ਼ਬਦ ਕਹੇ।

ਇਸ ਮੌਕੇ ਉਨ੍ਹਾਂ ਆਜ਼ਾਦੀ ਘੁਲਾਟੀਆਂ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਸੁਪਨਿਆਂ ਦਾ ਪੰਜਾਬ ਉਸਾਰਨ ਦਾ ਭਰੋਸਾ ਦਿੱਤਾ। ਸ੍ਰੀ ਮਾਨ ਨੇ ਕਿਹਾ ਕਿ ਕਈ ਸਾਲ ਤੋਂ ਬੰਦ ਪਿਆ ਸ਼ਹੀਦ ਭਗਤ ਸਿੰਘ ਯੂਥ ਐਵਾਰਡ ਦੁਬਾਰਾ ਸ਼ੁਰੂ ਕੀਤਾ ਜਾਵੇਗਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਪੜ੍ਹਾਈ, ਖੇਡਾਂ ਅਤੇ ਸੱਭਿਆਚਾਰ ਦੇ ਖੇਤਰ ਵਿੱਚ ਹੋਰ ਅੱਗੇ ਲਿਆਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾਣਗੇ। ਇਹ ਖੇਡਾਂ ਮੇਜਰ ਧਿਆਨ ਚੰਦ ਦੇ ਜਨਮ ਦਿਨ ਮੌਕੇ 29 ਅਗਸਤ ਨੂੰ ਸ਼ੁਰੂ ਹੋਈਆਂ ਸਨ। ਇਹ ਖੇਡਾਂ ਕਰੀਬ ਤਿੰਨ ਮਹੀਨੇ ਚੱਲੀਆਂ ਤੇ 28 ਖੇਡ ਵੰਨਗੀਆਂ ਵਿੱਚ ਤਿੰਨ ਲੱਖ ਤੋਂ ਵੱਧ ਖਿਡਾਰੀਆਂ ਨੇ ਹਿੱਸਾ ਲਿਆ। ਉਨ੍ਹਾਂ ਦੱਸਿਆ ਕਿ ਸੂਬਾ ਪੱਧਰ ’ਤੇ ਸੋਨੇ, ਚਾਂਦੀ ਅਤੇ ਕਾਂਸੀ ਦਾ ਤਗਮਾ ਜਿੱਤਣ ਵਾਲੇ ਖਿਡਾਰੀਆਂ ਦੇ ਬੈਂਕ ਖਾਤਿਆਂ ਵਿੱਚ 6.85 ਕਰੋੜ ਰੁਪਏ ਦੀ ਰਾਸ਼ੀ ਪਾਈ ਗਈ ਹੈ। ਉਨ੍ਹਾਂ ਦੱਸਿਆ ਕਿ ਸੋਨ ਤਗਮਾ ਜਿੱਤਣ ਵਾਲੇ ਦੇ ਖਾਤੇ ’ਚ 10 ਹਜ਼ਾਰ, ਚਾਂਦੀ ਦਾ ਤਗਮਾ ਜੇਤੂ ਦੇ ਖਾਤੇ ਵਿੱਚ ਸੱਤ ਹਜ਼ਾਰ ਜਦਕਿ ਕਾਂਸੀ ਦਾ ਤਗਮਾ ਜੇਤੂ ਦੇ ਖਾਤੇ ਵਿੱਚ ਪੰਜਾਹ ਹਜ਼ਾਰ ਰੁਪਏ ਤਬਦੀਲ ਕੀਤੇ ਗਏ ਹਨ। ਇਸ ਮੌਕੇ ਮੁੱਖ ਮੰਤਰੀ ਨੇ ਰਾਜ ਪੱਧਰੀ ਖੇਡਾਂ ਵਿੱਚ ਕ੍ਰਮਵਾਰ 202, 133 ਅਤੇ 123 ਸੋਨ ਤਗਮੇ ਜਿੱਤ ਕੇ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੀਆਂ ਕ੍ਰਮਵਾਰ ਪਟਿਆਲਾ, ਲੁਧਿਆਣਾ ਅਤੇ ਐਸਏਐਸ ਨਗਰ ਦੀਆਂ ਟੀਮਾਂ ਨੂੰ ਸਨਮਾਨਿਤ ਕੀਤਾ। ਇਸ ਤੋਂ ਪਹਿਲਾਂ ਰਾਸ਼ਟਰਮੰਡਲ ਖੇਡਾਂ ਦੇ ਚਾਂਦੀ ਦਾ ਤਗਮਾ ਜੇਤੂ ਵੇਟਲਿਫਟਰ ਵਿਕਾਸ ਠਾਕੁਰ ਨੇ ਮੁੱਖ ਮੰਤਰੀ ਨੂੰ ਖੇਡਾਂ ਦਾ ਝੰਡਾ ਸੌਂਪਿਆ। ਇਸ ਮੌਕੇ ਕੁਲਵਿੰਦਰ ਬਿੱਲਾ, ਪਰੀ ਪੰਧੇਰ ਅਤੇ ਅਰਮਾਨ ਢਿੱਲੋਂ ਨੇ ਆਪਣੇ ਗੀਤਾਂ ਰਾਹੀਂ ਸਰੋਤਿਆਂ ਦਾ ਮਨੋਰੰਜਨ ਕੀਤਾ। ਖੇਡਾਂ ਦੇ ਸਮਾਪਤੀ ਮੌਕੇ ਗਿੱਧੇ ਤੇ ਭੰਗੜੀ ਦੀ ਪੇਸ਼ਕਾਰੀ ਵੀ ਖਿੱਚ ਦਾ ਕੇਂਦਰ ਰਹੀ।