ਵਿਦੇਸ਼ ’ਚ ਬੈਠੇ ਗੈਂਗਸਟਰਾਂ ਨੂੰ ਭਾਰਤ ਲਿਆਉਣ ਲਈ ਇੰਟਰਪੋਲ ਨਾਲ ਰਾਬਤਾ: ਡੀਜੀਪੀ

ਵਿਦੇਸ਼ ’ਚ ਬੈਠੇ ਗੈਂਗਸਟਰਾਂ ਨੂੰ ਭਾਰਤ ਲਿਆਉਣ ਲਈ ਇੰਟਰਪੋਲ ਨਾਲ ਰਾਬਤਾ: ਡੀਜੀਪੀ

ਪੁਲੀਸ ਮੁਖੀ ਨੇ ਨਸ਼ਿਆਂ ਨੂੰ ਠੱਲ੍ਹਣ ਲਈ ਲੋਕਾਂ ਤੋਂ ਸਹਿਯੋਗ ਮੰਗਿਆ

ਤਰਨ ਤਾਰਨ – ਡਾਇਰੈਕਟਰ ਜਨਰਲ ਆਫ਼ ਪੁਲੀਸ ਗੌਰਵ ਯਾਦਵ ਨੇ ਸੂਬੇ ਅੰਦਰ ਵੱਧ ਰਹੇ ਨਸ਼ਿਆਂ ਦੇ ਰੁਝਾਨ ਨੂੰ ਠੱਲ੍ਹਣ ’ਤੇ ਜ਼ੋਰ ਦਿੰਦਿਆਂ ਲੋਕਾਂ ਕੋਲੋਂ ਸਹਿਯੋਗ ਮੰਗਿਆ ਹੈ। ਉਨ੍ਹਾਂ ਮੰਨਿਆ ਕਿ ਸੂਬੇ ਵਿਚ ਨਸ਼ੇ ਵਧ ਗਏ ਹਨ ਪਰ ਨਾਲ ਹੀ ਕਿਹਾ ਕਿ ਨਸ਼ੇ ਖਤਮ ਕਰਨ ਲਈ ਪੁਲੀਸ ਦ੍ਰਿੜ੍ਹ ਹੈ। ਡੀਜੀਪੀ ਨੇ ਕਿਹਾ ਕਿ ਪੁਲੀਸ ਗੈਂਗਸਟਰਾਂ ਅਤੇ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਦ੍ਰਿੜ੍ਹ ਸੰਕਲਪ ਹੈ ਤੇ ਪੁਲੀਸ ਛੋਟੇ-ਮੋਟੇ ਅਪਰਾਧ ਕਰਨ ਵਾਲੇ ਗੈਂਗਸਟਰਾਂ ਨੂੰ ਮੁੱਖ ਧਾਰਾ ਵਿੱਚ ਵਾਪਸ ਲਿਆਉਣ ਦੇ ਯਤਨ ਕਰੇਗੀ|

ਉਨ੍ਹਾਂ ਬੀਸੀਐੱਫ਼ ਦੇ ਅਧਿਕਾਰ ਖੇਤਰ ਨੂੰ ਵਧਾਉਣ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਪੁਲੀਸ ਬੀਐਸਐਫ਼ ਨਾਲ ਮਿਲ ਕੇ ਪਾਕਿਸਤਾਨ ਵੱਲੋਂ ਆਉਂਦੇ ਨਸ਼ਿਆਂ ਅਤੇ ਹਥਿਆਰਾਂ ਖ਼ਿਲਾਫ਼ ਸਖਤੀ ਕਰੇਗੀ| ਉਨ੍ਹਾਂ ਵਿਦੇਸ਼ਾਂ ਵਿੱਚ ਬੈਠੇ ਗੈਂਗਸਟਰਾਂ ਨੂੰ ਦੇਸ਼ ਵਾਪਸ ਲਿਆਉਣ ਲਈ ਰੈੱਡ ਕਾਰਨਰ ਨੋਟਿਸ ਜਾਰੀ ਕਰਨ ਬਾਰੇ ਦੱਸਦਿਆਂ ਕਿਹਾ ਕਿ ਇਸ ਸਬੰਧੀ ਭਾਰਤ ਸਰਕਾਰ ਅਤੇ ਇੰਟਰਪੋਲ ਨਾਲ ਰਾਬਤਾ ਵੀ ਕਾਇਮ ਕੀਤਾ ਜਾ ਰਿਹਾ ਹੈ| ਇਸ ਮੌਕੇ ਡੀਜੀਪੀ (ਫਿਰੋਜ਼ਪੁਰ ਰੇਂਜ) ਰਣਜੀਤ ਸਿੰਘ ਢਿੱਲੋਂ, ਐੱਸਐੱਸਪੀ ਤਰਨ ਤਾਰਨ (ਵਾਧੂ ਚਾਰਜ) ਸੁਖਮਿੰਦਰ ਸਿੰਘ ਮਾਨ ਸਮੇਤ ਜ਼ਿਲ੍ਹੇ ਦੇ ਹੋਰ ਉੱਚ ਅਧਿਕਾਰੀ ਵੀ ਮੌਜੂਦ ਸਨ। ਸ੍ਰੀ ਯਾਦਵ ਨੇ ਪਾਕਿਸਤਾਨ ਵਿੱਚ ਰਹਿੰਦੇ ਅਤਿਵਾਦੀ ਹਰਵਿੰਦਰ ਸਿੰਘ ਰਿੰਦਾ ਅਤੇ ਗੈਂਗਸਟਰ ਹੈਪੀ ਸੰਘੇੜਾ ਦੇ ਮਾਰੇ ਜਾਣ ਬਾਰੇ ਕਿਹਾ ਕਿ ਇਸ ਸਬੰਧੀ ਪੰਜਾਬ ਪੁਲੀਸ ਕੋਲੋਂ ਕੋਈ ਅਧਿਕਾਰਤ ਜਾਣਕਾਰੀ ਨਹੀਂ ਹੈ| ਉਨ੍ਹਾਂ ਨਸ਼ਿਆਂ ਖਿਲਾਫ਼ ਪੁਲੀਸ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੁਲੀਸ ਨੇ ਇਸ ਸਾਲ 500 ਕਿਲੋਗਰਾਮ ਹੈਰੋਇਨ ਬਰਾਮਦ ਕੀਤੀ ਹੈ ਅਤੇ ਪੰਜਾਬ ਪੁਲੀਸ ਨੇ ਗੁਜਰਾਤ ਸਮੇਤ ਹੋਰਨਾਂ ਥਾਵਾਂ ’ਤੇ ਜਾ ਕੇ ਵੀ ਹੈਰੋਇਨ ਬਰਾਮਦ ਕੀਤੀ ਹੈ|