ਡੱਲੇਵਾਲ ਨਾਲ ਗੱਲਬਾਤ ਤੋਂ ਟਾਲਾ ਵੱਟਣ ਲੱਗੀ ਸਰਕਾਰ

ਡੱਲੇਵਾਲ ਨਾਲ ਗੱਲਬਾਤ ਤੋਂ ਟਾਲਾ ਵੱਟਣ ਲੱਗੀ ਸਰਕਾਰ

ਯੂਥ ਅਕਾਲੀ ਦਲ ਦੇ ਸੂਬਾ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਵੱਲੋਂ ਧਰਨੇ ’ਚ ਸ਼ਮੂਲੀਅਤ
ਫ਼ਰੀਦਕੋਟ- ਨੈਸ਼ਨਲ ਹਾਈਵੇ-54 ਨੂੰ ਜਾਮ ਕਰ ਕੇ ਪਿਛਲੇ ਪੰਜ ਦਿਨਾਂ ਤੋਂ ਧਰਨੇ ’ਤੇ ਬੈਠੇ ਕਿਸਾਨਾਂ ਨਾਲ ਪੰਜਾਬ ਸਰਕਾਰ ਗੱਲਬਾਤ ਕਰਨ ਤੋਂ ਟਾਲਾ ਵੱਟ ਰਹੀ ਹੈ। ਅੱਜ 5ਵੇਂ ਦਿਨ ਵੀ ਪੰਜਾਬ ਸਰਕਾਰ ਨੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਗੱਲਬਾਤ ਦਾ ਸੱਦਾ ਨਹੀਂ ਦਿੱਤਾ। ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਕਿਸਾਨੀ ਮੰਗਾਂ ਮੰਨਵਾਉਣ ਲਈ ਮਰਨ ਵਰਤ ਉੱਪਰ ਬੈਠੇ ਹੋਏ ਹਨ। ਉਨ੍ਹਾਂ ਦੀ ਸਿਹਤ ਕਾਫ਼ੀ ਕਮਜ਼ੋਰ ਹੋ ਗਈ ਹੈ। ਇਸ ਦੌਰਾਨ ਪੰਜਾਬ ਪੁਲੀਸ ਦੇ ਉੱਚ ਅਧਿਕਾਰੀਆਂ ਨੇ ਧਰਨੇ ਵਾਲੀ ਥਾਂ ਦਾ ਦੌਰਾ ਕੀਤਾ ਪਰ ਇਨ੍ਹਾਂ ਅਧਿਕਾਰੀਆਂ ਨੇ ਕਿਸਾਨੀ ਮੰਗਾਂ ਬਾਰੇ ਕੋਈ ਗੱਲਬਾਤ ਨਹੀਂ ਕੀਤੀ।

ਅੱਜ ਯੂਥ ਅਕਾਲੀ ਦਲ ਦੇ ਸੂਬਾ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਕਿਸਾਨਾਂ ਦੇ ਧਰਨੇ ਵਿੱਚ ਸ਼ਮੂਲੀਅਤ ਕੀਤੀ। ਉਨ੍ਹਾਂ ਭਰੋਸਾ ਦਿੱਤਾ ਕਿ ਅਕਾਲੀ ਦਲ ਕਿਸਾਨਾਂ ਦੇ ਅੰਦੋਲਨ ਦੀ ਹਮਾਇਤ ਕਰਦਾ ਹੈ। ਹਫ਼ਤੇ ਬਾਅਦ ਵੀ ਗੱਲਬਾਤ ਦਾ ਦੌਰ ਸ਼ੁਰੂ ਨਾ ਹੋਣ ’ਤੇ ਚਿੰਤਾ ਜ਼ਾਹਿਰ ਕਰਦਿਆਂ ਬੰਟੀ ਰੋਮਾਣਾ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਪ੍ਰਤੀ ਸੰਵੇਦਨਸ਼ੀਲ ਨਹੀਂ ਹੈ। ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਉਹ ਕਿਸਾਨੀ ਮੰਗਾਂ ਬਾਰੇ ਹਮੇਸ਼ਾ ਗੱਲਬਾਤ ਕਰਨ ਲਈ ਤਿਆਰ ਹਨ ਪਰ ਮੰਗਾਂ ਪੂਰੀਆਂ ਹੋਣ ਤੱਕ ਸੰਘਰਸ਼ ਵਾਪਸ ਨਹੀਂ ਲਿਆ ਜਾਵੇਗਾ। ਜ਼ਿਕਰਯੋਗ ਹੈ ਕਿ ਇੱਕ ਦਿਨ ਪਹਿਲਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ਲਈ ਆਏ ਸਨ। ਇਸ ਮੁਲਾਕਾਤ ਤੋਂ ਬਾਅਦ ਡੱਲੇਵਾਲ ਨੇ ਕਿਹਾ ਕਿ ਕੁਲਤਾਰ ਸਿੰਘ ਸੰਧਵਾਂ ਪੰਜਾਬ ਸਰਕਾਰ ਦੀ ਤਰਫੋਂ ਨਹੀਂ ਬਲਕਿ ਇਲਾਕੇ ਨਾਲ ਸਬੰਧਤ ਹੋਣ ਕਰ ਕੇ ਉਨ੍ਹਾਂ ਦੀ ਸਿਹਤ ਬਾਰੇ ਹਾਲ-ਚਾਲ ਪੁੱਛਣ ਆਏ ਸਨ। ਹਾਈਵੇਅ ਜਾਮ ਹੋਣ ਕਾਰਨ ਅੰਦੋਲਨ ਕਰ ਰਹੇ ਕਿਸਾਨਾਂ, ਰਾਹਗੀਰਾਂ ਅਤੇ ਆਸ-ਪਾਸ ਦੇ ਲੋਕਾਂ ਵਿੱਚ ਵੀ ਟਕਰਾਅ ਵਧਣ ਦੀਆਂ ਸੰਭਾਵਨਾਵਾਂ ਵਧ ਰਹੀਆਂ ਹਨ। ਹਾਈਵੇਅ ਜਾਮ ਹੋਣ ਨਾਲ ਤਿੰਨ ਸੂਬਿਆਂ ਦਾ ਭਾਰੀ ਟਰੈਫਿਕ ਪ੍ਰਭਾਵਿਤ ਹੋ ਰਿਹਾ ਹੈ। ਕਿਸਾਨਾਂ ਦੇ ਇਸ ਚੱਕਾ ਜਾਮ ਦੀ ਹਮਾਇਤ ਵਿੱਚ ਕੌਮੀ ਕਿਸਾਨ ਆਗੂ ਰਾਕੇਸ਼ ਡਿਕੈਤ ਨੇ ਵੀ ਧਰਨੇ ਵਿੱਚ ਸ਼ਮੂਲੀਅਤ ਕਰਨੀ ਸੀ ਪਰ ਐਨ ਸਮੇਂ ’ਤੇ ਉਨ੍ਹਾਂ ਦੇ ਆਉਣ ਦਾ ਪ੍ਰੋਗਰਾਮ ਰੱਦ ਹੋ ਗਿਆ।