ਅਕਾਲੀ ਦਲ ਨੇ ਕੇਜਰੀਵਾਲ ਦਾ ਅਸਤੀਫ਼ਾ ਤੇ ਸਤਿੰਦਰ ਜੈਨ ਦੀ ਬਰਖ਼ਾਸਤਗੀ ਮੰਗੀ

ਅਕਾਲੀ ਦਲ ਨੇ ਕੇਜਰੀਵਾਲ ਦਾ ਅਸਤੀਫ਼ਾ ਤੇ ਸਤਿੰਦਰ ਜੈਨ ਦੀ ਬਰਖ਼ਾਸਤਗੀ ਮੰਗੀ

ਚੰਡੀਗੜ੍ਹ- ਪੰਜਾਬ ਦੇ ਸਾਬਕਾ ਮੰਤਰੀ ਤੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਇੱਥੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਦਿੱਲੀ ਅਤੇ ਪੰਜਾਬ ਦੀਆਂ ਜੇਲ੍ਹਾਂ ਵਿੱਚ ਅਪਰਾਧੀਆਂ ਦੇ ਗੱਠਜੋੜ ਦੀ ਪੁਸ਼ਤਪਨਾਹੀ ਕਰਨ ਦਾ ਦੋਸ਼ ਲਾਇਆ ਹੈ। ਉਨ੍ਹਾਂ ਕੇਂਦਰ ਸਰਕਾਰ ਅਤੇ ਸੁਪਰੀਮ ਕੋਰਟ ਤੇ ਹਾਈ ਕੋਰਟ ਨੂੰ ਇਸ ਮਾਮਲੇ ਦਾ ਨੋਟਿਸ ਲੈਣ ਦੀ ਅਪੀਲ ਕੀਤੀ ਹੈ।

ਦਿੱਲੀ ਦੇ ਜੇਲ੍ਹ ਮੰਤਰੀ ਵੱਲੋਂ ਜੇਲ੍ਹ ਵਿੱਚ ਮਾਲਿਸ਼ ਕਰਵਾਏ ਜਾਣ ਦੀ ਵੀਡੀਓ ਦਿਖਾਉਂਦਿਆਂ ਸ੍ਰੀ ਮਜੀਠੀਆ ਨੇ ਮੰਗ ਕੀਤੀ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਪਣਾ ਅਸਤੀਫ਼ਾ ਦੇਣ ਅਤੇ ਜੇਲ੍ਹ ਮੰਤਰੀ ਸਤਿੰਦਰ ਜੈਨ ਨੂੰ ਤੁਰੰਤ ਬਰਖਾਸਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮੰਤਰੀ ਨੂੰ ਦਿੱਤੇ ਜਾ ਰਹੇ ਵੀਆਈਪੀ ਟਰੀਟਮੈਂਟ ਦੀ ਵੀਡੀਓ ਤੋਂ ਸਪੱਸ਼ਟ ਹੈ ਕਿ ਲਾਰੈਂਸ ਬਿਸ਼ਨੋਈ ਤੇ ਜੱਗੂ ਭਗਵਾਨਪੁਰੀਆ ਵਰਗੇ ਖਤਰਨਾਕ ਅਪਰਾਧੀ ਕਿਉਂ ਤਿਹਾੜ ਜੇਲ੍ਹ ਵਿੱਚ ਸ਼ਰਨ ਲੈਣ ਨੂੰ ਤਰਜੀਹ ਦਿੰਦੇ ਹਨ।

ਰਾਜਪਾਲ ਤੋਂ ਵੱਖਰੀ ਵਿਧਾਨ ਸਭਾ ਬਾਰੇ ਹਰਿਆਣਾ ਦੀ ਅਪੀਲ ਨਾਮਨਜ਼ੂਰ ਕਰਨ ਦੀ ਮੰਗ

ਹਰਿਆਣਾ ਵਿਧਾਨ ਸਭਾ ਦੇ ਸਪੀਕਰ ਵੱਲੋਂ ਪੰਜਾਬ ਦੇ ਰਾਜਪਾਲ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ ਹਰਿਆਣਾ ਨੂੰ ਵੱਖਰੀ ਥਾਂ ਮੁਹੱਈਆ ਕਰਵਾਏ ਜਾਣ ਦੀ ਅਪੀਲ ਕਰਨ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਸ੍ਰੀ ਮਜੀਠੀਆ ਨੇ ਪੰਜਾਬ ਦੇ ਰਾਜਪਾਲ ਨੂੰ ਅਪੀਲ ਕੀਤੀ ਕਿ ਉਹ ਮਾਮਲੇ ਦੀ ਸੰਜੀਦਗੀ ਨੂੰ ਸਮਝਣ ਅਤੇ ਅਜਿਹੀ ਕੋਈ ਵੀ ਅਪੀਲ ਮਨਜ਼ੂਰ ਨਾ ਕਰਨ। ਇਸ ਮਾਮਲੇ ’ਚ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨ ਵਿੱਚ ਨਾਕਾਮ ਰਹਿਣ ’ਤੇ ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਵੀ ਨਿਖੇਧੀ ਕੀਤੀ ਹੈ।