‘ਡਬਲ ਇੰਜਣ’ ਵਾਲੀਆਂ ਸਰਕਾਰਾਂ ਦੇ ਰਾਜਾਂ ’ਚ ਮਿਲ ਰਿਹੈ ਲਾਭ: ਮੋਦੀ

‘ਡਬਲ ਇੰਜਣ’ ਵਾਲੀਆਂ ਸਰਕਾਰਾਂ ਦੇ ਰਾਜਾਂ ’ਚ ਮਿਲ ਰਿਹੈ ਲਾਭ: ਮੋਦੀ

ਪ੍ਰਧਾਨ ਮੰਤਰੀ ਨੇ 71 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ; ਕੇਂਦਰ ਸਰਕਾਰ ਨੇ ਦੂਜਾ ਰੁਜ਼ਗਾਰ ਮੇਲਾ ਲਾਇਆ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ 71 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦੇ ਨਿਯੁਕਤੀ ਪੱਤਰ ਵੰਡੇ ਤੇ ਕਿਹਾ ਕਿ ਅਜਿਹੀਆਂ ਮੁਹਿੰਮਾਂ ਪਿਛਲੇ ਇੱਕ ਮਹੀਨੇ ਤੋਂ ਐੱਨਡੀਏ ਦੀਆਂ ਸਰਕਾਰਾਂ ਦੀ ਅਗਵਾਈ ਵਾਲੇ ਰਾਜਾਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ’ਚ ਚੱਲ ਰਹੀਆਂ ਹਨ।

ਉਨ੍ਹਾਂ ਕੇਂਦਰ ਸਰਕਾਰ ਵੱਲੋਂ ਲਾਏ ਗਏ ਦੂਜੇ ਰੁਜ਼ਗਾਰ ਮੇਲੇ ਨੂੰ ਸੰਬੋਧਨ ਕਰਦਿਆਂ ਕਿਹਾ, ‘ਡਬਲ ਇੰਜਣ ਸਰਕਾਰਾਂ ਦੇ ਇਹੀ ਫਾਇਦੇ ਹਨ। ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡਣ ਦਾ ਸਿਲਸਿਲਾ ਇਸੇ ਤਰ੍ਹਾਂ ਜਾਰੀ ਰਹੇਗਾ।’ ਪ੍ਰਧਾਨ ਮੰਤਰੀ ਨੇ ਅੱਜ ਕੁੱਲ 71,056 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਗੁਜਰਾਤ ਤੇ ਹਿਮਾਚਲ ਪ੍ਰਦੇਸ਼ ਨੂੰ ਛੱਡ ਕੇ ਦੇਸ਼ ਦੀਆਂ 45 ਥਾਵਾਂ ’ਤੇ ਇਹ ਨਿਯੁਕਤੀ ਪੱਤਰ ਵੰਡੇ ਗਏ ਹਨ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਐੱਨਡੀਏ ਦੀਆਂ ਸਰਕਾਰਾਂ ਦੀ ਅਗਵਾਈ ਵਾਲੇ ਰਾਜਾਂ ’ਚ ਸਿਰਫ਼ ਪਿਛਲੇ ਇੱਕ ਮਹੀਨੇ ਅੰਦਰ ਹਜ਼ਾਰਾਂ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਹਨ। ਉਨ੍ਹਾਂ ਕਿਹਾ, ‘ਪਿਛਲੇ ਇੱਕ ਮਹੀਨੇ ਅੰਦਰ ਸਿਰਫ਼ ਮਹਾਰਾਸ਼ਟਰ ਤੇ ਗੁਜਰਾਤ ਨੇ ਹਜ਼ਾਰਾਂ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਹਨ। ਕੁਝ ਦਿਨ ਪਹਿਲਾਂ ਹੀ ਉੱਤਰ ਪ੍ਰਦੇਸ਼ ਸਰਕਾਰ ਨੇ ਵੀ ਨਿਯੁਕਤੀ ਪੱਤਰ ਸੌਂਪੇ। ਜੰਮੂ ਕਸ਼ਮੀਰ, ਲੱਦਾਖ, ਅੰਡੇਮਾਨ ਤੇ ਨਿਕੋਬਾਰ ਦੀਪ ਸਮੂਹ, ਲਕਸ਼ਦੀਪ, ਦਾਦਰਾ ਤੇ ਨਗਰ ਹਵੇਲੀ, ਦਮਨ ਤੇ ਦੀਊ ਅਤੇ ਚੰਡੀਗੜ੍ਹ ’ਚ ਵੀ ਰੁਜ਼ਗਾਰ ਮੇਲੇ ਲਾਏ ਗਏ ਅਤੇ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ।’

ਪ੍ਰਧਾਨ ਮੰਤਰੀ ਨੇ ਕਿਹਾ ਕਿ ਇਨ੍ਹਾਂ ਰੁਜ਼ਗਾਰ ਮੇਲਿਆਂ ਤੋਂ ਸਾਬਤ ਹੁੰਦਾ ਹੈ ਕਿ ਉਨ੍ਹਾਂ ਦੀ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਜੰਗੀ ਪੱਧਰ ’ਤੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਨੌਜਵਾਨ ਦੇਸ਼ ਦੀ ਸਭ ਤੋਂ ਵੱਡੀ ਤਾਕਤ ਹਨ ਤੇ ਨੌਜਵਾਨਾਂ ਦੇ ਹੁਨਰ ਨੂੰ ਦੇਸ਼ ਲਈ ਵਰਤਣ ਲਈ ਸਰਕਾਰ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਜ਼ਿਕਰਯੋਗ ਹੈ ਕਿ ਅਕਤੂਬਰ ਮਹੀਨੇ ਸਰਕਾਰ ਨੇ 75 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ ਸਨ।